ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਅੱਜ ਸਿਵਲ ਸਰਜਨ ਦਫ਼ਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਸਿਹਤ ਬਲਾਕ ਬਲਾਚੌਰ ਅਧੀਨ ਆਮ ਆਦਮੀ ਕਲੀਨਕ, ਪਨਿਆਲੀ ਦੇ ਨਵੇਂ ਮੈਡੀਕਲ ਅਫਸਰ ਡਾ. ਰਿਤਿਕਾ ਚੰਦੇਲ ਨੂੰ ਇੰਮਪੈਨਲਮੈੰਟ ਪੱਤਰ ਸੌਂਪਿਆ।
ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਆਮ ਲੋਕਾਂ ਨੂੰ ਉੱਚ ਮਿਆਰੀ ਅਤੇ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ, ਜਿੱਥੇ ਮਰੀਜ਼ਾਂ ਨੂੰ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਮੁਫ਼ਤ ਇਲਾਜ ਦੀ ਸੁਵਿਧਾ ਪ੍ਰਦਾਨ ਕੀਤੀ ਜਾ ਰਹੀ ਹੈ।
ਡਾ. ਗੁਰਿੰਦਰਜੀਤ ਸਿੰਘ ਨੇ ਡਾ. ਰਿਤਿਕਾ ਚੰਦੇਲ ਨੂੰ ਆਪਣੀਆਂ ਜ਼ਿੰਮੇਵਾਰੀਆਂ ਇਮਾਨਦਾਰੀ, ਨਿਸ਼ਠਾ ਅਤੇ ਮਰੀਜ਼-ਮਿੱਤਰ ਭਾਵਨਾ ਨਾਲ ਨਿਭਾਉਣ ਦੀ ਹਦਾਇਤ ਵੀ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ ਰੋਜ਼ਾਨਾ ਆਉਣ ਵਾਲੇ ਮਰੀਜ਼ਾਂ ਨੂੰ ਸਮੇਂ ਸਿਰ ਇਲਾਜ, ਮੁਫ਼ਤ ਦਵਾਈਆਂ ਅਤੇ ਲੈਬ ਟੈਸਟਾਂ ਦੀ ਸੁਵਿਧਾ ਮੁਹੱਈਆ ਕਰਵਾਉਣਾ ਸਰਕਾਰ ਦੀ ਪ੍ਰਾਥਮਿਕਤਾ ਹੈ।
ਉਨ੍ਹਾਂ ਹੋਰ ਕਿਹਾ ਕਿ ਨਵੇਂ ਮੈਡੀਕਲ ਅਫਸਰ ਦੀ ਤਾਇਨਾਤੀ ਨਾਲ ਇਲਾਕੇ ਦੇ ਲੋਕਾਂ ਨੂੰ ਹੋਰ ਵਧੀਆ ਅਤੇ ਪ੍ਰਭਾਵਸ਼ਾਲੀ ਸਿਹਤ ਸੇਵਾਵਾਂ ਮਿਲਣਗੀਆਂ ਅਤੇ ਸਿਹਤ ਵਿਭਾਗ ’ਤੇ ਲੋਕਾਂ ਦਾ ਭਰੋਸਾ ਹੋਰ ਮਜ਼ਬੂਤ ਹੋਵੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