ਸੁਨਾਮ (ਰਮੇਸ਼ ਗਰਗ) : ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡ ਈਲਵਾਲ ਵਿਖੇ ਕਰਵਾਏ ਸਮਾਗਮ ਦੌਰਾਨ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡ ਉਭਾਵਾਲ, ਈਲਵਾਲ ਅਤੇ ਲਖਮੀਰਵਾਲਾ ਦੇ 810 ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕਾਨਾ ਹੱਕਾਂ ਸਬੰਧੀ ਪ੍ਰਾਪਰਟੀ ਕਾਰਡ ਤਕਸੀਮ ਕੀਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਪੇਂਡੂ ਖੇਤਰਾਂ ਵਿੱਚ ਲਾਲ ਲਕੀਰ ਅੰਦਰ ਸਥਿਤ ਘਰਾਂ ਦੇ ਵਸਨੀਕਾਂ ਨੂੰ ਮਾਲਕਾਨਾ ਦਸਤਾਵੇਜ਼ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਚਿਰੋਕਣੀ ਲੋੜ ਪੂਰੀ ਕਰ ਰਹੀ ਹੈ।
ਇਸ ਸਬੰਧੀ ਕਰਵਾਏ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪਿੰਡਾਂ ਵਿੱਚ ਅਨੇਕਾਂ ਪਰਿਵਾਰ ਪੀੜ੍ਹੀਆਂ ਤੋਂ ਆਪਣੇ ਘਰਾਂ ਵਿੱਚ ਰਹਿ ਰਹੇ ਸਨ, ਪਰ ਇਨ੍ਹਾਂ ਜਾਇਦਾਦਾਂ ਦੇ ਮਾਲਕਾਨਾ ਹੱਕਾਂ ਸਬੰਧੀ ਉਨ੍ਹਾਂ ਕੋਲ ਬਾਕਾਇਦਾ ਦਸਤਾਵੇਜ਼ ਨਹੀਂ ਸਨ। ਉਨ੍ਹਾਂ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਸਕੀਮ ਅਜਿਹੇ ਪਰਿਵਾਰਾਂ ਲਈ ਅਹਿਮ ਉਪਰਾਲਾ ਹੈ, ਜਿਸ ਰਾਹੀਂ ਉਨ੍ਹਾਂ ਨੂੰ ਆਪਣੀ ਰਿਹਾਇਸ਼ੀ ਜਾਇਦਾਦ ਦੀ ਮਾਲਕੀ ਦਾ ਦਸਤਾਵੇਜ਼ੀ ਆਧਾਰ ਮਿਲ ਰਿਹਾ ਹੈ।
ਅਮਨ ਅਰੋੜਾ ਨੇ ਕਿਹਾ ਕਿ ਇਨ੍ਹਾਂ ਸਰਟੀਫਿਕੇਟਾਂ ਰਾਹੀਂ ਲਾਭਪਾਤਰੀਆਂ ਨੂੰ ਉਸੇ ਤਰ੍ਹਾਂ ਮਾਲਕਾਨਾ ਹੱਕ ਮਿਲ ਰਹੇ ਹਨ, ਜਿਵੇਂ ਤਹਿਸੀਲ ਵਿੱਚ ਰਜਿਸਟਰੀ ਕਰਵਾਉਣ ਉਪਰੰਤ ਮਿਲਦੇ ਹਨ। ਉਨ੍ਹਾਂ ਦੱਸਿਆ ਕਿ ਇਸ ਪ੍ਰਕਿਰਿਆ ਨਾਲ ਸਬੰਧਤ ਮਾਲ ਰਿਕਾਰਡ ਅਤੇ ਜਮ੍ਹਾਂਬੰਦੀ ਵਿੱਚ ਮਾਲਕੀ ਦਾ ਬਾਕਾਇਦਾ ਇੰਦਰਾਜ਼ ਹੋਵੇਗਾ। ਇਸ ਨਾਲ ਪਰਿਵਾਰਾਂ ਨੂੰ ਆਪਣੀ ਜਾਇਦਾਦ ਦੀ ਖਰੀਦੋ-ਫਰੋਖਤ ਕਰਨ ਅਤੇ ਲੋੜ ਅਨੁਸਾਰ ਬੈਂਕਾਂ ਦੀਆਂ ਸ਼ਰਤਾਂ ਪੂਰੀਆਂ ਕਰਕੇ ਕਰਜ਼ਾ ਪ੍ਰਾਪਤ ਕਰਨ ਵਿੱਚ ਸਹੂਲਤ ਮਿਲੇਗੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਕੀਮ ਦੀ ਵਿਸ਼ੇਸ਼ਤਾ ਇਹ ਹੈ ਕਿ ਲੋਕਾਂ ਨੂੰ ਮਾਲਕਾਨਾ ਹੱਕਾਂ ਦੇ ਇਹ ਦਸਤਾਵੇਜ਼ ਬਿਲਕੁਲ ਮੁਫ਼ਤ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ’ਤੇ ਕੋਈ ਵਿੱਤੀ ਬੋਝ ਪਾਏ ਬਿਨਾਂ ਉਨ੍ਹਾਂ ਦੇ ਘਰਾਂ ਦੀ ਮਾਲਕੀ ਸਬੰਧੀ ਅਨਿਸ਼ਚਿਤਤਾ ਦੂਰ ਕਰਨ ਲਈ ਇਹ ਕਦਮ ਚੁੱਕਿਆ ਗਿਆ ਹੈ।
ਸ਼੍ਰੀ ਅਮਨ ਅਰੋੜਾ ਨੇ ਪ੍ਰਾਪਰਟੀ ਕਾਰਡ ਪ੍ਰਾਪਤ ਕਰਨ ਵਾਲੇ ਪਰਿਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਪਣੇ ਘਰ ਦੀ ਮਾਲਕੀ ਦੇ ਪੱਕੇ ਦਸਤਾਵੇਜ਼ ਮਿਲਣਾ ਹਰੇਕ ਪਰਿਵਾਰ ਲਈ ਖੁਸ਼ੀ ਅਤੇ ਤਸੱਲੀ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਰੋਜ਼ਾਨਾ ਜ਼ਿੰਦਗੀ ਨਾਲ ਜੁੜੀਆਂ ਲੋੜਾਂ ਪੂਰੀਆਂ ਕਰਨਾ ਅਤੇ ਸਰਕਾਰੀ ਸੇਵਾਵਾਂ ਦਾ ਲਾਭ ਉਨ੍ਹਾਂ ਤੱਕ ਪਹੁੰਚਾਉਣਾ ਪੰਜਾਬ ਸਰਕਾਰ ਦੀ ਤਰਜੀਹ ਹੈ।
ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਨੇ ਸਾਲ 2007 ਤੋਂ 2017 ਦੇ ਦੌਰਾਨ ਪਹਿਲੀ ਵਾਰ ‘ਚਿੱਟਾ’ ਅਤੇ ‘ਗੈਂਗਸਟਰ’ ਵਰਗੇ ਸ਼ਬਦ ਸੁਣੇ ਸਨ ਤੇ ਉਸ ਸਮੇਂ ਇਨ੍ਹਾਂ ਅਨਸਰਾਂ ਦੀ ਪੁਸ਼ਤਪਨਾਹੀ ਹੁੰਦੀ ਰਹੀ। ਜਦਕਿ ਪੰਜਾਬ ਸਰਕਾਰ ਦਿਨ ਰਾਤ ਇੱਕ ਕਰ ਕੇ ਨਸ਼ਿਆਂ ਦੇ ਖ਼ਾਤਮੇ ਲਈ ਕੰਮ ਕਰ ਰਹੀ ਹੈ।
ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ, ਵੱਖ-ਵੱਖ ਅਹੁਦੇਦਾਰ, ਪੰਚ ਸਰਪੰਚ ਅਤੇ ਵੱਡੀ ਗਿਣਤੀ ਪਿੰਡਾਂ ਦੇ ਲੋਕ ਹਾਜ਼ਰ ਸਨ।