ਓਡੀਸ਼ਾ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਢੇਂਕਨਾਲ ਜ਼ਿਲ੍ਹੇ ਵਿੱਚ ਇੱਕ ਪੱਥਰ ਦੀ ਖੱਡ ਵਿੱਚ ਹੋਏ ਜ਼ੋਰਦਾਰ ਧਮਾਕੇ ਕਾਰਨ ਘੱਟੋ-ਘੱਟ 4 ਮਜ਼ਦੂਰਾਂ ਦੀ ਮੌਤ ਹੋਣ ਦਾ ਖ਼ਦਸ਼ਾ ਹੈ। ਇਹ ਹਾਦਸਾ ਸ਼ਨੀਵਾਰ ਸ਼ਾਮ ਕਰੀਬ 6 ਵਜੇ ਮੋਟੰਗਾ ਪੁਲਿਸ ਸੀਮਾ ਦੇ ਅਧੀਨ ਪੈਂਦੇ ਗੋਪਾਲਪੁਰ ਪਿੰਡ ਵਿੱਚ ਵਾਪਰੀ।
ਰਿਪੋਰਟਾਂ ਅਨੁਸਾਰ, ਜਦੋਂ ਖੱਡ ਵਿੱਚ ਬਲਾਸਟਿੰਗ ਦਾ ਕੰਮ ਚੱਲ ਰਿਹਾ ਸੀ ਤਾਂ ਮਿੱਟੀ ਅਤੇ ਚੱਟਾਨਾਂ ਦਾ ਮਲਬਾ ਮਜ਼ਦੂਰਾਂ ਉੱਤੇ ਡਿੱਗ ਗਿਆ, ਜਿਸ ਨਾਲ ਇਹ ਹਾਦਸਾ ਵਾਪਰ ਗਿਆ। ਦੱਸਿਆ ਜਾ ਰਿਹਾ ਹੈ ਕਿ ਧਮਾਕੇ ਸਮੇਂ 6 ਮਜ਼ਦੂਰ ਖੱਡ ਦੇ ਅੰਦਰ ਸਨ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਸ ਖੱਡ ਕੋਲ ਬਲਾਸਟਿੰਗ ਕਰਨ ਦੀ ਇਜਾਜ਼ਤ ਨਹੀਂ ਸੀ। ਜ਼ਿਲ੍ਹਾ ਮਾਈਨਿੰਗ ਦਫ਼ਤਰ ਨੇ 8 ਸਤੰਬਰ 2025 ਨੂੰ ਹੀ ਲੀਜ਼ ਧਾਰਕ ਨੂੰ ਖੱਡ ਬੰਦ ਕਰਨ ਦਾ ਨੋਟਿਸ ਜਾਰੀ ਕੀਤਾ ਸੀ, ਪਰ ਇਸ ਦੇ ਬਾਵਜੂਦ ਉੱਥੇ ਕੰਮ ਜਾਰੀ ਰੱਖਿਆ ਗਿਆ।
ਹਾਦਸੇ ਦੀ ਸੂਚਨਾ ਮਿਲਣ 'ਤੇ ਪੁਲਸ, ਤਹਿਸੀਲਦਾਰ ਅਤੇ ODRAF (ਓਡੀਸ਼ਾ ਡਿਜ਼ਾਸਟਰ ਰੈਪਿਡ ਐਕਸ਼ਨ ਫੋਰਸ) ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ। ਰਾਤ ਦੇ ਹਨੇਰੇ ਅਤੇ ਘੱਟ ਵਿਜ਼ੀਬਿਲਟੀ ਕਾਰਨ ਬਚਾਅ ਕਾਰਜਾਂ ਵਿੱਚ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
ਵਿਰੋਧੀ ਧਿਰ ਦੇ ਨੇਤਾ ਨਵੀਨ ਪਟਨਾਇਕ ਨੇ ਇਸ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਮਜ਼ਦੂਰਾਂ ਦੀ ਸੁਰੱਖਿਆ ਨਿਯਮਾਂ ਦੀ ਜਾਂਚ ਕਰਨ ਦੀ ਮੰਗ ਕੀਤੀ ਹੈ। ਪ੍ਰਸ਼ਾਸਨ ਨੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ ਅਤੇ ਮਲਬੇ ਹੇਠ ਫਸੇ ਮਜ਼ਦੂਰਾਂ ਨੂੰ ਕੱਢਣ ਲਈ ਸਰਚ ਆਪਰੇਸ਼ਨ ਜਾਰੀ ਹੈ। ਅਧਿਕਾਰੀਆਂ ਨੇ ਕਿਹਾ ਹੈ ਕਿ ਵਿਸਤ੍ਰਿਤ ਜਾਂਚ ਤੋਂ ਬਾਅਦ ਹੀ ਸਥਿਤੀ ਪੂਰੀ ਤਰ੍ਹਾਂ ਸਪੱਸ਼ਟ ਹੋ ਸਕੇਗੀ।