ਪਠਾਨਕੋਟ : ਬਰਸਾਤਾਂ ਦਾ ਮੌਸਮ ਸ਼ੁਰੂ ਹੋਣ ਨਾਲ ਪਹਾੜਾਂ 'ਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਕਈ ਥਾਵਾਂ ਤੋਂ ਤਬਾਹੀ ਦੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ। ਇਸੇ ਦੌਰਾਨ ਪਠਾਨਕੋਟ ਦੇ ਰਣਜੀਤ ਸਾਗਰ ਡੈਮ ਦਾ ਜਲ ਪੱਧਰ ਵੀ ਤੇਜ਼ੀ ਨਾਲ ਵਧ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਇਸ ਸਮੇਂ ਡੈਮ ਦਾ ਜਲ ਪੱਧਰ 506 ਮੀਟਰ ਤੋਂ ਉੱਪਰ ਚੱਲ ਰਿਹਾ ਹੈ। ਜਦਕਿ ਡੈਮ ਦਾ ਖਤਰੇ ਦਾ ਨਿਸ਼ਾਨ ਲਗਭਗ 528 ਮੀਟਰ ਹੈ। ਇਸ ਤਰ੍ਹਾਂ ਡੈਮ ਅਜੇ ਖਤਰੇ ਦੇ ਨਿਸ਼ਾਨ ਤੋਂ 22 ਮੀਟਰ ਦੂਰ ਹੈ।
ਪਹਾੜਾਂ 'ਚ ਹੋ ਰਹੀ ਲਗਾਤਾਰ ਬਾਰਿਸ਼ ਕਾਰਨ ਡੈਮ ਦਾ ਪਾਣੀ ਦਾ ਪੱਧਰ ਕਾਫੀ ਤੇਜ਼ੀ ਨਾਲ ਵਧ ਰਿਹਾ ਹੈ। ਪਿਛਲੇ ਸਾਲ ਆਈ ਤਬਾਹੀ ਨੂੰ ਧਿਆਨ 'ਚ ਰੱਖਦੇ ਹੋਏ ਡੈਮ ਪ੍ਰਸ਼ਾਸਨ ਵੱਲੋਂ ਇਸ ਵਾਰ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਡੈਮ 'ਤੇ ਲਗਾਤਾਰ ਨਜ਼ਰ ਰੱਖਣ ਲਈ ਵੱਖ-ਵੱਖ ਟੀਮਾਂ ਦਾ ਗਠਨ ਵੀ ਕਰ ਦਿੱਤਾ ਗਿਆ ਹੈ। ਐਕਸੀਅਨ ਰਣਜੀਤ ਸਾਗਰ ਡੈਮ ਮੁਨੀਸ਼ ਕੁਮਾਰ ਨੇ ਕਿਹਾ ਕਿ ਡੈਮ ਦੇ ਜਲ ਪੱਧਰ 'ਤੇ ਪ੍ਰਸ਼ਾਸਨ ਦੀ ਲਗਾਤਾਰ ਨਜ਼ਰ ਹੈ। ਫਿਲਹਾਲ ਘਬਰਾਉਣ ਵਾਲੀ ਕੋਈ ਗੱਲ ਨਹੀਂ ਹੈ। ਸਥਿਤੀ ਪੂਰੀ ਤਰ੍ਹਾਂ ਕੰਟਰੋਲ 'ਚ ਹੈ ਅਤੇ ਪਿਛਲੇ ਸਾਲ ਵਰਗੀ ਸਥਿਤੀ ਨਾ ਬਣੇ, ਇਸ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਪ੍ਰਸ਼ਾਸਨ ਨੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਘਬਰਾਉਣ ਦੀ ਬਜਾਏ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ।