ਚੰਡੀਗੜ੍ਹ : ਪੰਜਾਬ ਸਰਕਾਰ ਨੇ ਅਣ-ਅਧਿਕਾਰਤ ਤੌਰ ’ਤੇ ਗ਼ੈਰ-ਹਾਜ਼ਰ ਰਹਿਣ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ ਜਾਰੀ ਕੀਤੇ ਗਏ ‘ਕਾਰਨ ਦੱਸੋ ਨੋਟਿਸ’ ਵਾਪਸ ਲੈਣ ਦਾ ਫ਼ੈਸਲਾ ਲਾਗੂ ਕਰ ਦਿੱਤਾ ਹੈ। ਇਸ ਸਬੰਧੀ ਪਰਸੋਨਲ ਵਿਭਾਗ ਵੱਲੋਂ ਬਕਾਇਦਾ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ 27 ਅਗਸਤ ਨੂੰ ਪੱਤਰ ਜਾਰੀ ਕਰ ਕੇ ਅਣ-ਅਧਿਕਾਰਤ ਤੌਰ ’ਤੇ ਡਿਊਟੀ ਤੋਂ ਗ਼ੈਰ-ਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਤੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ।
ਇਸ ਤਹਿਤ ਹੜਤਾਲ ਅਤੇ ਪ੍ਰਦਰਸ਼ਨਾਂ ’ਚ ਸ਼ਾਮਲ ਹੋਣ ਵਾਲੇ ਕਈ ਮੁਲਾਜ਼ਮਾਂ ਨੂੰ 'ਕਾਰਨ ਦੱਸੋ' ਨੋਟਿਸ ਜਾਰੀ ਕੀਤੇ ਗਏ ਸਨ ਅਤੇ ਉਨ੍ਹਾਂ ਖ਼ਿਲਾਫ਼ ਵਿਭਾਗੀ ਕਾਰਵਾਈ ਦੀ ਗੱਲ ਕਹੀ ਗਈ ਸੀ। ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਨਾਲ ਮੁਲਾਜ਼ਮ ਆਗੂਆਂ ਦੀ ਬੁੱਧਵਾਰ ਨੂੰ ਹੋਈ ਮੀਟਿੰਗ ਮੌਕੇ ਇਹ ਨੋਟਿਸ ਵਾਪਸ ਲੈਣ ਦਾ ਭਰੋਸਾ ਦਿੱਤਾ ਗਿਆ ਸੀ। ਹੁਣ ਪਰਸੋਨਲ ਵਿਭਾਗ ਵੱਲੋਂ ਜਾਰੀ ਤਾਜ਼ਾ ਪੱਤਰ ’ਚ ਸਪੱਸ਼ਟ ਕੀਤਾ ਗਿਆ ਹੈ ਕਿ 27 ਅਗਸਤ ਨੂੰ ਅਣ-ਅਧਿਕਾਰਤ ਤੌਰ ’ਤੇ ਗ਼ੈਰ-ਹਾਜ਼ਰ ਰਹਿਣ ਵਾਲੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਜਾਰੀ ਕੀਤੇ ਗਏ 'ਕਾਰਨ ਦੱਸੋ' ਨੋਟਿਸ ਵਾਪਸ ਲੈ ਲਏ ਗਏ ਹਨ।
ਇਸ ਪੱਤਰ ਦੀਆਂ ਕਾਪੀਆਂ ਪੰਜਾਬ ਦੇ ਸਮੂਹ ਵਿਸ਼ੇਸ਼ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰਾਂ, ਵਿੱਤੀ ਕਮਿਸ਼ਨਰਾਂ ਤੇ ਪ੍ਰਮੁੱਖ ਸਕੱਤਰਾਂ ਸਮੇਤ ਸਬੰਧਤ ਅਧਿਕਾਰੀਆਂ ਨੂੰ ਭੇਜੀਆਂ ਗਈਆਂ ਹਨ। ਇਸ ਤਰ੍ਹਾਂ ਸਰਕਾਰ ਵੱਲੋਂ ਬੀਤੇ ਦਿਨ ਮੁਲਾਜ਼ਮ ਆਗੂਆਂ ਨਾਲ ਹੋਈ ਮੀਟਿੰਗ ਵਿੱਚ ਬਣੀ ਸਹਿਮਤੀ ਨੂੰ ਅਧਿਕਾਰਤ ਤੌਰ ’ਤੇ ਲਾਗੂ ਕਰ ਦਿੱਤਾ ਗਿਆ ਹੈ।