ਅੰਮ੍ਰਿਤਸਰ : ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਗੰਜ ਸਾਹਿਬ ਵਿਖੇ ਅੱਜ ਫਿਰ ਵੱਡਾ ਹਾਦਸਾ ਵਾਪਰ ਗਿਆ। ਮਿਲੀ ਜਾਣਕਾਰੀ ਅਨੁਸਾਰ ਵੱਧ ਰਹੇ ਤਾਪਮਾਨ ਕਾਰਨ ਸੰਗਤ ਦੀ ਸਹੂਲਤ ਲਈ ਲਗਾਏ ਗਏ ਟੈਂਟ ਨੂੰ ਅਚਾਨਕ ਅੱਗ ਲੱਗ ਗਈ। ਇਸ ਦੌਰਾਨ ਮੁਸਤੈਦੀ ਵਿਖਾਉਂਦਿਆਂ ਮੌਕੇ 'ਤੇ ਮੌਜੂਦ ਸੇਵਾਦਾਰਾਂ ਨੇ ਤੁਰੰਤ ਹਰਕਤ ਵਿਚ ਆਉਂਦਿਆਂ ਅੱਗ 'ਤੇ ਕਾਬੂ ਪਾ ਲਿਆ। ਸੰਗਤ ਅਤੇ ਸੇਵਾਦਾਰਾਂ ਦੇ ਸਹਿਯੋਗ ਨਾਲ ਹਾਲਾਤ ਨੂੰ ਜਲਦ ਵਿਗੜਨ ਤੋਂ ਬਚਾਅ ਲਿਆ ਗਿਆ। ਰਾਹਤ ਦੀ ਗੱਲ ਇਹ ਰਹੀ ਕਿ ਇਸ ਘਟਨਾ ਦੌਰਾਨ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਗੁਰਦੁਆਰਾ ਪ੍ਰਬੰਧਕਾਂ ਅਤੇ ਸੇਵਾਦਾਰਾਂ ਦੀ ਸਤਰਕਤਾ ਨਾਲ ਇਕ ਵੱਡਾ ਹਾਦਸਾ ਟਲ ਗਿਆ।
ਇਥੇ ਇਹ ਖਾਸ ਤੌਰ 'ਤੇ ਦੱਕਣਯੋਗ ਹੈ ਕਿ ਲੰਘੇ ਐਤਵਾਰ ਨੂੰ ਵੀ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਗੰਜ ਸਾਹਿਬ ਵਿਖੇ ਵੱਡਾ ਹਾਦਸਾ ਵਾਪਰ ਗਿਆ ਸੀ। ਜਿਸ ਵਿਚ ਤਿੰਨ ਬੀਬੀਆਂ ਦੀ ਮੌਤ ਹੋ ਗਈ ਸੀ। ਚੌਪਿਹਰਾ ਸਾਹਿਬ ਦੌਰਾਨ ਨਿਰਮਾਣ ਅਧੀਨ ਇਮਾਰਤ ਦੀਆਂ ਪਲੇਟਾਂ ਅਚਾਨਕ ਸੰਗਤ ਉਪਰ ਆ ਡਿਗੀਆਂ ਜਿਸ ਕਾਰਣ ਤਿੰਨ ਔਰਤਾਂ ਦੀ ਮੌਤ ਹੋ ਗਈ ਅਤੇ ਕਈ ਲੋਕ ਜ਼ਖਮੀ ਹੋ ਗਏ ਸਨ।