ਭਾਰਤ ਵਿਚ ਰਹਿਣ ਵਾਲੇ 16 ਤੋਂ ਘੱਟ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ 'ਤੇ ਵਿਚਾਰ ਕੀਤਾ ਜਾ ਰਿਹਾ ਹੈ, ਜਿਸ ਦੀ ਪ੍ਰੇਰਨਾ ਆਸਟ੍ਰੇਲੀਆ ਦੇ ਕਾਨੂੰਨ ਤੋਂ ਲਈ ਜਾ ਰਹੀ ਹੈ। ਆਸਟ੍ਰੇਲੀਆ ਦੌਰੇ ਦੇ ਗਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਲ ਹੀ ਵਿੱਚ ਆਸਟ੍ਰੇਲੀਆ ਦੇ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਪਾਬੰਦੀ ਲਗਾਉਣ ਵਾਲੇ ਕਾਨੂੰਨ ਦੀ ਸ਼ਲਾਘਾ ਕੀਤੀ ਹੈ ਅਤੇ ਇਸਨੂੰ ਇੱਕ ਮਹੱਤਵਪੂਰਨ ਸਬਕ ਦੱਸਿਆ ਹੈ। ਇਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਦਾ ਇਹ ਬਿਆਨ ਭਾਰਤ ਵਿੱਚ ਵੀ ਸੋਸ਼ਲ ਮੀਡੀਆ ਸੰਬੰਧੀ ਕਾਨੂੰਨ ਵਿੱਚ ਬਦਲਾਅ ਵੱਲ ਇਸ਼ਾਰਾ ਕਰ ਰਿਹਾ ਹੈ।
ਮੈਲਬੌਰਨ ਵਿੱਚ ਹੋਏ ਭਾਰਤ-ਆਸਟ੍ਰੇਲੀਆ ਸੰਮੇਲਨ ਵਿੱਚ ਬੋਲਦਿਆਂ ਪੀਐਮ ਮੋਦੀ ਨੇ ਕਿਹਾ ਕਿ ਭਾਰਤ ਅਤੇ ਹੋਰ ਦੇਸ਼ਾਂ ਨੇ ਵੀ ਆਸਟ੍ਰੇਲੀਆ ਦੇ ਇਸ ਕਦਮ ਤੋਂ ਬਹੁਤ ਕੁਝ ਸਿੱਖਿਆ ਹੈ। ਆਸਟ੍ਰੇਲੀਆ ਜਿਸ ਤਰ੍ਹਾਂ ਆਈਟੀ ਅਤੇ ਸੋਸ਼ਲ ਮੀਡੀਆ ਨਾਲ ਸਬੰਧਤ ਕਾਨੂੰਨਾਂ ਨੂੰ ਬਦਲ ਰਿਹਾ ਹੈ, ਉਹ ਸਮਾਜ ਦੀ ਸੁਰੱਖਿਆ ਲਈ ਪ੍ਰੇਰਨਾਦਾਇਕ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਭਾਰਤ ਵੀ ਆਸਟ੍ਰੇਲੀਆ ਦੇ ਬੱਚਿਆਂ ਨੂੰ ਔਨਲਾਈਨ ਖ਼ਤਰਿਆਂ ਤੋਂ ਬਚਾਉਣ ਦੇ ਯਤਨਾਂ ਤੋਂ ਬਹੁਤ ਕੁਝ ਸਿੱਖ ਰਿਹਾ ਹੈ। ਇਸ ਸਮਾਗਮ ਵਿੱਚ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।
ਦੱਸ ਦੇਈਏ ਕਿ ਆਸਟ੍ਰੇਲੀਆ ਦੁਨੀਆ ਦਾ ਪਹਿਲਾ ਅਜਿਹਾ ਦੇਸ਼ ਹੈ, ਜਿਸਨੇ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਦੀ ਪਹੁੰਚ 'ਤੇ ਪਾਬੰਦੀ ਲਗਾਈ ਹੈ। ਆਸਟ੍ਰੇਲੀਆ ਨੇ ਪਿਛਲੇ ਸਾਲ ਦਸੰਬਰ 2025 ਵਿੱਚ ਇਸ ਕਾਨੂੰਨ ਨੂੰ ਲਾਗੂ ਕੀਤਾ ਸੀ, ਜਿਸ ਤੋਂ ਬਾਅਦ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਫੇਸਬੁੱਕ, ਇੰਸਟਾਗ੍ਰਾਮ, ਟਿੱਕਟੌਕ, ਸਨੈਪਚੈਟ ਆਦਿ ਵਰਗੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਪਾਬੰਦੀ ਲਗਾ ਦਿੱਤੀ ਗਈ ਸੀ। ਭਾਰਤ ਦੀਆਂ ਕੁਝ ਰਾਜ ਸਰਕਾਰਾਂ ਨੇ ਹਾਲ ਹੀ ਵਿੱਚ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਪਾਬੰਦੀ ਲਗਾਉਣ ਦਾ ਐਲਾਨ ਕੀਤਾ ਹੈ।