ਜਲੰਧਰ : ਜਲੰਧਰ ਸ਼ਹਿਰ ਵਿਚ ਕਾਨੂੰਨ-ਵਿਵਸਥਾ ਨੂੰ ਹੋਰ ਜ਼ਿਆਦਾ ਮਜ਼ਬੂਤ ਬਣਾਉਣ ਅਤੇ ਪੁਲਸ ਵਿਵਸਥਾ ਨੂੰ ਚੁਸਤ-ਦਰੁਸਤ ਰੱਖਣ ਦੇ ਉਦੇਸ਼ ਨਾਲ ਪੁਲਸ ਕਮਿਸ਼ਨਰ ਜਲੰਧਰ ਸਤਿੰਦਰ ਸਿੰਘ ਨੇ ਦੇਰ ਰਾਤ ਇਕ ਵਾਰ ਫਿਰ ਵੱਖ-ਵੱਖ ਪੁਲਸ ਥਾਣਿਆਂ ਦਾ ਅਚਾਨਕ ਮੁਆਇਨਾ ਕੀਤਾ। ਇਸ ਦੌਰਾਨ ਉਨ੍ਹਾਂ ਥਾਣਿਆਂ ਵਿਚ ਤਾਇਨਾਤ ਪੁਲਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਡਿਊਟੀ ਵਿਵਸਥਾ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਮੁਸਤੈਦੀ ਅਤੇ ਗੰਭੀਰਤਾ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ।
ਪੁਲਸ ਕਮਿਸ਼ਨਰ ਨੇ ਪੁਲਸ ਮੁਲਾਜ਼ਮਾਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਡਿਊਟੀ ਦੌਰਾਨ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਵਿਸ਼ੇਸ਼ ਤੌਰ 'ਤੇ ਅਨੁਸ਼ਾਸਨ ਬਣਾਈ ਰੱਖਣ, ਹਰ ਸਮੇਂ ਚੌਕਸ ਰਹਿਣ, ਸ਼ੱਕੀ ਸਰਗਰਮੀਆਂ ’ਤੇ ਨਜ਼ਰ ਰੱਖਣ ਅਤੇ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰਹਿਣ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੁਲਸ ਮੁਲਾਜ਼ਮਾਂ ਨੂੰ ਆਪਣੇ-ਆਪਣੇ ਇਲਾਕਿਆਂ ਵਿਚ ਲਗਾਤਾਰ ਸਰਗਰਮ ਰਹਿਣਾ ਚਾਹੀਦਾ ਹੈ, ਤਾਂ ਜੋ ਜੁਰਮ ਅਤੇ ਸਮਾਜ ਵਿਰੋਧੀ ਸਰਗਰਮੀਆਂ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਨਕੇਲ ਕੱਸੀ ਜਾ ਸਕੇ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਵੱਲੋਂ ਜਾਰੀ ਨਿਰਦੇਸ਼ਾਂ ਤਹਿਤ ਸੂਬੇ ਭਰ ਵਿਚ ਪੁਲਸ ਨੂੰ ਹਾਈ ਅਲਰਟ ’ਤੇ ਰਹਿਣ ਅਤੇ ਫੀਲਡ ਵਿਚ ਸਰਗਰਮੀ ਵਧਾਉਣ ਲਈ ਕਿਹਾ ਗਿਆ ਹੈ। ਇਨ੍ਹਾਂ ਨਿਰਦੇਸ਼ਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਵਾਉਣ ਲਈ ਪੁਲਸ ਕਮਿਸ਼ਨਰ ਸਤਿੰਦਰ ਸਿੰਘ ਖ਼ੁਦ ਰਾਤ ਦੇ ਸਮੇਂ ਫੀਲਡ ਵਿਚ ਉਤਰ ਕੇ ਪੁਲਸ ਥਾਣਿਆਂ ਅਤੇ ਡਿਊਟੀ ਵਿਵਸਥਾ ਦੀ ਜਾਂਚ ਕਰ ਰਹੇ ਹਨ। ਉਨ੍ਹਾਂ ਦਾ ਇਹ ਅਚਨਚੇਤ ਮੁਆਇਨਾ ਪੁਲਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਪ੍ਰਤੀ ਜਵਾਬਦੇਹ ਬਣਾਉਣ ਅਤੇ ਪੁਲਸਿੰਗ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੀ ਦਿਸ਼ਾ ਵਿਚ ਅਹਿਮ ਕਦਮ ਮੰਨਿਆ ਜਾ ਰਿਹਾ ਹੈ। ਪੁਲਸ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ ਅਧੀਨ ਮੁਲਾਜ਼ਮਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਅਤੇ ਇਲਾਕੇ ਵਿਚ ਪੁਲਸ ਦੀ ਮੌਜੂਦਗੀ ਯਕੀਨੀ ਬਣਾਉਣ।