ਸ਼ਹੀਦ ਭਗਤ ਸਿੰਘ ਨਗਰ (ਮਨੋਰੰਜਨ ਕਾਲੀਆ) : ਜਿਲ੍ਹਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂਜਿਲ੍ਹੇ ਵਿੱਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਜਿਲ੍ਹੇ ਮੈਜਿਸਟ੍ਰੇਟ ਨੇ ਸ਼ਹੀਦ ਭਗਤ ਸਿੰਘ ਨਗਰ ਜਿਲ੍ਹੇ ਦੀ ਹਦੂਦ ਅੰਦਰ ਆਤਿਸ਼ਬਾਜੀ/ਪਟਾਖੇ, ਜਿਨ੍ਹਾਂ ਵਿੱਚ ਬੰਬ,ਹਵਾਈ ਪਟਾਖੇ ਅਤੇ ਚਾਈਨੀਜ਼ ਪਟਾਖੇ ਸ਼ਾਮਲ ਹਨ, ਦੇ ਚਲਾਉਣ ’ਤੇ ਪੂਰਨ ਪਾਬੰਦੀ ਲਾਈ ਹੈ। ਜਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਦੇਖਣ ਵਿੱਚ ਆਇਆ ਹੈ ਕਿ ਲੋਕਾਂ ਵੱਲੋਂ ਆਤਿਸ਼ਬਾਜੀ, ਪਟਾਖੇ ਦੀ ਭਰਪੂਰ ਵਰਤੋਂ ਕੀਤੀ ਜਾਂਦੀ ਹੈ ਜਿਸ ਨਾਲ ਸ਼ੋਰ ਸਰਾਬੇ ਕਰਕੇ ਆਮ ਪਬਲਿਕ ਵਿੱਚ ਡਰ ਪੈਦਾ ਹੁੰਦਾ ਹੈ ਅਤੇ ਅਮਨ ਤੇ ਕਾਨੂੰਨ ਦੀ ਸਥਿਤੀ ਬਿਗੜਨ ਦਾ ਖਦਸ਼ਾ ਰਹਿੰਦਾ ਹੈ । ਉਨ੍ਹਾਂ ਕਿਹਾ ਕਿ ਇਹ ਹੁਕਮ 10 ਨਵੰਬਰ 2025 ਤੱਕ ਲਾਗੂ ਰਹਿਣਗੇ।
ਇਸ ਤਰ੍ਹਾਂ ਇਕ ਹੋਰ ਹੁਕਮ ਜਾਰੀ ਕਰਦਿਆਂ ਜਿਲ੍ਹਾ ਮੈਜਿਸਟ੍ਰੇਟ ਨੇ ਜਿਲ੍ਹੇ ਅੰਦਰ ਟਰੈਕਟਰ ਅਤੇ ਟਰੈਕਟਰ ਨਾਲ ਸਬੰਧਤ ਸੰਦਾਂ ਆਦਿ ਨਾਲ ਖਤਰਨਾਕ ਪ੍ਰਦਰਸ਼ਨ/ਸਟੰਟ ਕਰਨ ’ਤੇ ਪਾਬੰਦੀ ਲਾਈ ਗਈ ਹੈ। ਜਿਕਰਯੋਗ ਹੈ ਕਿ ਰਾਜ ਅੰਦਰ ਬੀਤੇ ਦਿਨੀਂ ਕੁੱਝ ਅਜਿਹੀਆਂ ਘਟਨਾਵਾਂ ਵਾਪਰਿਆਂ ਹਨ ਜਿਨ੍ਹਾਂ ਵਿੱਚ ਟਰੈਕਟਰ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ ਅਤੇ ਸਟੰਟ ਕਰਦਿਆਂ ਨੌਜਵਾਨਾਂ ਦੇ ਗੰਭੀਰ ਸੱਟਾਂ ਲਗੀਆਂ ਹਨ ਅਤੇ ਇੱਕ ਨੌਜਵਾਨ ਦੀ ਮੌਤ ਵੀ ਹੋ ਗਈ ਸੀ। ਜਿਸਦੇ ਮੱਦੇਨਜਰ ਇਹ ਪਾਬੰਦੀ ਲਗਾਈ ਗਈ ਹੈ। ਇਹ ਹੁਕਮ 12 ਨਵੰਬਰ 2025 ਤੱਕ ਲਾਗੂ ਰਹਿਣਗੇ।
