ਖਰੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) (ਪ੍ਰੀਤ ਪੱਤੀ) : ਡਿਪਟੀ ਕਮਿਸ਼ਨਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਕੋਮਲ ਮਿੱਤਲ ਨੇ ਅੱਜ ਬਾਅਦ ਦੁਪਹਿਰ ਖਰੜ–ਲਾਂਡਰਾਂ ਰੋਡ ’ਤੇ ਚੱਲ ਰਹੇ ਸੀਵਰੇਜ ਕੰਮਾਂ ਦੀ ਸਮੀਖਿਆ ਕੀਤੀ ਅਤੇ ਕਾਰਜਕਾਰੀ ਅਧਿਕਾਰੀ (ਈ.ਓ.), ਨਗਰ ਕੌਂਸਲ ਖਰੜ ਨੂੰ ਨਿਰਦੇਸ਼ ਦਿੱਤੇ ਕਿ ਸੜਕ ਦੀ ਮੁਰੰਮਤ ਦਾ ਕੰਮ ਮਾਰਚ ਮਹੀਨੇ ਤੋਂ ਸ਼ੁਰੂ ਕਰਨ ਲਈ ਤੁਰੰਤ ਟੈਂਡਰ ਜਾਰੀ ਕੀਤੇ ਜਾਣ। ਉਨ੍ਹਾਂ ਨੇ ਨਾਲ ਹੀ ਬਰਸਾਤੀ ਪਾਣੀ ਦੀ ਸੁਚੱਜੀ ਅਤੇ ਉਚਿਤ ਨਿਕਾਸੀ ਯਕੀਨੀ ਬਣਾਉਣ ਦੇ ਹੁਕਮ ਵੀ ਦਿੱਤੇ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਖੂਨੀਮਾਜਰਾ ਵਿਖੇ ਨਿਰਮਾਣ ਅਧੀਨ ਸਿਵਰੇਜ ਟ੍ਰੀਟਮੈਂਟ ਪਲਾਂਟ (ਐਸ.ਟੀ.ਪੀ.) ਦਾ ਵੀ ਨਿਰੀਖਣ ਕੀਤਾ। ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਕਿ ਲਗਭਗ 70 ਫੀਸਦੀ ਕੰਮ ਪੂਰਾ ਹੋ ਚੁੱਕਾ ਹੈ ਅਤੇ ਇਹ ਐਸ.ਟੀ.ਪੀ. ਜੁਲਾਈ 2026 ਤੱਕ ਚਾਲੂ ਹੋਣ ਦੀ ਸੰਭਾਵਨਾ ਹੈ। ਡਿਪਟੀ ਕਮਿਸ਼ਨਰ ਨੇ ਪ੍ਰੋਜੈਕਟ ਨੂੰ ਨਿਰਧਾਰਤ ਸਮੇਂ ਅੰਦਰ ਪੂਰਾ ਕਰਨ ’ਤੇ ਜ਼ੋਰ ਦਿੱਤਾ।
ਇਸ ਤੋਂ ਬਾਅਦ ਸ੍ਰੀਮਤੀ ਕੋਮਲ ਮਿੱਤਲ ਨੇ ਛੱਜੂਮਾਜਰਾ ਰੋਡ (ਐਸ.ਬੀ.ਪੀ. ਹੋਮਜ਼ ਨੇੜੇ) ਬਰਸਾਤੀ ਪਾਣੀ ਨਿਕਾਸੀ ਕੰਮਾਂ ਦੀ ਸਮੀਖਿਆ ਕੀਤੀ ