ਖਰੜ (ਸਾਹਿਬਜ਼ਾਦਾ ਅਜੀਤ ਸਿੰਘ. ਨਗਰ) (ਪ੍ਰੀਤ ਪੱਤੀ) : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 30 ਮਿੰਟ ਦੀ ਵਿਸ਼ੇਸ਼ ਡਾਕੂਮੈਂਟਰੀ ਖਰੜ ਬਲਾਕ ਦੇ ਪਿੰਡ ਨੰਗਲ ਫੈਜ਼ਗੜ੍ਹ, ਗੱਬੇ ਮਾਜਰਾ ਅਤੇ ਰਸਨਹੇੜੀ ਵਿਖੇ ਐਲ.ਈ.ਡੀ. ਸਕਰੀਨ ਰਾਹੀਂ ਦਿਖਾਈ ਗਈ।
ਇਸ ਮੌਕੇ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਡਾਕੂਮੈਂਟਰੀ ਦੇਖੀ। ਡਾਕੂਮੈਂਟਰੀ ਵਿੱਚ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਸਮਾਜ ਨੂੰ ਦਿੱਤੇ ਬਰਾਬਰੀ, ਭਾਈਚਾਰੇ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਦਰਸਾਇਆ ਗਿਆ।
ਉੱਪ ਮੰਡਲ ਮੈਜਿਸਟ੍ਰੇਟ, ਖਰੜ ਸ੍ਰੀ ਗੁਰਮੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਡਾਕੂਮੈਂਟਰੀ ਪਿੰਡ-ਪਿੰਡ ਦਿਖਾਉਣ ਦਾ ਉਦੇਸ਼ ਲੋਕਾਂ, ਖਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸਾਨੂੰ ਆਪਸੀ ਪਿਆਰ, ਬਰਾਬਰੀ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਲਈ ਬਹੁਤ ਮਹੱਤਵਪੂਰਨ ਹਨ ਅਤੇ ਸਾਨੂੰ ਉਨ੍ਹਾਂ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਆਪਸੀ ਪਿਆਰ, ਸਤਿਕਾਰ, ਭਾਈਚਾਰਕ ਸਾਂਝ ਅਤੇ ਮਨੁੱਖਤਾ ਦੀ ਸੇਵਾ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ।
ਐਸ.ਡੀ.ਐਮ. ਖਰੜ ਨੇ ਕਿਹਾ ਕਿ ਐਲ.ਈ.ਡੀ. ਸਕਰੀਨ ਰਾਹੀਂ ਪਿੰਡਾਂ ਵਿੱਚ ਦਿਖਾਈ ਜਾ ਰਹੀ ਇਹ ਡਾਕੂਮੈਂਟਰੀ ਲੋਕਾਂ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਵਿਚਾਰਧਾਰਾ ਨਾਲ ਜੋੜਨ ਦਾ ਪ੍ਰਭਾਵਸ਼ਾਲੀ ਸਾਧਨ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਧਾਰਮਿਕ ਅਤੇ ਜਾਗਰੂਕਤਾ ਪ੍ਰੋਗਰਾਮਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਅਤੇ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ।
ਉਨ੍ਹਾਂ ਕਿਹਾ ਕਿ ਸਾਨੂੰ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਂਦੇ ਹੋਏ ਸਮਾਜ ਵਿੱਚ ਆਪਸੀ ਸਾਂਝ ਅਤੇ ਸਦਭਾਵਨਾ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ।
ਇਸ ਮੌਕੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਡਾਕੂਮੈਂਟਰੀ ਰਾਹੀਂ ਗੁਰੂ ਸਾਹਿਬ ਦੇ ਜੀਵਨ ਅਤੇ ਉਨ੍ਹਾਂ ਦੇ ਸੰਦੇਸ਼ ਬਾਰੇ ਜਾਣਕਾਰੀ ਪ੍ਰਾਪਤ ਕੀਤੀ।