ਸ਼ਹੀਦ ਭਗਤ ਸਿੰਘ ਨਗਰ (ਮਨੋਰੰਜਨ ਕਾਲੀਆ) : ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਅਧੀਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਜ਼ਿਲ੍ਹਾ ਪੱਧਰੀ ਖੇਡਾਂ ਦਾ ਆਗਾਜ਼ ਮਿਤੀ 29 ਸਤੰਬਰ 2026 ਨੂੰ ਨਵਾਂਸ਼ਹਿਰ ਵਿਖੇ ਕੀਤਾ ਗਿਆ ਸੀ। ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਪੱਧਰੀ ਖੇਡਾਂ ਦੇ ਚੌਥੇ ਦਿਨ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ।
ਅੱਜ ਰਾਜਾ ਸਪੋਰਟਸ ਕਲੱਬ, ਗੁਣਾਚੌਰ ਵਿਖੇ ਵੇਟਲਿਫਟਿੰਗ ਅਤੇ ਪਾਵਰਲਿਫਟਿੰਗ ਦੇ ਮੁਕਾਬਲੇ ਕਰਵਾਏ ਗਏ, ਜਦਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਔੜ ਵਿਖੇ ਹਾਕੀ ਦੇ ਮੁਕਾਬਲੇ ਕਰਵਾਏ ਗਏ।
ਇਸ ਮੌਕੇ ਸ਼੍ਰੀ ਕੁਲਜੀਤ ਸਿੰਘ ਸਰਹਾਲ, ਵਾਈਸ ਚੇਅਰਮੈਨ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਵੱਲੋਂ ਦੋਵੇਂ ਖੇਡ ਸਥਾਨਾਂ ’ਤੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ। ਉਨ੍ਹਾਂ ਵੱਲੋਂ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ ਗਈ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸ਼੍ਰੀ ਰੂਬੀ ਉਪਲ, ਜ਼ਿਲ੍ਹਾ ਪ੍ਰਧਾਨ ਸਪੋਰਟਸ ਵੈਲਫੇਅਰ ਅਤੇ ਹੋਰ ਪਤਵੰਤੇ ਸੱਜਣ ਵੀ ਮੌਜੂਦ ਰਹੇ।
ਜ਼ਿਲ੍ਹਾ ਖੇਡ ਅਫ਼ਸਰ ਵੰਦਨਾ ਚੌਹਾਨ ਵੱਲੋਂ ਵੀ ਇਸ ਮੌਕੇ ਸ਼ਿਰਕਤ ਕਰਕੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਗਈ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪਹੁੰਚੇ ਸਾਰੇ ਪਤਵੰਤੇ ਸੱਜਣਾਂ ਦਾ ਸਵਾਗਤ ਅਤੇ ਧੰਨਵਾਦ ਕੀਤਾ ਗਿਆ।
ਰਾਜਾ ਸਪੋਰਟਸ ਕਲੱਬ, ਗੁਣਾਚੌਰ ਵਿਖੇ ਹੋਏ ਵੇਟਲਿਫਟਿੰਗ ਮੁਕਾਬਲਿਆਂ ਦੌਰਾਨ ਸ਼੍ਰੀ ਸੰਤੋਖ ਸਿੰਘ ਚੌਹਾਨ, ਅੰਤਰਰਾਸ਼ਟਰੀ ਵੇਟਲਿਫਟਰ ਅਤੇ ਕੋਚ, ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ ਗਈ। ਉਨ੍ਹਾਂ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਦਿੱਤੇ ਜਾ ਰਹੇ ਸਹਿਯੋਗ ਲਈ ਵਿਸ਼ੇਸ਼ ਧੰਨਵਾਦ ਕੀਤਾ ਗਿਆ।
ਇਸ ਮੌਕੇ ਵਾਈਸ ਚੇਅਰਮੈਨ ਕੁਲਜੀਤ ਸਿੰਘ ਸਰਹਾਲ ਅਤੇ ਵੰਦਨਾ ਚੌਹਾਨ ਜ਼ਿਲ੍ਹਾ ਖੇਡ ਅਫ਼ਸਰ ਵੱਲੋਂ ਖਿਡਾਰੀਆਂ ਨੂੰ ਸੰਦੇਸ਼ ਦਿੱਤਾ ਗਿਆ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਵੱਧ ਤੋਂ ਵੱਧ ਖੇਡਾਂ ਨਾਲ ਜੁੜਨਾ ਚਾਹੀਦਾ ਹੈ। ਖੇਡਾਂ ਸਾਨੂੰ ਤੰਦਰੁਸਤ ਰੱਖਣ ਦੇ ਨਾਲ-ਨਾਲ ਅਨੁਸ਼ਾਸਨ, ਮਿਹਨਤ ਅਤੇ ਸਕਾਰਾਤਮਕ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ, ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ‘ਖੇਡਾਂ ਵਤਨ ਪੰਜਾਬ ਦੀਆਂ’ ਵਰਗਾ ਮਹੱਤਵਪੂਰਨ ਉਪਰਾਲਾ ਸ਼ੁਰੂ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਚੱਲ ਰਹੀਆਂ ਇਨ੍ਹਾਂ ਜ਼ਿਲ੍ਹਾ ਪੱਧਰੀ ਖੇਡਾਂ ਨੂੰ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।