ਕੁਰਾਲੀ/ਖਰੜ (ਪ੍ਰੀਤ ਪੱਤੀ) : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਗੁਰਪ੍ਰਤਾਪ ਸਿੰਘ ਪਡਿਆਲਾ ਜਨਰਲ ਸਕੱਤਰ (ਪੰਜਾਬ ਕਿਸਾਨ ਕਾਂਗਰਸ) ਵੱਲੋਂ ਪਿੰਡਾਂ ਸ਼ਹਿਰਾਂ ਵਿੱਚ ਲੋਕਾਂ ਨਾਲ ਮੀਟਿੰਗਾਂ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਉਨ੍ਹਾਂ ਵੱਲੋਂ ਪਿੰਡ ਬੜੌਦੀ ਵਿਖੇ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਨਸ਼ਿਆਂ ਦੀ ਸਮੱਸਿਆ ਬਾਰੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਪੰਜਾਬ ਅੱਜ ਬਹੁਤ ਹੀ ਮਾੜੇ ਦੌਰ ਵਿੱਚੋਂ ਗੁਜ਼ਰ ਰਿਹਾ ਹੈ। ਸੂਬੇ ਦੀ ਨੌਜਵਾਨੀ ਨਸ਼ਿਆਂ ਦੀ ਲਪੇਟ ਵਿੱਚ ਆ ਰਹੀ ਹੈ, ਜੋ ਪੰਜਾਬ ਦੇ ਭਵਿੱਖ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਸਰਕਾਰ ਅਤੇ ਪ੍ਰਸ਼ਾਸਨ ਨਸ਼ੇ ਰੋਕਣ ਵਿੱਚ ਬੁਰੀ ਤਰ੍ਹਾਂ ਫੇਲ ਸਾਬਤ ਹੋ ਚੁੱਕੇ ਹਨ ਜੇਕਰ ਕੋਈ ਨੌਜਵਾਨ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਦਾ ਹੈ ਤਾਂ ਉਨਾਂ ਨੂੰ ਵਾਲਿਆਂ ਨੂੰ ਵੀ ਜਾਨਾਂ ਗਵਾਉਣੀਆਂ ਪੈ ਰਹੀਆਂ ਹਨ। ਉਨ੍ਹਾਂ ਪੰਜਾਬ ਵਿੱਚ ਵਾਪਰ ਰਹੀਆਂ ਕਤਲ ਦੀਆਂ ਵਾਰਦਾਤਾਂ ਦਾ ਜ਼ਿਕਰ ਕਰਦਿਆਂ ਕਾਨੂੰਨ ਵਿਵਸਥਾ ਨੂੰ ਲੈ ਕੇ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਮੌਜੂਦਾ ਹਾਲਾਤ ਨੂੰ ਲੈ ਕੇ ਡਰ ਅਤੇ ਗੁੱਸਾ ਪਾਇਆ ਜਾ ਰਿਹਾ ਹੈ। ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਾਰੀਆਂ ਧਿਰਾਂ ਅਤੇ ਆਮ ਲੋਕਾਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਕਜੁੱਟ ਹੋਣਾ ਪਵੇਗਾ। ਉਨ੍ਹਾਂ ਜ਼ੋਰ ਦਿੱਤਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਪੰਜਾਬ ਅੰਦਰ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਜ਼ਿਕਰ ਕਰਦਿਆਂ ਗੁਰਪ੍ਰਤਾਪ ਸਿੰਘ ਪਡਿਆਲਾ ਨੇ ਲੋਕਾਂ ਨੂੰ ਕਾਂਗਰਸ ਪਾਰਟੀ ਦਾ ਸਾਥ ਦੇਣ ਅਤੇ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਉਦੇਸ਼ ਪੰਜਾਬ ਨੂੰ ਨਸ਼ਿਆਂ, ਗੈਂਗਸਟਰਵਾਦ ਅਤੇ ਕਰਜ਼ੇ ਦੀਆਂ ਸਮੱਸਿਆਵਾਂ ਵਿੱਚੋਂ ਬਾਹਰ ਕੱਢ ਕੇ ਵਿਕਾਸ, ਰੋਜ਼ਗਾਰ ਅਤੇ ਖੁਸ਼ਹਾਲੀ ਦੇ ਰਾਹ ’ਤੇ ਲਿਆਉਣਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਬਚਾਉਣ ਅਤੇ ਸੂਬੇ ਦਾ ਸੁਨਹਿਰੀ ਭਵਿੱਖ ਸਿਰਜਣ ਲਈ ਲੋਕਾਂ ਨੂੰ ਹੁਣ ਇਕੱਠੇ ਹੋ ਕੇ ਹੰਭਲਾ ਮਾਰਨ ਦੀ ਲੋੜ ਹੈ।ਇਸ ਮੌਕੇ ਨਰਿੰਦਰ ਸਿੰਘ ਮੁੰਧੋ ਯੂਥ ਪ੍ਰਧਾਨ (ਹਲਕਾ ਖਰੜ), ਪਰਮਿੰਦਰ ਸਿੰਘ ਪੰਚ, ਸਪਿੰਦਰ ਸਿੰਘ, ਹੰਸਰਾਜ ਬੂਥਗੜ੍ਹ, ਭਜਨ ਸਿੰਘ ਪੰਚ, ਚਰਨਜੀਤ ਸਿੰਘ ਚੰਨੀ, ਗੁਰਸੇਵਕ ਸਿੰਘ, ਹਨੀ ਗਿੱਲ, ਐਮ.ਐਸ ਮਾਨ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।