ਨਵਾਂ ਸ਼ਹਿਰ (ਮਨੋਰੰਜਨ ਕਾਲੀਆ) : 2025 ਬੈਚ ਦੇ ਪੰਜਾਬ ਸਿਵਲ ਸੇਵਾਵਾਂ (ਪੀ.ਸੀ.ਐਸ.) ਅਧਿਕਾਰੀ ਸ੍ਰੀ ਕੁਲਦੀਪ ਚੰਦ ਨੇ ਅੱਜ ਨਵਾਂ ਸ਼ਹਿਰ ਦੇ ਉਪ ਮੰਡਲ ਮੈਜਿਸਟਰੇਟ (ਐਸ.ਡੀ.ਐਮ.) ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਉਹ ਗੁਰਦਾਸਪੁਰ ਵਿਖੇ ਬਤੌਰ ਸਹਾਇਕ ਕਮਿਸ਼ਨਰ (ਜਨਰਲ) ਸੇਵਾਵਾਂ ਨਿਭਾਉਣ ਉਪਰੰਤ ਬਦਲੀ ਹੋ ਕੇ ਨਵਾਂ ਸ਼ਹਿਰ ਆਏ ਹਨ।
ਅਹੁਦਾ ਸੰਭਾਲਣ ਉਪਰੰਤ ਗੱਲਬਾਤ ਕਰਦਿਆਂ ਸ੍ਰੀ ਕੁਲਦੀਪ ਚੰਦ ਨੇ ਕਿਹਾ ਕਿ ਉਨ੍ਹਾਂ ਦੀ ਪਹਿਲ ਲੋਕਾਂ ਨੂੰ ਸਰਕਾਰੀ ਸੇਵਾਵਾਂ ਨਿਰਧਾਰਿਤ ਸਮੇਂ ਅੰਦਰ ਅਤੇ ਸੁਚਾਰੂ ਢੰਗ ਨਾਲ ਮੁਹੱਈਆ ਕਰਵਾਉਣਾ ਹੋਵੇਗੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਕੰਮਕਾਜ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਆਮ ਲੋਕਾਂ ਦੀਆਂ ਮੁਸ਼ਕਲਾਂ ਦਾ ਪਹਿਲ ਦੇ ਆਧਾਰ 'ਤੇ ਢੁੱਕਵਾਂ ਨਿਪਟਾਰਾ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਰੋਜ਼ਮੱਰਾ ਦੇ ਪ੍ਰਸ਼ਾਸਨਿਕ ਕੰਮਾਂ ਲਈ ਕਿਸੇ ਕਿਸਮ ਦੀ ਬੇਲੋੜੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਅਤੇ ਜਨਹਿੱਤ ਨਾਲ ਜੁੜੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੀ ਯਤਨ ਕੀਤੇ ਜਾਣਗੇ।
ਜ਼ਿਕਰਯੋਗ ਹੈ ਕਿ ਸ੍ਰੀ ਕੁਲਦੀਪ ਚੰਦ ਇਸ ਤੋਂ ਪਹਿਲਾਂ ਸਹਾਇਕ ਕਮਿਸ਼ਨਰ (ਜਨਰਲ), ਗੁਰਦਾਸਪੁਰ ਅਤੇ ਐਸ.ਡੀ.ਐਮ. ਫਤਿਹਗੜ੍ਹ ਚੂੜੀਆਂ ਵਜੋਂ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਆਪਣੇ ਪਿਛਲੇ ਪ੍ਰਸ਼ਾਸਨਿਕ ਤਜਰਬੇ ਦੇ ਆਧਾਰ 'ਤੇ ਉਨ੍ਹਾਂ ਨੇ ਨਵਾਂ ਸ਼ਹਿਰ ਉਪ ਮੰਡਲ ਵਿੱਚ ਲੋਕ ਪੱਖੀ ਅਤੇ ਪ੍ਰਭਾਵਸ਼ਾਲੀ ਪ੍ਰਸ਼ਾਸਨ ਪ੍ਰਦਾਨ ਕਰਨ ਦੀ ਵਚਨਬੱਧਤਾ ਪ੍ਰਗਟਾਈ।