ਨਵਾਂਸ਼ਹਿਰ (ਮਨੋਰੰਜਨ ਕਾਲੀਆ): ਐੱਸ. ਡੀ. ਐੱਮ., ਨਵਾਂਸ਼ਹਿਰ ਸ੍ਰੀਮਤੀ ਅਨਮਜਯੋਤ ਕੌਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਵਿਖੇ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਹੋਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਐੱਸ. ਡੀ. ਐੱਮ., ਨਵਾਂਸ਼ਹਿਰ ਸ੍ਰੀਮਤੀ ਅਨਮਜਯੋਤ ਕੌਰ ਨੇ ਜ਼ਿਲ੍ਹੇ ਅੰਦਰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਸਮੀਖਿਆ ਕੀਤੀ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਦੀਆਂ ਹਦਾਇਤਾਂ ਕੀਤੀਆਂ।
ਇਸ ਮੌਕੇ ਐੱਸ. ਡੀ. ਐੱਮ., ਨਵਾਂਸ਼ਹਿਰ ਸ੍ਰੀਮਤੀ ਅਨਮਜੋਤ ਕੌਰ ਨੇ ਸਿਹਤ ਅਧਿਕਾਰੀਆਂ ਸਮੇਤ ਵੱਖ-ਵੱਖ ਸਹਿਯੋਗੀ ਵਿਭਾਗਾਂ ਨੂੰ ਜ਼ਿਲ੍ਹੇ ਵਿਚ ਜੀਵਾਣੂਆਂ ਅਤੇ ਦੂਸ਼ਿਤ ਪਾਣੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਮੁਸਤੈਦ ਰਹਿਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਜੀਵਾਣੂਆਂ ਅਤੇ ਦੂਸ਼ਿਤ ਪਾਣੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਜ਼ਿਲ੍ਹੇ ਅੰਦਰ ਸਾਰੇ ਸਹਿਯੋਗੀ ਵਿਭਾਗ ਮਿਲ ਕੇ ਕੰਮ ਕਰਨ। ਉਨ੍ਹਾਂ ਨੇ ਕਿਹਾ ਕਿ ਜੀਵਾਣੂਆਂ ਨਾਲ ਡੇਂਗੂ, ਮਲੇਰੀਆ ਤੇ ਚਿਕਨਗੁਣੀਆ ਅਤੇ ਦੂਸ਼ਿਤ ਪਾਣੀ ਨਾਲ ਦਸਤ, ਉਲਟੀਆਂ, ਹੈਜ਼ਾ, ਪੀਲੀਆ ਵਰਗੀਆਂ ਬਿਮਾਰੀਆਂ ਦੇ ਪ੍ਰਸਾਰ ਨੂੰ ਰੋਕਣ ਲਈ ਅੰਤਰ ਵਿਭਾਗੀ ਸਹਿਯੋਗ ਬਹੁਤ ਜ਼ਰੂਰਤ ਹੈ। ਉਨ੍ਹਾਂ ਇਹ ਵੀ ਕਿਹਾ ਕਿ ਡੇੰਗੂ ਦੀ ਰੋਕਥਾਮ ਲਈ ਹਰ ਸ਼ੁੱਕਰਵਾਰ ਡੇੰਗੂ 'ਤੇ ਵਾਰ ਮੁਹਿੰਮ ਤਹਿਤ ਘਰ-ਘਰ ਸਰਵੇ ਕਰਕੇ ਲਾਰਵਾ ਖ਼ਤਮ ਕੀਤਾ ਜਾਵੇ ਤੇ ਆਮ ਲੋਕਾਂ ਨੂੰ ਲਾਰਵੇ ਦੀ ਪਛਾਣ ਬਾਰੇ ਜਾਗਰੂਕ ਕੀਤਾ। ਉਨ੍ਹਾਂ ਸਿਹਤ ਵਿਭਾਗ ਨੂੰ ਕਿਸੇ ਘਰ ਜਾਂ ਅਦਾਰੇ ਵਿੱਚ ਪਹਿਲੀ ਵਾਰ ਡੇੰਗੂ ਦਾ ਲਾਰਵਾ ਮਿਲਣ 'ਤੇ ਚੇਤਾਵਨੀ ਨੋਟਿਸ ਜਾਰੀ ਕਰਨ ਲਈ ਕਿਹਾ। ਉਨ੍ਹਾਂ ਨਾਲ ਹੀ ਅਰਬਨ ਬਾਡੀ ਤੇ ਪੰਚਾਇਤ ਵਿਭਾਗ ਨੂੰ ਹਦਾਇਤ ਕੀਤੀ ਕਿ ਜੇਕਰ ਕਿਸੇ ਘਰ ਜਾਂ ਅਦਾਰੇ ਵਿੱਚ ਦੂਜੀ ਵਾਰ ਡੇੰਗੂ ਦਾ ਲਾਰਵਾ ਮਿਲਦਾ ਹੈ ਤਾਂ ਉਸਦਾ ਚਲਾਨ ਕੱਟਿਆ ਜਾਵੇ।
ਇਸ ਮੌਕੇ ਉਨ੍ਹਾਂ 100 ਦਿਨਾ ਟੀਬੀ ਮੁਕਤ ਭਾਰਤ ਅਭਿਆਨ ਦੀ ਗੱਲ ਕਰਦਿਆਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਨਵਾਂਸ਼ਹਿਰ ਵਿਚ 100 ਦਿਨਾ ਟੀਬੀ ਮੁਕਤ ਭਾਰਤ ਅਭਿਆਨ ਚਲਾਇਆ ਜਾ ਰਿਹਾ ਹੈ। ਇਸ 100 ਦਿਨਾ ਟੀਬੀ ਮੁਕਤ ਭਾਰਤ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਇਸ ਮੁਹਿੰਮ ਦੌਰਾਨ ਟੀਬੀ ਦੇ ਉਨ੍ਹਾਂ ਸ਼ੱਕੀ ਮਰੀਜ਼ਾਂ ਦੀ ਸਕਰੀਨਿੰਗ ਕੀਤੀ ਜਾਵੇ, ਜਿਨ੍ਹਾਂ ਵਿਚ ਟੀਬੀ ਹੋਣ ਦਾ ਖਤਰਾ ਜ਼ਿਆਦਾ ਹੈ। ਇਸ ਕੈਟਾਗਿਰੀ ਵਿਚ ਸ਼ੂਗਰ ਦੇ ਮਰੀਜ਼, 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗ, ਭੱਠਿਆਂ ਤੇ ਕੰਮ ਕਰਨ ਵਾਲੇ ਮਜ਼ਦੂਰ, ਢਾਬੇ ਤੇ ਅਲਕੋਹਲਿਕ ਵਿਅਕਤੀ ਸ਼ਾਮਲ ਹਨ।
ਉਨ੍ਹਾਂ ਜੱਚਾ ਬੱਚਾ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਬਾਰੇ ਗੱਲ ਕਰਦਿਆਂ ਕਿਹਾ ਕਿ ਮਾਤਰੀ ਮੌਤ ਦਰ ਘਟਾਉਣ ਲਈ ਅਨੀਮੀਆ ਦੀ ਸਕਰੀਨਿੰਗ ਤੇ ਬਲੱਡ ਪ੍ਰੈਸ਼ਰ ਤੇ ਸ਼ੂਗਰ ਦੀ ਜਾਂਚ ਯਕੀਨੀ ਬਣਾਈ ਜਾਵੇ, ਕਿਉਂਕਿ ਇਹ ਮਾਤਰੀ ਮੌਤਾਂ ਦੇ ਪ੍ਰਮੁੱਖ ਕਾਰਨਾਂ ਵਿਚ ਸ਼ਾਮਲ ਹਨ। ਜੋ ਗਰਭਵਤੀ ਔਰਤਾਂ ਹਾਈਰਿਸਕ ਕੈਟਾਗਰੀ ਵਿਚ ਆਉਂਦੀਆਂ ਹਨ, ਉਨ੍ਹਾਂ ਨੂੰ ਬਿਹਤਰ ਇਲਾਜ ਮੁਹੱਈਆ ਕਰਵਾਇਆ ਜਾਵੇ। ਹਰ ਗਰਭਵਤੀ ਔਰਤ ਦੀ 12 ਹਫਤੇ ਦੇ ਅੰਦਰ-ਅੰਦਰ ਰਜਿਸਟ੍ਰੇਸ਼ਨ ਕਰਨੀ ਯਕੀਨੀ ਬਣਾਈ ਜਾਵੇ ਤਾਂ ਜੋ ਉਨ੍ਹਾਂ ਨੂੰ ਟਰੈਕ ਕਰਕੇ ਚਾਰ ਏ.ਐੱਨ.ਸੀ. ਚੈਕਅੱਪ ਮੁਕੰਮਲ ਕਰਵਾਉਣ ਦੇ ਨਾਲ-ਨਾਲ ਹੋਮ ਡਲਿਵਰੀਆਂ ਨੂੰ ਰੋਕਿਆ ਜਾ ਸਕੇ।
