ਜਲੰਧਰ : ਜਲੰਧਰ ਦੇ ਨਵੇਂ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਅਹੁਦਾ ਸੰਭਾਲਦੇ ਹੀ ਸ਼ਹਿਰ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਸਰਗਰਮੀ ਵਿਖਾਉਣੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਚਾਰਜ ਸੰਭਾਲਣ ਮਗਰੋਂ ਬੀਤੀ ਰਾਤ ਨੂੰ ਖ਼ੁਦ ਫੀਲਡ ਵਿਚ ਉਤਰ ਕੇ ਸ਼ਹਿਰ ਦੀ ਸੁਰੱਖਿਆ ਵਿਵਸਥਾ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਸ਼ਹਿਰ ਦੇ ਕਈ ਪੁਲਸ ਥਾਣਿਆਂ ਦਾ ਦੌਰਾ ਕਰਕੇ ਉਥੋਂ ਦਾ ਰਿਕਾਰਡ ਵੀ ਚੈੱਕ ਕੀਤਾ ਅਤੇ ਪੁਲਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ।
ਇਸ ਤੋਂ ਬਾਅਦ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਮਿਸ਼ਨਰੇਟ ਪੁਲਸ ਦੇ ਅਧਿਕਾਰੀਆਂ ਨਾਲ ਰਾਤ ਸਮੇਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕੀਤਾ। ਇਸ ਦੌਰਾਨ ਵਿਸ਼ੇਸ਼ ਤੌਰ 'ਤੇ ਕਈ ਸੰਵੇਦਨਸ਼ੀਲ ਥਾਵਾਂ ’ਤੇ ਨਾਕਾਬੰਦੀ ਕਰਵਾਈ ਗਈ। ਪੁਲਸ ਟੀਮਾਂ ਨੇ ਨਾਕਾਬੰਦੀ ਦੌਰਾਨ ਆਉਣ-ਜਾਣ ਵਾਲੇ ਵਾਹਨਾਂ ਦੀ ਜਾਂਚ ਕੀਤੀ ਅਤੇ ਕਈ ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਉਨ੍ਹਾਂ ਤੋਂ ਪੁੱਛਗਿੱਛ ਵੀ ਕੀਤੀ।
'ਜਗ ਬਾਣੀ' ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਸ਼ਹਿਰ ਵਾਸੀਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਪੁਲਸ ਦੀ ਸਭ ਤੋਂ ਵੱਡੀ ਤਰਜੀਹ ਹੈ। ਇਸ ਲਈ ਰਾਤ ਸਮੇਂ ਪੁਲਸ ਗਸ਼ਤ ਅਤੇ ਨਾਕਾਬੰਦੀ ਦੀ ਵਿਵਸਥਾ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੀ. ਸੀ. ਆਰ. ਦਸਤਿਆਂ ਨੂੰ ਵੀ ਲਗਾਤਾਰ ਗਸ਼ਤ ਕਰਨ ਦੇ ਨਿਰਦੇਸ਼ ਦਿੱਤੇ ਜਾਣਗੇ ਤਾਂ ਜੋ ਸ਼ੱਕੀ ਸਰਗਰਮੀਆਂ ’ਤੇ ਨਜ਼ਰ ਰੱਖਣ ਦੇ ਨਾਲ-ਨਾਲ ਸਮਾਜ ਵਿਰੋਧੀ ਅਨਸਰਾਂ ’ਤੇ ਸ਼ਿਕੰਜਾ ਕੱਸਿਆ ਜਾ ਸਕੇ। ਉਨ੍ਹਾਂ ਸਪੱਸ਼ਟ ਕੀਤਾ ਕਿ ਸ਼ਹਿਰ ਵਿਚ ਅਪਰਾਧ ਅਤੇ ਅਪਰਾਧਿਕ ਸਰਗਰਮੀਆਂ ’ਤੇ ਰੋਕ ਲਗਾਉਣ ਲਈ ਪੁਲਸ ਦੀ ਮੌਜੂਦਗੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾਵੇਗਾ ਅਤੇ ਰਾਤ ਸਮੇਂ ਵਿਸ਼ੇਸ਼ ਜਾਂਚ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ।