ਚੰਡੀਗੜ੍ਹ : ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿੱਥੇ ਪ੍ਰੀ ਐੱਸ. ਆਈ. ਆਰ. ਦੌਰਾਨ 85 ਫ਼ੀਸਦੀ ਤੋਂ ਵੱਧ ਪ੍ਰੀ ਮੈਪਿੰਗ ਹੋਈ ਹੈ। ਇਹ ਜਾਣਕਾਰੀ ਮੁੱਖ ਚੋਣ ਅਫ਼ਸਰ ਪੰਜਾਬ ਅਨਿੰਦਿਤਾ ਮਿਤਰਾ ਨੇ ਐੱਸ. ਆਈ. ਆਰ. 2026 ਸਬੰਧੀ ਘਰ-ਘਰ ਗਣਨਾ ਬਾਰੇ ਸੂਬੇ ਦੇ 117 ਵਿਧਾਨ ਸਭਾ ਹਲਕਿਆਂ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਲਈ ਕਰਵਾਏ ਗਏ ਤਿੰਨ ਰੋਜ਼ਾ ਸੂਬਾ ਪੱਧਰੀ ਸਿਖਲਾਈ ਪ੍ਰੋਗਰਾਮ ਦੇ ਸਮਾਪਤੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਦਿੱਤੀ।
ਉਨ੍ਹਾਂ ਕਿਹਾ ਕਿ ਇਸ ਸਿਖਲਾਈ ਦੇ ਮੁਕੰਮਲ ਹੋਣ ਨਾਲ ਸੂਬੇ ’ਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਕਰਵਾਉਣ ਲਈ ਚੋਣ ਅਮਲਾ ਪੂਰੀ ਤਰ੍ਹਾਂ ਤਿਆਰ ਹੈ। 11 ਜੂਨ ਤੋਂ 24 ਜੂਨ ਤੱਕ ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਸਪੈਸ਼ਲ ਇੰਟੈਂਸਿਵ ਰਿਵੀਜਨ ਸਬੰਧੀ ਬੀ. ਐੱਲ. ਓ. ਤੇ ਬੀ. ਐੱਲ .ਏ. ਨੂੰ ਸਿਖਲਾਈ ਦਿੱਤੀ ਜਾਵੇਗੀ।
ਇਸ ਮੌਕੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪ੍ਰੋਗਰਾਮ ਸਬੰਧੀ ਸ਼ੰਕਿਆਂ ਨੂੰ ਦੂਰ ਕਰਨ ਲਈ ਸੀ. ਈ. ਓ. ਅਨਿੰਦਿਤਾ ਮਿਤਰਾ ਵੱਲੋਂ ਸਿਖਲਾਈ ’ਚ ਸ਼ਾਮਲ ਭਾਗੀਦਾਰਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ ਤੇ ਆਈ. ਟੀ. ਮਾਹਿਰਾਂ ਵੱਲੋਂ ਆਈ. ਟੀ. ਮਾਡਿਊਲਜ਼ ਸਬੰਧੀ ਹਿੱਸਾ ਲੈਣ ਵਾਲਿਆਂ ਨੂੰ ਵਿਸ਼ੇਸ਼ ਪ੍ਰੈਕਟੀਕਲ ਟ੍ਰੇਨਿੰਗ ਵੀ ਦਿੱਤੀ ਗਈ।