ਉਨ੍ਹਾਂ ਅੱਗੇ ਕਿਹਾ ਕਿ ਰਾਸ਼ਟਰੀ ਬਾਲ ਸਵੱਸਥਿਆ ਕਾਰਿਆਕ੍ਰਮ (ਆਰ.ਬੀ.ਐੱਸ.ਕੇ.) ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ। ਸਰਕਾਰੀ ਸਕੂਲਾਂ ਵਿਚ ਪੜ੍ਹਦੇ ਅਤੇ ਆਂਗਣਵਾੜੀਆਂ ਵਿਚ ਰਜਿਸਟਰਡ 0 ਤੋਂ 18 ਸਾਲ ਤੱਕ ਦੇ ਬਿਮਾਰ ਬੱਚਿਆਂ ਦਾ ਸਿਹਤ ਵਿਭਾਗ ਦੀਆਂ ਮੋਬਾਇਲ ਸਿਹਤ ਟੀਮਾਂ ਮਿੱਥੇ ਸਮੇਂ 'ਚ ਇਲਾਜ ਯਕੀਨੀ ਬਣਾਉਣ। ਉਨ੍ਹਾਂ ਨੇ ਬੱਚਿਆਂ ਦੀ ਸਿਹਤ ਸੁਰੱਖਿਆ ਦੀ ਗੱਲ ਕਰਦਿਆਂ ਕਿਹਾ ਕਿ ਸਕੂਲੀ ਬੱਚਿਆਂ ਵਿੱਚ ਅਨੀਮੀਆ ਕਾਰਨ ਸਰੀਰ ਵਿੱਚ ਖੂਨ ਦੀ ਕਮੀ ਹੋ ਜਾਂਦੀ ਹੈ, ਜਿਸ ਕਾਰਨ ਉਨ੍ਹਾਂ ਦੀ ਸਰੀਰਕ ਤੰਦਰੁਸਤੀ ਤੇ ਵਾਧੇ 'ਤੇ ਬਹੁਤ ਮਾੜਾ ਅਸਰ ਪੈਂਦਾ ਹੈ। ਇਸ ਸੱਮਸਿਆ ਨਾਲ ਨਜਿੱਠਣ ਲਈ ਹਰ ਪੱਧਰ 'ਤੇ ਨਿਰੰਤਰ ਉਪਰਾਲੇ ਯਕੀਨੀ ਬਣਾਉਣੇ ਜ਼ਰੂਰੀ ਹਨ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਹਫਤਾਵਰੀ ਆਇਰਨ ਫੋਲਿਕ ਐਸਿਡ ਸਪਲੀਮੈਂਟ ਤਹਿਤ ਸਕੂਲੀ ਬੱਚਿਆਂ ਵਿੱਚ ਖੂਨ ਦੀ ਕਮੀ ਨਾਲ ਨਜਿੱਠਣ ਲਈ ਆਈਰਨ ਤੇ ਫੋਲਿਕ ਐਸਿਡ ਦੀਆਂ ਗੋਲੀਆਂ ਖਵਾ ਕੇ ਪੋਸ਼ਕ ਤੱਤਾਂ ਦੀ ਪੂਰਤੀ ਕੀਤੀ ਜਾਵੇ।
ਯੂਨੀਵਰਸਲ ਟੀਕਾਕਰਨ ਪ੍ਰੋਗਰਾਮ ਅਧੀਨ ਬੱਚਿਆਂ ਦੇ ਟੀਕਾਕਰਨ ਸਬੰਧੀ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਿਚ ਬੱਚਿਆਂ ਦੇ ਟੀਕਾਕਰਨ ਦੀ ਮੌਜੂਦਾ ਸਥਿਤੀ ਬਿਹਤਰ ਹੈ ਪਰ ਫਿਰ ਵੀ ਉੱਚ ਜ਼ੋਖਮ ਵਾਲੇ ਇਲਾਕਿਆਂ ਵਿਚ ਟੀਕਾਕਰਨ ਦੀ ਦਰ ’ਤੇ ਨਜ਼ਰ ਰੱਖੀ ਜਾਵੇ।
