ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ-ਪੀਰੀ ਖਾਲਸਾ ਮਾਰਚ ਆਪਣੇ ਦੂਜੇ ਪੜਾਅ ਤਹਿਤ ਗੁਰਦੁਆਰਾ ਸ੍ਰੀ ਭੱਠਾ ਸਾਹਿਬ, ਰੋਪੜ ਵਿਖੇ ਵਿਸ਼ਰਾਮ ਕਰਨ ਉਪਰੰਤ ਖਾਲਸਾਈ ਜਾਹੋ-ਜਲਾਲ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਇਆ। ਇਸ ਮੌਕੇ ਜੈਕਾਰਿਆਂ ਦੀ ਗੂੰਜ ਨਾਲ ਸੰਗਤਾਂ ਨੇ ਖਾਲਸਾ ਮਾਰਚ ਨੂੰ ਰਵਾਨਗੀ ਦਿੱਤੀ। ਮਾਰਚ ਦੀ ਰਵਾਨਗੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।
ਧਾਰਮਿਕ ਦੀਵਾਨ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਕੇਵਲ ਸਿੰਘ ਨੇ ਸੰਗਤਾਂ ਨਾਲ ਗੁਰ-ਇਤਿਹਾਸ ਦੀ ਸਾਂਝ ਪਾਈ ਅਤੇ ਗੁਰਮਤਿ ਅਨੁਸਾਰ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਮੀਰੀ-ਪੀਰੀ ਖਾਲਸਾ ਮਾਰਚ ਹੁਣ ਤੱਕ ਸੈਂਕੜੇ ਪਿੰਡਾਂ ਵਿੱਚੋਂ ਲੰਘ ਕੇ ਗੁਰੂ ਸਾਹਿਬ ਦੇ ਸਿਧਾਂਤਾਂ, ਪੰਥਕ ਪਰੰਪਰਾਵਾਂ ਅਤੇ ਨਸ਼ਾ ਮੁਕਤੀ ਦਾ ਸੰਦੇਸ਼ ਪਹੁੰਚਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਲੋਕਾਂ ਨਾਲ ਗੱਲਬਾਤ ਦੌਰਾਨ ਪੰਜਾਬ ਦੇ ਹਾਲਾਤ ਬਾਰੇ ਕਈ ਚਿੰਤਾਜਨਕ ਤੱਥ ਸਾਹਮਣੇ ਆਏ ਹਨ ਅਤੇ ਬਹੁਤ ਸਾਰੇ ਨੌਜਵਾਨ ਨਸ਼ਿਆਂ ਦੀ ਲਪੇਟ ਵਿੱਚ ਹਨ। ਉਨ੍ਹਾਂ ਕਿਹਾ ਕਿ ਖਾਲਸਾ ਮਾਰਚ ਦੌਰਾਨ ਕਈ ਨੌਜਵਾਨਾਂ ਨੇ ਸਿੱਖੀ ਸਰੂਪ ਵਿੱਚ ਮੁੜ ਆਉਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਪ੍ਰਣ ਲਿਆ ਹੈ। ਇਹ ਮਾਰਚ ਦੀ ਵੱਡੀ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਮਾਰਚ ਦਾ ਮੁੱਖ ਮਕਸਦ ਸਿੱਖ ਸਿਧਾਂਤਾਂ ਦਾ ਪ੍ਰਚਾਰ ਕਰਨ ਦੇ ਨਾਲ-ਨਾਲ ਸਮਾਜਿਕ ਬੁਰਾਈਆਂ ਖ਼ਿਲਾਫ਼ ਜਾਗਰੂਕਤਾ ਪੈਦਾ ਕਰਨਾ ਹੈ। ਉਨ੍ਹਾਂ ਸਿੱਖ ਸੰਗਤਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰੂ ਸਾਹਿਬ ਦੇ ਸਿਧਾਂਤਾਂ ਪ੍ਰਤੀ ਸਮਰਪਿਤ ਰਹਿਣ ਦੀ ਅਪੀਲ ਕੀਤੀ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰੂ ਸਾਹਿਬਾਨ ਨੇ ਸਮਾਜ ਵਿੱਚੋਂ ਊਚ-ਨੀਚ ਅਤੇ ਜਾਤ-ਪਾਤ ਦੀਆਂ ਵੰਡੀਆਂ ਨੂੰ ਖ਼ਤਮ ਕਰਕੇ ਮਨੁੱਖਤਾ ਨੂੰ ਬਰਾਬਰੀ ਅਤੇ ਸਤਿਕਾਰ ਦਾ ਸੰਦੇਸ਼ ਦਿੱਤਾ। ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਸਿੱਖਾਂ ਨੂੰ ਮੀਰੀ-ਪੀਰੀ ਦਾ ਸਿਧਾਂਤ ਬਖ਼ਸ਼ ਕੇ ਸੰਤ-ਸਿਪਾਹੀ ਦੀ ਜੀਵਨ-ਜਾਚ ਦਿੱਤੀ। ਉਨ੍ਹਾਂ ਕਿਹਾ ਕਿ ਖਾਲਸਾ ਮਾਰਚ ਦਾ ਉਦੇਸ਼ ਗੁਰੂ ਸਾਹਿਬ ਵੱਲੋਂ ਬਖ਼ਸ਼ੇ ਸਰਬੱਤ ਦੇ ਭਲੇ ਅਤੇ ਮਾਨਵਤਾ ਦੀ ਸੇਵਾ ਦੇ ਸਿਧਾਂਤ ਨੂੰ ਘਰ-ਘਰ ਪਹੁੰਚਾਉਣਾ ਹੈ। ਉਨ੍ਹਾਂ ਦੱਸਿਆ ਕਿ ਨੇਪਾਲ ਵਿੱਚ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਵੀ ਸ਼੍ਰੋਮਣੀ ਕਮੇਟੀ ਵੱਲੋਂ ਕਾਰਜ ਕੀਤੇ ਜਾ ਰਹੇ ਹਨ ਅਤੇ ਮੈਂਬਰਾਂ ਦਾ ਵਫ਼ਦ ਉਥੇ ਭੇਜਿਆ ਗਿਆ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਪਿੰਡ-ਪਿੰਡ ਸੰਗਤਾਂ ਵੱਲੋਂ ਮਿਲ ਰਿਹਾ ਪਿਆਰ ਅਤੇ ਸਵਾਗਤ ਇਸ ਗੱਲ ਦਾ ਪ੍ਰਮਾਣ ਹੈ ਕਿ ਸਿੱਖ ਸੰਗਤ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰੂ ਸਾਹਿਬ ਦੇ ਸਿਧਾਂਤਾਂ ਪ੍ਰਤੀ ਪੂਰੀ ਤਰ੍ਹਾਂ ਸਮਰਪਿਤ ਹੈ। ਮਾਰਚ ਦੇ ਨਾਲ ਚੱਲ ਰਹੀ ਗੁਰੂ ਸਾਹਿਬਾਨ ਦੇ ਇਤਿਹਾਸਕ ਸ਼ਸਤਰਾਂ ਵਾਲੀ ਬੱਸ ਵੀ ਸੰਗਤਾਂ ਲਈ ਖਿੱਚ ਦਾ ਕੇਂਦਰ ਬਣੀ ਹੋਈ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿਗ ਮੈਂਬਰ ਦਲਜੀਤ ਸਿੰਘ ਭਿੰਡਰ, ਬੀਬੀ ਹਰਜਿੰਦਰ ਕੌਰ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਅਜਮੇਰ ਸਿੰਘ ਖੇੜਾ, ਪਰਮਜੀਤ ਸਿੰਘ ਲੱਖੇਵਾਲ, ਬਾਬਾ ਬੂਟਾ ਸਿੰਘ, ਚਰਨਜੀਤ ਸਿੰਘ ਕਾਲੇਵਾਲ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਸਕੱਤਰ ਸ. ਭਗਵੰਤ ਸਿੰਘ ਧੰਗੇੜਾ, ਬਾਬਾ ਹਰਜੀਤ ਸਿੰਘ, ਮੈਨੇਜਰ ਜਸਬੀਰ ਸਿੰਘ, ਸਰਬਦਿਆਲ ਸਿੰਘ, ਬਾਬਾ ਮੋਹਨ ਸਿੰਘ, ਹੈੱਡ ਗ੍ਰੰਥੀ ਭਾਈ ਪਵਿੱਤਰ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਇੰਚਾਰਜ ਗੁਰਭਾਗ ਸਿੰਘ, ਗੁਰਵਿੰਦਰ ਸਿੰਘ ਮੁਹਾਲੀ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।