ਸੁਖਬੀਰ ਸਿੰਘ ਬਾਦਲ ਨੇ ਪੱਛਮੀ ਏਸ਼ੀਆ ਵਿੱਚ ਵੱਧ ਰਹੇ ਤਣਾਅ ਨੂੰ ਲੈ ਕੇ ਚਿੰਤਾ ਜਤਾਉਂਦਿਆਂ ਕਿਹਾ ਕਿ ਈਰਾਨ ਅਤੇ ਇਜ਼ਰਾਈਲ ਵਿਚਕਾਰ ਬਣੀ ਜੰਗੀ ਸਥਿਤੀ ਭਾਰਤੀਆਂ ਲਈ ਗੰਭੀਰ ਸੁਰੱਖਿਆ ਚੁਣੌਤੀ ਬਣ ਸਕਦੀ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਵਿਦੇਸ਼ਾਂ ਵਿੱਚ ਫਸੇ ਭਾਰਤੀ ਨਾਗਰਿਕਾਂ ਦੀ ਸੁਰੱਖਿਅਤ ਵਾਪਸੀ ਲਈ ਤੁਰੰਤ ਅਤੇ ਸੁਚੱਜੀ ਯੋਜਨਾ ਬਣਾਈ ਜਾਵੇ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸੰਕਟਕਾਲੀਨ ਹਾਲਾਤਾਂ ਵਿੱਚ ਸਰਕਾਰ ਨੂੰ ਮਨੁੱਖੀ ਜੀਵਨ ਦੀ ਰੱਖਿਆ ਨੂੰ ਸਭ ਤੋਂ ਵੱਡੀ ਤਰਜੀਹ ਦੇਣੀ ਚਾਹੀਦੀ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਵਿਦੇਸ਼ਾਂ ਵਿੱਚ ਰਹਿੰਦੇ ਭਾਰਤੀਆਂ ਦੀ ਜਾਨ ਬਚਾਉਣਾ ਸਰਕਾਰ ਦਾ ਪਹਿਲਾ ਫ਼ਰਜ਼ ਹੈ ਅਤੇ ਇਸ ਲਈ ਡਿਪਲੋਮੈਟਿਕ ਤੇ ਲਾਜਿਸਟਿਕ ਦੋਵੇਂ ਪੱਧਰਾਂ ‘ਤੇ ਤੁਰੰਤ ਕਾਰਵਾਈ ਲੋੜੀਂਦੀ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਉਨ੍ਹਾਂ ਨੇ ਇਸ ਮਾਮਲੇ ‘ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਸਥਿਤੀ ਦੀ ਗੰਭੀਰਤਾ ਬਾਰੇ ਅਗਾਹ ਕੀਤਾ ਹੈ ਅਤੇ ਬਚਾਵ ਮੁਹਿੰਮ ਨੂੰ ਤੇਜ਼ ਕਰਨ ਦੀ ਮੰਗ ਕੀਤੀ ਹੈ।
ਬਾਦਲ ਨੇ ਕਿਹਾ ਕਿ ਭਾਰਤ ਸਰਕਾਰ ਕੋਲ ਪਿਛਲੇ ਤਜਰਬੇ ਮੌਜੂਦ ਹਨ ਅਤੇ ਉਹਨਾਂ ਦੇ ਆਧਾਰ ‘ਤੇ ਤੇਜ਼ ਅਤੇ ਪ੍ਰਭਾਵਸ਼ਾਲੀ ਰਾਹਤ ਕਾਰਵਾਈ ਕਰਕੇ ਦੇਸ਼ਵਾਸੀਆਂ ਨੂੰ ਸੁਰੱਖਿਅਤ ਘਰ ਵਾਪਸ ਲਿਆਂਦਾ ਜਾ ਸਕਦਾ ਹੈ।