ਨਵੀਂ ਦਿੱਲੀ/ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ 6 ਸਾਲ ਬਾਅਦ ਮੁੜ ਤੋਂ ਗਠਜੋੜ ਹੋ ਗਿਆ, ਜਿਸ ਦਾ ਐਲਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅਤੇ ਸੁਖਬੀਰ ਸਿੰਘ ਬਾਦਲ ਵੱਲੋਂ ਸਾਂਝੇ ਤੌਰ 'ਤੇ ਕੀਤੀ ਗਈ ਪ੍ਰੈੱਸ ਕਾਨਫਰੰਸ ਵਿਚ ਕੀਤਾ। ਗਠਜੋੜ ਦੇ ਐਲਾਨ ਤੋਂ ਬਾਅਦ ਨਿਤਿਨ ਨਬੀਨ ਨੇ ਗੱਲਬਾਤ ਦੌਰਾਨ ਸ਼੍ਰੋਮਣੀ ਅਕਾਲੀ ਦਲ ਦਾ ਐਨਡੀਏ ਵਿੱਚ ਸ਼ਾਮਲ ਹੋਣ 'ਤੇ ਸਵਾਗਤ ਕੀਤਾ। ਨਿਤਿਨ ਨਬੀਨ ਨੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਕਾਰ ਹੋਏ ਇਸ ਗੱਠਜੋੜ ਨੂੰ ਸੁਭਾਵਿਕ ਦੱਸਿਆ।
ਉਨ੍ਹਾਂ ਕਿਹਾ ਕਿ ਇਹ ਗੱਠਜੋੜ ਪੰਜਾਬ ਦੇ ਲੋਕਾਂ ਅਤੇ ਹਿੰਦੂ-ਸਿੱਖ ਏਕਤਾ ਲਈ ਲਾਭਦਾਇਕ ਹੈ। ਦੋਵੇਂ ਪਾਰਟੀਆਂ ਜਲਦੀ ਹੀ ਸੀਟਾਂ ਦੀ ਵੰਡ 'ਤੇ ਚਰਚਾ ਕਰਨਗੀਆਂ। ਅਕਾਲੀ ਦਲ ਦੇ ਆਉਣ ਨਾਲ ਐਨਡੀਏ ਮਜ਼ਬੂਤ ਹੋਵੇਗਾ। ਦੋਵਾਂ ਪਾਰਟੀਆਂ ਦਾ ਇਕੱਠੇ ਹੋਣਾ ਪੰਜਾਬ ਦੀ ਸੇਵਾ ਕਰਨ ਦੇ ਸਾਂਝੇ ਇਰਾਦੇ ਨੂੰ ਦਰਸਾਉਂਦਾ ਹੈ। ਨਿਤਿਨ ਨਬੀਨ ਨੇ ਕਿਹਾ ਕਿ ਦੋਵੇਂ ਪਾਰਟੀਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਵਾਅਦਾ ਕਰਨਗੀਆਂ। ਪੰਜਾਬ ਦੇ ਨੌਜਵਾਨਾਂ ਨੂੰ ਆਪਣੇ ਸੂਬੇ ਵਿੱਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਵੀ ਗਠਜੋੜ ਦੀ ਤਰਜੀਹ ਹੋਵੇਗੀ। ਦੋਵੇਂ ਪਾਰਟੀਆਂ ਸੂਬੇ ਵਿੱਚ ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਵਿਕਾਸ-ਮੁਖੀ ਸਰਕਾਰ ਬਣਾਉਣ ਲਈ ਮਿਲ ਕੇ ਕੰਮ ਕਰਨਗੀਆਂ।
ਇਸ ਦੇ ਨਾਲ ਹੀ ਅਮਿਤ ਸ਼ਾਹ ਨੇ ਕਿਹਾ ਕਿ ਭਾਜਪਾ ਅਤੇ ਅਕਾਲੀ ਇਕੱਠੇ ਹੋ ਕੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਉਤਰਣਗੇ। ਅਮਿਤ ਸ਼ਾਹ ਨੇ ਕਿਹਾ ਕਿ ਅਕਾਲੀ ਦਲ ਭਾਜਪਾ ਦਾ ਡੂੰਘਾ ਰਿਸ਼ਤਾ ਰਿਹਾ ਹੈ। ਉਹ ਦਿਲੋਂ ਸੁਖਬੀਰ ਸਿੰਘ ਬਾਦਲ ਦਾ ਸਵਾਗਤ ਕਰਦੇ ਹਨ। ਉਨ੍ਹਾਂ ਕਿਹਾ ਕਿ ਇਸ ਗਠਜੋੜ ਨਾਲ ਹਿੰਦੂ ਸਿੱਖ ਭਾਈਚਾਰਕ ਸਾਂਝ ਵਧੇਗੀ। ਅਤੇ ਪੂਰੀ ਦੁਨੀਆ ਵਿਚ ਇਹ ਗਠਜੋੜ ਮਿਸਾਲ ਕਾਇਮ ਕਰੇਗਾ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ-ਭਾਜਪਾ ਦਾ ਕੋਈ ਸਿਆਸੀ ਗੱਠਜੋੜ ਨਹੀਂ, ਸਗੋਂ ਇਹ ਲੋਕ-ਪੱਖੀ ਗੱਠਜੋੜ ਹੈ। ਉਨ੍ਹਾਂ ਦੇ ਪਿਤਾ ਜੀ ਕਹਿੰਦੇ ਸਨ ਕਿ ਅਕਾਲੀ-ਭਾਜਪਾ ਦਾ ਨਹੁੰ-ਮਾਸ ਦਾ ਰਿਸ਼ਤਾ ਹੈ।