ਸ਼ਹੀਦ ਭਗਤ ਸਿੰਘ ਨਗਰ (ਮਨੋਰੰਜਨ ਕਾਲੀਆ) : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਖੇਡ ਪ੍ਰਤਿਭਾਵਾਂ ਨੂੰ ਉਤਸ਼ਾਹਿਤ ਕਰਨ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਬੰਗਾ ਬਲਾਕ ਵਿਖੇ ਖੇਡਾਂ ਦੇ ਉਦਘਾਟਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਧਾਇਕ ਡਾ. ਸੁਖਵਿੰਦਰ ਸਿੰਘ ਸੁੱਖੀ ਵੱਲੋਂ ਖੇਡਾਂ ਦੀ ਰਸਮੀ ਸ਼ੁਰੂਆਤ ਕੀਤੀ ਗਈ।
ਇਸ ਮੌਕੇ ਵਿਧਾਇਕ ਡਾ. ਸੁਖਵਿੰਦਰ ਸਿੰਘ ਸੁੱਖੀ ਵੱਲੋਂ ਸਾਰੇ ਖਿਡਾਰੀਆਂ ਨਾਲ ਜਾਣ-ਪਛਾਣ ਕੀਤੀ ਗਈ ਅਤੇ ਉਨ੍ਹਾਂ ਨੂੰ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਨੇ ਖਿਡਾਰੀਆਂ ਨੂੰ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਵੀ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ।
ਵਿਧਾਇਕ ਡਾ. ਸੁਖਵਿੰਦਰ ਸਿੰਘ ਸੁੱਖੀ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਖਾਸ ਤੌਰ ’ਤੇ ਪੰਜਾਬ ਭਰ ਵਿੱਚ ਬਣਾਏ ਜਾ ਰਹੇ ਖੇਡ ਮੈਦਾਨਾਂ ਨੂੰ ਨੌਜਵਾਨਾਂ ਲਈ ਮਹੱਤਵਪੂਰਨ ਪਹਿਲਕਦਮੀ ਦੱਸਦਿਆਂ ਕਿਹਾ ਕਿ ਅਜਿਹੇ ਉਪਰਾਲੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਸਹਾਇਕ ਸਿੱਧ ਹੋ ਰਹੇ ਹਨ।
ਇਸ ਦੇ ਨਾਲ ਹੀ ਅੱਜ ਸ਼੍ਰੀਪੁਰ ਵਿਖੇ ਨਵਾਂਸ਼ਹਿਰ ਅਤੇ ਬੰਗਾ ਬਲਾਕਾਂ ਦੀਆਂ ਟੈਨਿਸ ਬਾਲ ਕ੍ਰਿਕਟ ਖੇਡਾਂ ਦੀ ਡੈਮੋਨਸਟ੍ਰੇਸ਼ਨ ਵੀ ਸ਼ੁਰੂ ਕੀਤੀ ਗਈ, ਜਿਸ ਵਿੱਚ ਖਿਡਾਰੀਆਂ ਵੱਲੋਂ ਪੂਰੇ ਉਤਸ਼ਾਹ ਨਾਲ ਭਾਗ ਲਿਆ ਗਿਆ।
ਇਸ ਤੋਂ ਇਲਾਵਾ ਐੱਸ.ਐੱਨ. ਕਾਲਜ ਬੰਗਾ ਅਤੇ ਭਾਈ ਸੰਗਤ ਸਿੰਘ ਖਾਲਸਾ ਕਾਲਜ ਵਿਖੇ ਵੀ ਖੇਡਾਂ ਦੀ ਸ਼ੁਰੂਆਤ ਕੀਤੀ ਗਈ ਅਤੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਖਿਡਾਰੀਆਂ ਨੇ ਪੂਰੇ ਜੋਸ਼ ਅਤੇ ਖੇਡ ਭਾਵਨਾ ਨਾਲ ਭਾਗ ਲਿਆ।
ਵਿਧਾਇਕ ਡਾ. ਸੁਖਵਿੰਦਰ ਸਿੰਘ ਸੁੱਖੀ ਨੇ ਖਿਡਾਰੀਆਂ ਨੂੰ ਮਿਹਨਤ, ਲਗਨ ਅਤੇ ਅਨੁਸ਼ਾਸਨ ਨਾਲ ਖੇਡਾਂ ਵਿੱਚ ਅੱਗੇ ਵਧਣ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