ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਉਪ-ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੇ ਤੀਜੇ ਦਿਨ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਪਿੰਦਰ ਸਿੰਘ ਨੇ ਸਿਹਤ ਬਲਾਕ ਬਲਾਚੌਰ ਦੇ ਸਲੱਮ ਬਸਤੀਆਂ ਅਤੇ ਇੱਟਾਂ ਦੇ ਭੱਠਿਆਂ ਦਾ ਦੌਰਾ ਕਰਕੇ ਪੋਲੀਓ ਰੋਕੂ ਬੂੰਦਾਂ ਪਿਲਾਉਣ ਦੇ ਕਾਰਜਾਂ ਦਾ ਜਾਇਜ਼ਾ ਲਿਆ।
ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੇ ਗਏ ਇਸ ਨਿਰੀਖਣ ਦੌਰਾਨ ਉਨ੍ਹਾਂ ਸਿਹਤ ਟੀਮਾਂ ਦੀ ਕਾਰਗੁਜ਼ਾਰੀ ਦੀ ਜਾਂਚ ਕੀਤੀ ਅਤੇ ਹਦਾਇਤ ਕੀਤੀ ਕਿ ਸਲੱਮ ਬਸਤੀਆਂ ਅਤੇ ਇੱਟਾਂ ਦੇ ਭੱਠਿਆਂ 'ਤੇ ਰਹਿਣ ਵਾਲੇ ਮਜ਼ਦੂਰ ਪਰਿਵਾਰਾਂ ਦੇ ਪੰਜ ਸਾਲ ਤੱਕ ਦੀ ਉਮਰ ਦੇ ਸਾਰੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣੀਆਂ ਯਕੀਨੀ ਬਣਾਈਆਂ ਜਾਣ।
ਉਨ੍ਹਾਂ ਕਿਹਾ ਕਿ ਕੋਈ ਵੀ ਬੱਚਾ ਆਪਣੇ ਰਿਹਾਇਸ਼ੀ ਸਥਾਨ ਜਾਂ ਕਿਸੇ ਹੋਰ ਕਾਰਨ ਕਰਕੇ ਇਸ ਮਹੱਤਵਪੂਰਨ ਸਿਹਤ ਸੇਵਾ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਸਿਹਤ ਕਰਮਚਾਰੀਆਂ ਨੂੰ ਘਰ-ਘਰ ਅਤੇ ਹਰੇਕ ਸੰਭਾਵਿਤ ਰਿਹਾਇਸ਼ੀ ਥਾਂ ਤੱਕ ਪਹੁੰਚ ਕਰਕੇ ਮੁਹਿੰਮ ਨੂੰ ਸਫ਼ਲ ਬਣਾਉਣ ਦੀ ਹਦਾਇਤ ਕੀਤੀ।