ਸ਼ਹੀਦ ਭਗਤ ਸਿੰਘ ਨਗਰ (ਮਨੋਰੰਜਨ ਕਾਲੀਆ) : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਦੀ ਯੋਗਸ਼ਾਲਾ' ਸਕੀਮ ਤਹਿਤ ਜ਼ਿਲ੍ਹੇ ਵਿੱਚ 234 ਕੇਂਦਰਾਂ 'ਤੇ ਰੋਜ਼ਾਨਾ ਮੁਫ਼ਤ ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਇਨ੍ਹਾਂ ਕਲਾਸਾਂ ਰਾਹੀਂ ਹਜ਼ਾਰਾਂ ਲੋਕ ਸਿਹਤਮੰਦ ਜੀਵਨ ਸ਼ੈਲੀ ਅਪਣਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ 27 ਪ੍ਰਮਾਨਿਤ ਯੋਗ ਟ੍ਰੇਨਰ ਸਵੇਰੇ 5 ਵਜੇ ਤੋਂ ਸ਼ਾਮ 7 ਵਜੇ ਤੱਕ ਵੱਖ-ਵੱਖ ਬੈਚਾਂ ਰਾਹੀਂ ਯੋਗ ਕਲਾਸਾਂ ਲਗਾ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਯੋਗਸ਼ਾਲਾ ਕਲਾਸਾਂ ਸ਼ਹਿਰਾਂ ਅਤੇ ਪਿੰਡਾਂ ਦੋਵਾਂ ਵਿੱਚ ਪਾਰਕਾਂ, ਕਮਿਊਨਿਟੀ ਸੈਂਟਰਾਂ ਅਤੇ ਖੁੱਲ੍ਹੀਆਂ ਥਾਵਾਂ 'ਤੇ ਸਵੇਰੇ ਅਤੇ ਸ਼ਾਮ ਦੇ ਸਮੇਂ ਲਗਾਈਆਂ ਜਾਂਦੀਆਂ ਹਨ। ਹਰ ਕੇਂਦਰ 'ਤੇ ਸਰਕਾਰ ਵੱਲੋਂ ਪ੍ਰਸ਼ਿਖਿਤ ਯੋਗ ਟ੍ਰੇਨਰ ਤਾਇਨਾਤ ਕੀਤੇ ਗਏ ਹਨ, ਜੋ ਲੋਕਾਂ ਨੂੰ ਆਸਣ, ਪ੍ਰਾਣਾਯਾਮ ਅਤੇ ਧਿਆਨ ਦੀ ਸਹੀ ਵਿਧੀ ਸਿਖਾਉਂਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਉਦੇਸ਼ ਲੋਕਾਂ ਨੂੰ ਬਿਨਾਂ ਕਿਸੇ ਖਰਚੇ ਦੇ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਯੋਗਸ਼ਾਲਾ ਸਕੀਮ ਤਣਾਅ ਘਟਾਉਣ, ਪਾਚਨ ਤੰਤਰ ਠੀਕ ਕਰਨ, ਸ਼ੂਗਰ, ਬੀ.ਪੀ. ਅਤੇ ਹੋਰ ਜੀਵਨਸ਼ੈਲੀ ਸਬੰਧੀ ਬਿਮਾਰੀਆਂ ਨੂੰ ਕੰਟਰੋਲ ਕਰਨ ਵਿੱਚ ਮਦਗਾਰ ਸਾਬਤ ਹੋ ਰਹੀ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨੇੜਲੇ ਯੋਗਸ਼ਾਲਾ ਕੇਂਦਰ ਵਿੱਚ ਸ਼ਾਮਲ ਹੋ ਕੇ ਇਸ ਮੁਫ਼ਤ ਸਹੂਲਤ ਦਾ ਲਾਭ ਲੈਣ। ਉਨ੍ਹਾਂ ਦੱਸਿਆ ਕਿ ਕਿਸੇ ਵੀ ਉਮਰ ਦਾ ਵਿਅਕਤੀ ਇਹਨਾਂ ਕਲਾਸਾਂ ਵਿੱਚ ਹਿੱਸਾ ਲੈ ਸਕਦਾ ਹੈ ਅਤੇ ਰਜਿਸਟ੍ਰੇਸ਼ਨ ਲਈ 7669-400-500 ਨੰਬਰ 'ਤੇ ਮਿਸਡ ਕਾਲ ਕਰਕੇ ਜਾਂ ਔਨਲਾਈਨ ਪੋਰਟਲ 'ਤੇ ਰਜਿਸਟਰ ਕੀਤਾ ਜਾ ਸਕਦਾ ਹੈ।