ਖਰੜ (ਪ੍ਰੀਤ ਪੱਤੀ) : ਖਰੜ ਖਾਲਸਾ ਸਕੂਲ ਗਰਾਊਂਡ ਵਿੱਚ ਅੱਜ ਮੁੜ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ। ਇਹ ਕਾਰਜ ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਦੀ ਅਗਵਾਈ ਹੇਠ ਕੀਤਾ ਗਿਆ। ਇਸ ਮੌਕੇ ਵਾਤਾਵਰਣ ਦੀ ਸੰਭਾਲ ਅਤੇ ਸ਼ਹਿਰ ਨੂੰ ਹਰਿਆ-ਭਰਿਆ ਬਣਾਉਣ ਦਾ ਸੰਦੇਸ਼ ਦਿੱਤਾ ਗਿਆ।
ਕਮਲ ਕਿਸ਼ੋਰ ਸ਼ਰਮਾ ਨੇ ਦੱਸਿਆ ਕਿ ਆਜ਼ਾਦੀ ਦਿਵਸ ਮੌਕੇ ਅਤੇ ਇਸ ਤੋਂ ਪਹਿਲਾਂ ਵੀ ਖਾਲਸਾ ਸਕੂਲ ਗਰਾਊਂਡ ਵਿੱਚ ਬੂਟੇ ਲਗਾਏ ਗਏ ਸਨ, ਪਰ ਬੜੇ ਦੁੱਖ ਦੀ ਗੱਲ ਹੈ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਉਨ੍ਹਾਂ ਬੂਟਿਆਂ ਨੂੰ ਕੱਟ ਦਿੱਤਾ ਗਿਆ ਅਤੇ ਜੜ੍ਹਾਂ ਸਮੇਤ ਪੁੱਟ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਬੂਟਿਆਂ ਨੂੰ ਨੁਕਸਾਨ ਪਹੁੰਚਾਉਣ ਦੀ ਘਟਨਾ ਨਹੀਂ, ਸਗੋਂ ਵਾਤਾਵਰਣ ਅਤੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਨਾਲ ਖਿਲਵਾੜ ਹੈ।
ਉਨ੍ਹਾਂ ਕਿਹਾ ਕਿ ਬੂਟੇ ਲਗਾਉਣਾ ਸਿਰਫ਼ ਫੋਟੋ ਖਿਚਵਾਉਣ ਜਾਂ ਇੱਕ ਦਿਨ ਦਾ ਪ੍ਰੋਗਰਾਮ ਨਹੀਂ, ਬਲਕਿ ਉਨ੍ਹਾਂ ਦੀ ਸੰਭਾਲ ਕਰਨਾ ਵੀ ਸਾਡੀ ਜ਼ਿੰਮੇਵਾਰੀ ਹੈ। ਇੱਕ ਬੂਟੇ ਨੂੰ ਵੱਡਾ ਦਰੱਖਤ ਬਣਨ ਵਿੱਚ ਕਈ ਸਾਲ ਲੱਗਦੇ ਹਨ ਅਤੇ ਇਸ ਤਰ੍ਹਾਂ ਬੂਟੇ ਪੁੱਟਣ ਨਾਲ ਪੂਰੇ ਸਮਾਜ ਦਾ ਨੁਕਸਾਨ ਹੁੰਦਾ ਹੈ।
ਇਸ ਮੌਕੇ ਗਰਾਊਂਡ ਵਿੱਚ ਆਉਣ ਵਾਲੇ ਨੌਜਵਾਨਾਂ ਅਤੇ ਬਜ਼ੁਰਗਾਂ ਨਾਲ ਵੀ ਗੱਲਬਾਤ ਕੀਤੀ ਗਈ। ਉਨ੍ਹਾਂ ਨੇ ਇਸ ਘਟੀਆ ਹਰਕਤ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਕਿਹਾ ਕਿ ਗਰਾਊਂਡ ਵਿੱਚ ਆਉਣ ਵਾਲੇ ਹਰੇਕ ਵਿਅਕਤੀ ਨੂੰ ਵਾਤਾਵਰਣ ਦੀ ਰੱਖਿਆ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।
ਕਮਲ ਕਿਸ਼ੋਰ ਸ਼ਰਮਾ ਨੇ ਅਪੀਲ ਕੀਤੀ ਕਿ ਜੇਕਰ ਕਿਸੇ ਵਿਅਕਤੀ ਨੂੰ ਬੂਟੇ ਕੱਟਣ ਜਾਂ ਪੁੱਟਣ ਵਾਲੇ ਸ਼ਰਾਰਤੀ ਅਨਸਰ ਬਾਰੇ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਸੂਚਿਤ ਕਰਨ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਣਕਾਰੀ ਮਿਲਣ ਉਪਰੰਤ ਕਾਨੂੰਨ ਅਨੁਸਾਰ ਕਾਰਵਾਈ ਲਈ ਸਬੰਧਤ ਅਧਿਕਾਰੀਆਂ ਨੂੰ ਜਾਣਕਾਰੀ ਦਿੱਤੀ ਜਾਵੇਗੀ ਅਤੇ ਦੋਸ਼ੀ ਵਿਅਕਤੀ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਖਰੜ ਨੂੰ ਸਾਫ਼-ਸੁਥਰਾ, ਹਰਾ-ਭਰਿਆ ਅਤੇ ਸੁੰਦਰ ਬਣਾਉਣਾ ਸਿਰਫ਼ ਕਿਸੇ ਇੱਕ ਵਿਅਕਤੀ ਜਾਂ ਸੰਸਥਾ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰ ਖਰੜ ਵਾਸੀ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਨੌਜਵਾਨਾਂ ਨੂੰ ਖ਼ਾਸ ਤੌਰ ’ਤੇ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਬੂਟੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸੰਭਾਲ ਲਈ ਵੀ ਅੱਗੇ ਆਉਣ।