ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਪ੍ਰੀਤ ਪੱਤੀ) : ਪੰਜਾਬ ਸਰਕਾਰ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਅਤੇ ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਨਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪ੍ਰਾਇਮਰੀ ਹੈਲਥ ਸੈਂਟਰ ਘੜੂੰਆਂ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ (ਪੀ.ਐਮ.ਐਸ.ਐਮ.ਏ) ਤਹਿਤ ਗਰਭਵਤੀ ਮਹਿਲਾਵਾਂ ਲਈ ਵਿਸ਼ੇਸ਼ ਸਿਹਤ ਜਾਂਚ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਮੈਡੀਕਲ ਅਫਸਰ ਡਾ. ਸਰੋਜ ਦੀ ਪ੍ਰਧਾਨਗੀ ਹੇਠ ਲਗਾਇਆ ਗਿਆ।
ਇਸ ਮੌਕੇ ਗਰਭਵਤੀ ਮਹਿਲਾਵਾਂ ਦੀ ਸਿਹਤ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਲੋੜੀਂਦੀਆਂ ਸਿਹਤ ਸੇਵਾਵਾਂ, ਟੈਸਟਾਂ ਅਤੇ ਸਲਾਹਾਂ ਪ੍ਰਦਾਨ ਕੀਤੀਆਂ ਗਈਆਂ। ਮਹਿਲਾਵਾਂ ਨੂੰ ਗਰਭ ਅਵਸਥਾ ਦੌਰਾਨ ਸੰਤੁਲਿਤ ਖੁਰਾਕ, ਨਿਯਮਿਤ ਸਿਹਤ ਜਾਂਚਾਂ, ਟੀਕਾਕਰਨ ਅਤੇ ਸੰਸਥਾਗਤ ਜਣੇਪੇ ਦੇ ਮਹੱਤਵ ਬਾਰੇ ਵੀ ਜਾਣਕਾਰੀ ਦਿੱਤੀ ਗਈ।
ਮੈਡੀਕਲ ਅਫਸਰ ਡਾ. ਸਰੋਜ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਦਾ ਉਦੇਸ਼ ਹਰ ਗਰਭਵਤੀ ਮਹਿਲਾ ਨੂੰ ਗੁਣਵੱਤਾ ਭਰੀ ਜਣੇਪਾ ਪੂਰਵ ਸਿਹਤ ਸੇਵਾ ਪ੍ਰਦਾਨ ਕਰਨਾ ਹੈ ਤਾਂ ਜੋ ਉੱਚ ਜੋਖਮ ਵਾਲੀਆਂ ਗਰਭ ਅਵਸਥਾਵਾਂ ਦੀ ਸਮੇਂ ਸਿਰ ਪਛਾਣ ਕਰਕੇ ਮਾਂ ਅਤੇ ਬੱਚੇ ਦੀ ਸਿਹਤ ਨੂੰ ਸੁਰੱਖਿਅਤ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਗਰਭਵਤੀ ਮਹਿਲਾਵਾਂ ਨੂੰ ਬਿਹਤਰ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ।
ਇਸ ਮੌਕੇ ਮੈਡੀਕਲ ਅਫਸਰ ਡਾ. ਕੋਮਲ ਕੌੜਾ, ਬਲਾਕ ਐਕਸਟੈਂਸ਼ਨ ਐਜੂਕੇਟਰ ਸਾਹਿਲ ਸੁਖੇੜਾ, ਕਮਿਊਨਿਟੀ ਹੈਲਥ ਅਫਸਰ ਜਸਵਿੰਦਰ ਕੌਰ, ਹੈਲਥ ਸੁਪਰਵਾਈਜ਼ਰ ਪਰਵੀਨ, ਹੈਲਥ ਵਰਕਰ ਨਰਿੰਦਰ ਕੌਰ, ਨਰਸਿੰਗ ਟੀਚਰ ਕੋਮਲ ਪਟਿਆਲ ਅਤੇ ਪਿੰਡ ਘੜੂੰਆਂ ਦੀਆਂ ਆਸ਼ਾ ਵਰਕਰਾਂ ਵੀ ਹਾਜ਼ਰ ਸਨ।