ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਢਲਾ ਸਿਹਤ ਕੇਂਦਰ, ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਯੋਗ ਰਹਿਨੁਮਾਈ ਹੇਠ ਸਬਸਿਡਰੀ ਸਿਹਤ ਕੇਂਦਰ, ਕਰਿਆਮ ਵਿਖੇ ਲੰਘੇ ਦਿਨੀਂ ਬੇਟੀ ਬਚਾਓ ਬੇਟੀ ਪੜ੍ਹਾਓ ਪ੍ਰੋਗਰਾਮ ਕਰਵਾਇਆ ਗਿਆ।
ਇਸ ਮੌਕੇ ਮੈਡੀਕਲ ਅਫਸਰ ਡਾ. ਕਰੁਨਾ ਨੇ ਆਮ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਸਮਾਜ ਨੂੰ ਭਰੂਣ ਹੱਤਿਆ ਰੋਕਣ ਤੇ ਲੜਕੀਆਂ ਨੂੰ ਲੜਕਿਆਂ ਦੇ ਬਰਾਬਰ ਸਮਝਣ ਦਾ ਸੱਦਾ ਦਿੱਤਾ। ਉਨ੍ਹਾਂ ਆਮ ਲੋਕਾਂ ਨੂੰ ਭਰੂਣ ਹੱਤਿਆ, ਬਾਲ ਵਿਆਹ ਤੇ ਘਰੇਲੂ ਹਿੰਸਾ ਆਦਿ ਬਾਰੇ ਜਾਗਰੂਕ ਕੀਤਾ। ਉਨ੍ਹਾਂ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਭਰੂਣ ਹੱਤਿਆ ਰੋਕਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਲਿੰਗ ਅਨੁਪਾਤ ਵਿੱਚ ਸੁਧਾਰ ਲਈ ਸਮਾਜ ਦੀ ਮਾਨਸਿਕਤਾ ਨੂੰ ਬਦਲਣਾ ਸਮੇਂ ਦੀ ਲੋੜ ਹੈ। ਇੱਕ ਬੱਚੀ ਨੂੰ ਗਰਭ ਵਿੱਚ ਮਾਰਨ ਤੋਂ ਵੱਡਾ ਹੋਰ ਕੋਈ ਅਪਰਾਧ ਨਹੀਂ ਹੈ।
ਇਸ ਮੌਕੇ ਬਲਾਕ ਐਕਸਟੈਂਸ਼ਨ ਐਜੂਕੇਟਰ ਮਨਿੰਦਰ ਸਿੰਘ ਨੇ ਆਮ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਸਮਾਜ ਅੰਦਰ ਫੈਲੀਆਂ ਭਰੂਣ ਹੱਤਿਆ ਵਰਗੀਆਂ ਕੁਰੀਤੀਆਂ ਮਿਟਾਉਣ ਅਤੇ ਲੜਕੀਆਂ ਦੀ ਪੜ੍ਹਾਈ 'ਤੇ ਜ਼ੋਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੀ ਸੋਚ ਬਦਲਦਿਆਂ ਲੜਕੀਆਂ ਨੂੰ ਲੜਕਿਆਂ ਦੇ ਬਰਾਬਰ ਸਮਝਣਾ ਚਾਹੀਦਾ ਹੈ। ਉਨ੍ਹਾਂ ਪੀ.ਐਨ.ਡੀ.ਟੀ. ਐਕਟ ਬਾਰੇ ਦੱਸਿਆ ਕਿ ਗਰਭ 'ਚ ਪਲ ਰਹੇ ਬੱਚੇ ਦਾ ਲਿੰਗ ਪਤਾ ਕਰਨ ਤੇ ਭਰੂਣ ਹੱਤਿਆ ਕਰਨਾ ਨਾ ਸਿਰਫ਼ ਸਜ਼ਾਯੋਗ ਅਪਰਾਧ ਹੈ, ਬਲਕਿ ਇਹ ਇਕ ਮਹਾਂ ਪਾਪ ਹੈ। ਉਨ੍ਹਾਂ ਦੱਸਿਆ ਕਿ ਦੇਸ਼ ਦੁਨੀਆ ਦੇ ਇਤਿਹਾਸ ਵਿਚ ਬਹੁਤ ਸਾਰੀਆਂ ਅਜਿਹੀਆਂ ਉਦਾਹਰਣਾਂ ਮਿਲਦੀਆਂ ਹਨ ਜਦੋਂ ਲੜਕੀਆਂ ਤੇ ਮਹਿਲਾਵਾਂ ਨੇ ਦੇਸ਼ ਦਾ ਮਾਣ ਵਧਾਇਆ ਹੈ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਬਾਲੜੀ ਸੁਰੱਖਿਆ ਯੋਜਨਾ, ਜਨਨੀ ਸੁਰੱਖਿਆ ਯੋਜਨਾ, ਪੀ.ਸੀ.-ਪੀ.ਐੱਨ .ਡੀ.ਟੀ. ਐਕਟ ਅਤੇ ਹੋਰ ਸੁਵਿਧਾਵਾਂ ਬਾਰੇ ਜਾਗਰੂਕ ਕੀਤਾ।