ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਪ੍ਰੀਤ ਪੱਤੀ) : ਪੰਜਾਬ ਸਰਕਾਰ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੇਂਗੂ ਦੀ ਰੋਕਥਾਮ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਸਿਵਲ ਸਰਜਨ ਡਾ. ਸੰਗੀਤਾ ਜੈਨ ਦੀ ਅਗਵਾਈ ਹੇਠ ਖਰੜ ਸ਼ਹਿਰ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਮਾਸ ਡੇਂਗੂ ਸਰਵੇ ਕੀਤਾ ਗਿਆ। ਇਸ ਦੌਰਾਨ ਘਰ-ਘਰ ਜਾ ਕੇ ਡੇਂਗੂ ਮੱਛਰ ਦੇ ਲਾਰਵੇ ਦੀ ਜਾਂਚ ਕੀਤੀ ਗਈ ਅਤੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ ਗਈ।
ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਨੇ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਲੋਕਾਂ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਡੇਂਗੂ ਦਾ ਮੱਛਰ ਸਾਫ਼ ਅਤੇ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ, ਇਸ ਲਈ ਹਰ ਨਾਗਰਿਕ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਆਪਣੇ ਘਰਾਂ, ਦੁਕਾਨਾਂ ਅਤੇ ਆਲੇ-ਦੁਆਲੇ ਪਾਣੀ ਇਕੱਠਾ ਨਾ ਹੋਣ ਦੇਣ। ਉਨ੍ਹਾਂ ਲੋਕਾਂ ਨੂੰ ਹਫ਼ਤੇ ਵਿੱਚ ਇੱਕ ਦਿਨ “ਡ੍ਰਾਈ ਡੇ” ਮਨਾਉਣ, ਕੂਲਰਾਂ ਅਤੇ ਪਾਣੀ ਵਾਲੇ ਹੋਰ ਬਰਤਨਾਂ ਨੂੰ ਨਿਯਮਿਤ ਤੌਰ ’ਤੇ ਸਾਫ਼ ਕਰਨ ਅਤੇ ਬੁਖਾਰ ਆਉਣ ਦੀ ਸੂਰਤ ਵਿੱਚ ਤੁਰੰਤ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ।
ਸਰਵੇ ਦੌਰਾਨ ਸਿਹਤ ਸੁਪਰਵਾਈਜ਼ਰ ਦਵਿੰਦਰ ਸਿੰਘ ਅਤੇ ਅਵਤਾਰ ਸਿੰਘ ਦੀ ਅਗਵਾਈ ਹੇਠ ਮਲਟੀਪਰਪਜ਼ ਹੈਲਥ ਵਰਕਰ ਮਨਪ੍ਰੀਤ ਸਿੰਘ, ਬਲਜਿੰਦਰ ਸਿੰਘ, ਜਗਦੀਪ ਸਿੰਘ, ਗੁਰਬਚਨ ਸਿੰਘ ਅਤੇ ਰੋਹਿਤ ਕੁਮਾਰ ਸਮੇਤ ਸਿਹਤ ਵਿਭਾਗ ਦੇ ਹੋਰ ਕਰਮਚਾਰੀਆਂ ਵੱਲੋਂ ਘਰਾਂ, ਵਪਾਰਕ ਅਦਾਰਿਆਂ ਅਤੇ ਜਨਤਕ ਥਾਵਾਂ ਦੀ ਜਾਂਚ ਕੀਤੀ ਗਈ। ਟੀਮਾਂ ਨੇ ਸੰਭਾਵਿਤ ਡੇਂਗੂ ਬਰੀਡਿੰਗ ਸਥਾਨਾਂ ਦੀ ਪਛਾਣ ਕਰਕੇ ਲੋਕਾਂ ਨੂੰ ਮੱਛਰਾਂ ਦੇ ਪ੍ਰਜਨਨ ਨੂੰ ਰੋਕਣ ਲਈ ਜ਼ਰੂਰੀ ਸਾਵਧਾਨੀਆਂ ਅਪਣਾਉਣ ਬਾਰੇ ਜਾਗਰੂਕ ਕੀਤਾ।
ਸਿਹਤ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਡੇਂਗੂ ਮੁਕਤ ਖਰੜ ਬਣਾਉਣ ਲਈ ਵਿਭਾਗ ਦਾ ਸਹਿਯੋਗ ਕਰਨ ਅਤੇ ਆਪਣੇ ਆਲੇ-ਦੁਆਲੇ ਸਫ਼ਾਈ ਅਤੇ ਸੁਚੱਜਾ ਵਾਤਾਵਰਣ ਬਣਾਈ ਰੱਖਣ।