ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਗਰਮੀ ਦੇ ਮੌਸਮ ਦੌਰਾਨ ਲਗਾਤਾਰ ਵੱਧ ਰਹੇ ਤਾਪਮਾਨ ਅਤੇ ਲੂ ਕਾਰਨ ਪੈਦਾ ਹੋ ਸਕਦੇ ਸਿਹਤ ਖਤਰਿਆਂ ਤੋਂ ਬਚਾਅ ਲਈ ਆਮ ਲੋਕਾਂ ਲਈ ਵਿਸ਼ੇਸ਼ ਸਿਹਤ ਅਡਵਾਈਜ਼ਰੀ ਜਾਰੀ ਕੀਤੀ ਗਈ ਹੈ।
ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਗਰਮੀ ਦੇ ਮੌਸਮ ਦੌਰਾਨ ਹੀਟ ਸਟ੍ਰੋਕ, ਡੀਹਾਈਡ੍ਰੇਸ਼ਨ ਅਤੇ ਹੋਰ ਮੌਸਮੀ ਬਿਮਾਰੀਆਂ ਦੇ ਮਾਮਲਿਆਂ ਵਿੱਚ ਵਾਧਾ ਹੋ ਸਕਦਾ ਹੈ। ਇਸ ਸਥਿਤੀ ਨਾਲ ਨਜਿੱਠਣ ਲਈ ਸਿਹਤ ਵਿਭਾਗ ਵੱਲੋਂ ਸਾਰੇ ਸਰਕਾਰੀ ਸਿਹਤ ਸੰਸਥਾਨਾਂ ਵਿੱਚ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤਾਂ ਜੋ ਪ੍ਰਭਾਵਿਤ ਮਰੀਜ਼ਾਂ ਨੂੰ ਤੁਰੰਤ ਅਤੇ ਉਚਿੱਤ ਡਾਕਟਰੀ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ।
ਉਨ੍ਹਾਂ ਕਿਹਾ ਕਿ ਲੋਕ ਗਰਮ ਹਵਾਵਾਂ ਅਤੇ ਤੇਜ਼ ਧੁੱਪ ਤੋਂ ਬਚਣ ਲਈ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਘਰ ਤੋਂ ਬਾਹਰ ਜਾਣ ਤੋਂ ਗੁਰੇਜ਼ ਕਰਨ। ਜੇਕਰ ਬਾਹਰ ਜਾਣਾ ਬਹੁਤ ਜ਼ਰੂਰੀ ਹੋਵੇ ਤਾਂ ਸਿਰ ਨੂੰ ਕੱਪੜੇ, ਟੋਪੀ ਜਾਂ ਛੱਤਰੀ ਨਾਲ ਢੱਕਿਆ ਜਾਵੇ। ਇਸ ਤੋਂ ਇਲਾਵਾ ਹਲਕੇ ਰੰਗਾਂ ਵਾਲੇ ਢਿੱਲੇ ਅਤੇ ਸੂਤੀ ਕੱਪੜੇ ਪਹਿਨੇ ਜਾਣ ਤਾਂ ਜੋ ਸਰੀਰ ਦਾ ਤਾਪਮਾਨ ਸੰਤੁਲਿਤ ਰਹੇ।
ਡਾ. ਸਿੰਘ ਨੇ ਕਿਹਾ ਕਿ ਗਰਮੀ ਦੇ ਮੌਸਮ ਵਿੱਚ ਹਰ ਅੱਧੇ ਘੰਟੇ ਬਾਅਦ ਪਾਣੀ ਪੀਣਾ ਬਹੁਤ ਜ਼ਰੂਰੀ ਹੈ, ਭਾਵੇਂ ਪਿਆਸ ਨਾ ਵੀ ਲੱਗੀ ਹੋਵੇ। ਉਨ੍ਹਾਂ ਕਿਹਾ ਕਿ ਲੋਕ ਆਪਣੇ-ਆਪ ਨੂੰ ਹਾਈਡ੍ਰੇਟਿਡ ਰੱਖਣ ਲਈ ਓ.ਆਰ.ਐਸ. ਘੋਲ, ਲੱਸੀ, ਨਿੰਬੂ ਪਾਣੀ, ਨਾਰੀਅਲ ਪਾਣੀ ਅਤੇ ਹੋਰ ਤਰਲ ਪਦਾਰਥਾਂ ਦੀ ਵੱਧ ਤੋਂ ਵੱਧ ਵਰਤੋਂ ਕਰਨ। ਉਨ੍ਹਾਂ ਚਾਹ ਅਤੇ ਕੌਫੀ ਦੀ ਵਰਤੋਂ ਘੱਟ ਕਰਨ ਅਤੇ ਤਲੇ ਹੋਏ, ਬਾਹਰਲੇ ਤੇ ਬਾਸੀ ਖਾਣੇ ਤੋਂ ਪਰਹੇਜ਼ ਕਰਨ ਦੀ ਸਲਾਹ ਦਿੱਤੀ।