ਐੱਸ. ਡੀ. ਐੱਮ. ਨੇ ਇਹ ਵੀ ਕਿਹਾ ਕਿ ਸਕੂਲੀ ਬੱਚਿਆਂ ਵਿੱਚ ਪੌਸ਼ਟਿਕ ਭੋਜਨ ਖਾਣ ਦੀ ਆਦਤ ਨੂੰ ਪ੍ਰਫੁਲਿਤ ਕਰਨ ਲਈ ਉਨ੍ਹਾਂ ਦੇ ਮਾਪਿਆਂ ਨੂੰ ਵੀ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਵਿਦਿਆਰਥੀ ਤੰਦਰੁਸਤ ਰਹਿਣ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਸਿਹਤ ਸੇਵਾਵਾਂ 'ਚ ਹੋਰ ਸੁਧਾਰ ਲਿਆਉਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਮੀਟਿੰਗ ਦੌਰਾਨ ਸ੍ਰੀਮਤੀ ਅਨਮਜੋਤ ਕੌਰ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕੀਤਾ ਜਾਵੇ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ ਕਿ ਸਿਹਤ ਸੰਸਥਾਵਾਂ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ ਅਤੇ ਲੋਕਾਂ ਨੂੰ ਸਿਹਤ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਦਿੱਤਾ ਜਾਵੇ।
ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਭਰੋਸਾ ਦਿੰਦੇ ਹੋਏ ਕਿਹਾ ਕਿ ਆਮ ਲੋਕਾਂ ਨੂੰ ਬਿਹਤਰ ਸਿਹਤ ਸੰਭਾਲ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਮਨਦੀਪ ਕਮਲ, ਡਿਪਟੀ ਮੈਡੀਕਲ ਕਮਿਸ਼ਨਰ ਡਾ ਹਰਪ੍ਰੀਤ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਹਰੀਸ਼ ਕਿਰਪਾਲ, ਸੀਨੀਅਰ ਮੈਡੀਕਲ ਅਫਸਰ, ਡਾ. ਜਤਿੰਦਰ ਸਿੰਘ, ਡਾ. ਸਤਵਿੰਦਰਪਾਲ ਸਿੰਘ, ਡਾ ਕੁਲਵਿੰਦਰ ਮਾਨ, ਡਾ. ਗੀਤਾਂਜਲੀ ਸਿੰਘ, ਡਾ. ਸੋਨੀਆ, ਡਾ. ਜਸਵਿੰਦਰ ਸਿੰਘ, ਡਾ. ਚਰਨਜੀਤ ਕੁਮਾਰ, ਡਾ. ਨਵਰੀਤ ਕੌਰ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ, ਸਿਆਮਾਵੇਦਾ ਦੇਵੀ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਦਲਜੀਤ ਸਿੰਘ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ ਸਮੇਤ ਹੋਰ ਸਿਹਤ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।