ਜਿਲ੍ਹਾ ਮੈਜਿਸਟ੍ਰੇਟ ਨੇ ਜਿਲ੍ਹੇ ਅੰਦਰ ਵੱਖ-ਵੱਖ ਸਥਾਨਾਂ ’ਤੇ ਹੋ ਰਹੇ ਵਿਆਹ/ਧਾਰਮਿਕ ਸਮਾਗਮਾਂ ਅਤੇ ਹੋਰ ਪ੍ਰੋਗਰਾਮਾਂ ਵਿੱਚ ਬਿਨਾਂ ਮੰਜੂਰੀ ਡਰੋਨ ਚਲਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਅਨੁਸਾਰ ਕਿਹਾ ਗਿਆ ਹੈ ਕਿ ਪਿਛਲੇ ਦਿਨੀਂ ਸਰਹੱਦੀ ਜਿਲ੍ਹਿਆਂ ਵਿੱਚ ਸਮਾਜ ਵਿਰੋਧੀ ਅਨਸਰਾਂ ਵੱਲੋਂ ਡਰੋਨ ਰਾਹੀਂ ਮਾੜੀ ਘਟਨਾ ਨੂੰ ਅੰਜਾਮ ਦੇਣ ਦੀ ਕੋਸ਼ਿਸ ਕੀਤੀ ਗਈ ਸੀ ਜਿੱਥੇ ਉਨ੍ਹਾਂ ਨੂੰ ਗਿਰਫਤਾਰ ਕਰਨ ਦੇ ਨਾਲ-ਨਾਲ ਹਥਿਆਰ ਵੀ ਬਰਾਮਦ ਹੋਏ । ਜਿਲ੍ਹੇ ਵਿੱਚ ਸਰੁੱਖਿਆ ਦੇ ਮੱਦੇਨਜਰ ਕਿਸੇ ਵੀ ਤਰ੍ਹਾਂ ਦੇ ਡਰੋਨ ਉਡਾਉਣ ਜਾਂ ਵਰਤੋਂ ’ਤੇ ਪਾਬੰਦੀ ਦੇ ਹੁਕਮ ਲਾਏ ਗਏ ਹਨ।
ਜਿਲ੍ਹਾ ਮੈਜਿਸਟ੍ਰੇਟ ਨੇ ਇੱਕ ਹੋਰ ਹੁਕਮ ਜਾਰੀ ਕਰਦੀਆਂ ਜਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ ਜਨਤਕ ਗਲੀ/ਪਾਰਕ/ਸਰਕਾਰੀ ਜਮੀਨ ਉੱਤੇ ਅਣਅਧਿਕਾਰਤ ਤੌਰ ਤੇ ਕਿਸੇ ਵੀ ਮੰਦਰ,ਚਰਚ,ਮਸੀਤ ਜਾਂ ਗੁਰਦੁਆਰੇ ਆਦਿ ਦੀ ਉਸਾਰੀ ਕਰਨ ’ਤੇ ਪਾਬੰਦੀ ਲਾਈ ਹੈ ਅਤੇ ਕਿਹਾ ਹੈ ਕਿ ਕਿਸੇ ਵਿਭਾਗ ਦੇ ਅਧਿਕਾਰੀ ਵੱਲੋਂ ਜਨਤਕ ਥਾਂ ’ਤੇ ਉਸਾਰੀ ਕਰਨ ਦੀ ਪ੍ਰਵਾਨਗੀ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵੱਖ-ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ ਦੀ ਜਿੰਮੇਵਾਰੀ ਹੋਵੇਗੀ ਕਿ ਉਹ ਆਪਣੇ ਵਿਭਾਗ ਅਧੀਨ ਪੈਂਦੀ ਜਮੀਨ ਉੱਤੇ ਉਪਰੋਕਤ ਉਸਾਰੀ ਨਾ ਹੋਣ ਦੇਣ । ਉਨ੍ਹਾਂ ਕਿਹਾ ਕਿ ਹੁਕਮਾਂ ਦੀ ਉਲੰਘਣਾਂ ਦੀ ਸੂਰਤ ਵਿੱਚ ਜਿੰਮੇਵਾਰ ਵਿਅਕਤੀ ਜਾਂ ਸੰਸਥਾ ਖਿਲਾਫ ਬਿਨ੍ਹਾਂ ਕਿਸੇ ਦੇਰੀ ਤੋਂ ਮਾਮਲਾ ਦਰਜ ਕੀਤਾ ਜਾਵੇਗਾ। ਇਹ ਹੁਕਮ 12 ਨਵੰਬਰ ਤੱਕ ਲਾਗੂ ਰਹਿਣਗੇ।
