ਦੇਹਰਾਦੂਨ : ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਐਤਵਾਰ ਨੂੰ ਰਾਜ ਵਿੱਚ ਹੈਲੀਕਾਪਟਰ ਸੰਚਾਲਨ ਲਈ ਸਖ਼ਤ ਸਟੈਂਡਰਡ ਓਪਰੇਟਿੰਗ ਪ੍ਰਕਿਰਿਆਵਾਂ (SOPs) ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਇਹ ਨਿਰਦੇਸ਼ ਐਤਵਾਰ ਨੂੰ ਕੇਦਾਰਨਾਥ ਵਿੱਚ ਇੱਕ ਹੈਲੀਕਾਪਟਰ ਦੇ ਹਾਦਸਾਗ੍ਰਸਤ ਹੋਣ ਤੋਂ ਕੁਝ ਘੰਟਿਆਂ ਬਾਅਦ ਦਿੱਤੇ। ਹਾਦਸੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸਖ਼ਤ SOPs ਤਿਆਰ ਕਰਨ ਦੇ ਨਿਰਦੇਸ਼ ਦਿੱਤੇ, ਜਿਸ ਵਿੱਚ ਹੈਲੀਕਾਪਟਰ ਦੀ ਤਕਨੀਕੀ ਸਥਿਤੀ ਦੀ ਪੂਰੀ ਜਾਂਚ ਅਤੇ ਉਡਾਣ ਤੋਂ ਪਹਿਲਾਂ ਸਹੀ ਮੌਸਮ ਦੀ ਜਾਣਕਾਰੀ ਲੈਣਾ ਸ਼ਾਮਲ ਹੈ।
ਇਸ ਲਈ ਉਨ੍ਹਾਂ ਮੁੱਖ ਸਕੱਤਰ ਆਨੰਦ ਵਰਧਨ ਨੂੰ ਤਕਨੀਕੀ ਮਾਹਿਰਾਂ ਦੀ ਇੱਕ ਕਮੇਟੀ ਗਠਿਤ ਕਰਨ ਦੇ ਨਿਰਦੇਸ਼ ਦਿੱਤੇ, ਜੋ ਹੈਲੀ ਸੇਵਾ ਦੇ ਸੰਚਾਲਨ ਦੇ ਸਾਰੇ ਤਕਨੀਕੀ ਅਤੇ ਸੁਰੱਖਿਆ ਪਹਿਲੂਆਂ ਦੀ ਪੂਰੀ ਤਰ੍ਹਾਂ ਸਮੀਖਿਆ ਕਰਨ ਤੋਂ ਬਾਅਦ ਐੱਸਓਪੀ ਤਿਆਰ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਮੇਟੀ ਇਹ ਯਕੀਨੀ ਬਣਾਏਗੀ ਕਿ ਹੈਲੀਕਾਪਟਰ ਸੇਵਾਵਾਂ ਦਾ ਸੰਚਾਲਨ ਪੂਰੀ ਤਰ੍ਹਾਂ ਸੁਰੱਖਿਅਤ, ਪਾਰਦਰਸ਼ੀ ਅਤੇ ਨਿਰਧਾਰਤ ਮਾਪਦੰਡਾਂ ਅਨੁਸਾਰ ਹੋਵੇ। ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਵਿੱਚ ਪਿਛਲੇ ਹੈਲੀਕਾਪਟਰ ਹਾਦਸਿਆਂ ਦੀ ਜਾਂਚ ਲਈ ਬਣਾਈ ਗਈ ਉੱਚ ਪੱਧਰੀ ਕਮੇਟੀ ਐਤਵਾਰ ਨੂੰ ਹੋਏ ਹਾਦਸੇ ਦੇ ਹਰ ਪਹਿਲੂ ਦੀ ਡੂੰਘਾਈ ਨਾਲ ਜਾਂਚ ਕਰੇਗੀ ਅਤੇ ਆਪਣੀ ਰਿਪੋਰਟ ਪੇਸ਼ ਕਰੇਗੀ।
ਧਾਮੀ ਨੇ ਕਿਹਾ ਕਿ ਇਹ ਕਮੇਟੀ ਹਰੇਕ ਹਾਦਸੇ ਦੇ ਕਾਰਨਾਂ ਦੀ ਡੂੰਘਾਈ ਨਾਲ ਜਾਂਚ ਕਰੇਗੀ ਅਤੇ ਦੋਸ਼ੀ ਵਿਅਕਤੀਆਂ ਜਾਂ ਸੰਸਥਾਵਾਂ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਦੀ ਸਿਫ਼ਾਰਸ਼ ਕਰੇਗੀ। ਰਾਜ ਵਿੱਚ ਤੀਰਥ ਯਾਤਰਾ, ਆਫ਼ਤ ਪ੍ਰਬੰਧਨ ਅਤੇ ਐਮਰਜੈਂਸੀ ਸੇਵਾਵਾਂ ਵਿੱਚ ਹੈਲੀਕਾਪਟਰ ਸੇਵਾ ਨੂੰ ਮਹੱਤਵਪੂਰਨ ਦੱਸਦਿਆਂ ਧਾਮੀ ਨੇ ਕਿਹਾ ਕਿ ਇਨ੍ਹਾਂ ਵਿੱਚ ਸੁਰੱਖਿਆ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਵੇਗੀ। ਕੇਦਾਰਨਾਥ ਤੋਂ ਗੁਪਤਕਾਸ਼ੀ ਸ਼ਰਧਾਲੂਆਂ ਨੂੰ ਲੈ ਕੇ ਜਾ ਰਿਹਾ ਇੱਕ ਨਿੱਜੀ ਕੰਪਨੀ ਦਾ ਹੈਲੀਕਾਪਟਰ ਐਤਵਾਰ ਸਵੇਰੇ ਹਾਦਸਾਗ੍ਰਸਤ ਹੋ ਗਿਆ, ਜਿਸ ਵਿੱਚ ਸਵਾਰ ਛੇ ਸ਼ਰਧਾਲੂਆਂ ਸਮੇਤ ਸੱਤ ਲੋਕਾਂ ਦੀ ਮੌਤ ਹੋ ਗਈ। ਜਾਨ ਗੁਆਉਣ ਵਾਲਿਆਂ ਵਿੱਚ ਪਾਇਲਟ ਵੀ ਸ਼ਾਮਲ ਹੈ।