ਉਨ੍ਹਾਂ ਕਿਹਾ ਕਿ ਤਰਬੂਜ਼, ਖਰਬੂਜ਼ਾ, ਸੰਤਰਾ, ਅੰਗੂਰ, ਖੀਰਾ, ਟਮਾਟਰ, ਘੀਆ ਅਤੇ ਤੋਰੀ ਵਰਗੀਆਂ ਮੌਸਮੀ ਫਲ ਅਤੇ ਸਬਜ਼ੀਆਂ ਨੂੰ ਖੁਰਾਕ ਵਿੱਚ ਵੱਧ ਤੋਂ ਵੱਧ ਸ਼ਾਮਲ ਕੀਤਾ ਜਾਵੇ ਕਿਉਂਕਿ ਇਨ੍ਹਾਂ ਵਿੱਚ ਪਾਣੀ ਦੀ ਮਾਤਰਾ ਪ੍ਰਚੁਰ ਹੁੰਦੀ ਹੈ।
ਸਿਵਲ ਸਰਜਨ ਨੇ ਲੋਕਾਂ ਨੂੰ ਸਿਗਰਟ, ਬੀੜੀ, ਤੰਬਾਕੂ ਅਤੇ ਸ਼ਰਾਬ ਤੋਂ ਦੂਰ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਕਸਰਤ ਹੌਲੀ-ਹੌਲੀ ਸ਼ੁਰੂ ਕੀਤੀ ਜਾਵੇ ਤਾਂ ਜੋ ਸਰੀਰ ਤਾਪਮਾਨ ਦੇ ਅਨੁਕੂਲ ਹੋ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਨੰਗੇ ਪੈਰ ਧੁੱਪ ਵਿੱਚ ਨਾ ਜਾਇਆ ਜਾਵੇ ਅਤੇ ਅੱਖਾਂ ਦੀ ਸੁਰੱਖਿਆ ਲਈ ਚਸ਼ਮੇ ਦੀ ਵਰਤੋਂ ਕੀਤੀ ਜਾਵੇ।
ਇਸ ਸਬੰਧੀ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ ਨੇ ਕਿਹਾ ਕਿ ਲੋਕ ਮੌਸਮ ਸੰਬੰਧੀ ਜਾਣਕਾਰੀ ਲਈ ਰੇਡੀਓ, ਟੀ.ਵੀ., ਅਖਬਾਰਾਂ ਅਤੇ ਮੋਬਾਇਲ ਐਪਸ ਦੀ ਮਦਦ ਲੈ ਸਕਦੇ ਹਨ। ਉਨ੍ਹਾਂ ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਗਰਮੀ ਕਾਰਨ ਤੇਜ਼ ਬੁਖਾਰ, ਚੱਕਰ, ਬੇਹੋਸ਼ੀ ਜਾਂ ਘਬਰਾਹਟ ਮਹਿਸੂਸ ਹੋਵੇ ਤਾਂ ਖੁਦ ਦਵਾਈ ਲੈਣ ਦੀ ਬਜਾਏ ਤੁਰੰਤ ਨੇੜਲੇ ਸਿਹਤ ਕੇਂਦਰ ਜਾਂ ਹਸਪਤਾਲ ਵਿੱਚ ਸੰਪਰਕ ਕੀਤਾ ਜਾਵੇ।
ਉਨ੍ਹਾਂ ਦੱਸਿਆ ਕਿ ਸਨਸਟ੍ਰੋਕ ਤੋਂ ਪ੍ਰਭਾਵਿਤ ਵਿਅਕਤੀ ਨੂੰ ਠੰਡੀ ਅਤੇ ਹਵਾਦਾਰ ਥਾਂ ’ਤੇ ਰੱਖਿਆ ਜਾਵੇ, ਸਰੀਰ ’ਤੇ ਸਿੱਲ੍ਹੇ ਕੱਪੜੇ ਰੱਖੇ ਜਾਣ ਅਤੇ ਸਿਰ ’ਤੇ ਪਾਣੀ ਪਾਇਆ ਜਾਵੇ। ਇਸ ਤੋਂ ਇਲਾਵਾ ਮਰੀਜ਼ ਨੂੰ ਓ.ਆਰ.ਐਸ. ਘੋਲ ਜਾਂ ਨਿੰਬੂ ਪਾਣੀ ਵੀ ਦਿੱਤਾ ਜਾ ਸਕਦਾ ਹੈ ਤਾਂ ਜੋ ਸਰੀਰ ਵਿੱਚ ਪਾਣੀ ਦੀ ਘਾਟ ਨੂੰ ਪੂਰਾ ਕੀਤਾ ਜਾ ਸਕੇ।