ਜਿਲ੍ਹਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਨੇ ਜਿਲ੍ਹੇ ਅੰਦਰ ਡੀਲਿਸਟ ਖੇਤਰ ਵਿੱਚੋਂ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਦਰੱਖਤਾਂ ਨੂੰ ਕੱਟਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਸ਼ੇਸ਼ ਹਾਲਾਤ ਵਿੱਚ ਇਨ੍ਹਾਂ ਦਰੱਖਤਾਂ ਨੂੰ ਕੱਟਣਾਂ ਜਰੂਰੀ ਹੋਵੇ ਤਾਂ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਲੈਣੀ ਲਾਜ਼ਮੀ ਹੋਵੇਗੀ । ਇਹ ਹੁਕਮ 12 ਨਵੰਬਰ ਤੱਕ ਲਾਗੂ ਰਹਿਣਗੇ।
ਜਿਲ੍ਹਾ ਮੈਜਿਸਟ੍ਰੇਟ ਨੇ ਸ਼ੋਰ ਪ੍ਰਦੂਸ਼ਣ ਨੂੰ ਰੋਕਣ ਅਤੇ ਲੋਕਾਂ ਦੀ ਸਿਹਤ ਦੀ ਸੁਰੱਖਿਆ ਲਈ ਦੋਪਹੀਆ ਵਾਹਨਾਂ ਦੇ ਸਾਇਲੈਂਸਰ ਬਦਲਣ ਅਤੇ ਸਾਇਲੈਂਸਰ ਨਾਲ ਪਟਾਖੇ ਵਜਾਉਣ ’ਤੇ ਪੂਰਨ ਪਾਬੰਦੀ ਲਾਈ ਹੈ। ਉਨ੍ਹਾਂ ਕਿਹਾ ਕਿ ਇਹ ਹੁਕਮ ਸਾਇਲੈਂਸਰ ਬਦਲਣ ਵਾਲੇ ਦੁਕਾਨਦਾਰਾਂ/ਮਕੈਨਿਕਾਂ ਅਤੇ ਸਾਇਲੈਂਸਰ ਨਾਲ ਪਟਾਖੇ ਚਲਾਉਣ ਵਾਲੇ ਵਾਹਨਾਂ ’ਤੇ ਵੀ ਲਾਗੂ ਰਹਿਣਗੇ ਅਤੇ ਉਲੰਘਣਾਂ ਦੇ ਮਾਮਲੇ ਵਿੱਚ ਕਾਰਵਾਈ ਹੋਵੇਗੀ। ਇਹ ਹੁਕਮ 14 ਨਵੰਬਰ ਤੱਕ ਲਾਗੂ ਰਹਿਣਗੇ। ਇਸੇ ਤਰ੍ਹਾਂ ਜਿਲ੍ਹੇ ਵਿੱਚ ਆਮ ਨਾਗਰਿਕਾਂ ਨੂੰ ਦੋਪਹੀਆ ਵਾਹਨ ਚਲਾਉਂਦੇ ਹੋਏ ਮੂੰਹ ਢੱਕ ਕੇ/ਮੂੰਹ ਬੰਨ੍ਹ ਕੇ ਚਲਾਉਣ ’ਤੇ ਵੀ ਪਾਬੰਦੀ ਲਾਈ ਗਈ ਹੈ। ਇਹ ਪਾਬੰਦੀ ਉਨ੍ਹਾਂ ਵਿਅਕਤੀਆਂ ’ਤੇ ਲਾਗੂ ਨਹੀਂ ਹੋਵੇਗੀ ਜਿਨ੍ਹਾਂ ਨੇ ਕਿਸੇ ਬਿਮਾਰੀ ਜਾਂ ਐਲਰਜੀ ਦੀ ਵਜ੍ਹਾ ਨਾਲ ਮਾਸਕ ਜਾਂ ਕੋਈ ਹੋਰ ਚੀਜ ਪਹਿੰਨੀ ਹੋਵੇ । ਇਹ ਹੁਕਮ 14 ਨਵੰਬਰ ਤੱਕ ਲਾਗੂ ਰਹਿਣਗੇ। ਜਿਲ੍ਹਾ ਮੈਜਿਸਟ੍ਰੇਟ ਨੇ ਬਿਨ੍ਹਾਂ ਪਰਚੀ ਤੋਂ ਪਰੈਗਾਵਾਲਿਨ ਦਵਾਈ ਨੂੰ ਸਿਰਫ ਸਮਰਥ ਡਾਕਟਰ ਦੀ ਪਰਚੀ ਦੇ ਅਧਾਰ ’ਤੇ ਹੀ ਦਿੱਤੇ ਜਾਣ ਦੇ ਹੁਕਮ ਜਾਰੀ ਕੀਤੇ ਹਨ । ਉਨ੍ਹਾਂ ਕਿਹਾ ਕਿ ਮੈਡੀਕਲ ਸਟੋਰ ਵੱਲੋਂ ਪਰੈਗਾਵਾਲਿਨ ਦਾ ਮਕੰਮਲ ਰਿਕਾਰਡ ਰੱਖਿਆ ਜਾਵੇਗਾ। ਇਹ ਹੁਕਮ 14 ਨਵੰਬਰ ਤੱਕ ਲਾਗੂ ਰਹਿਣਗੇ।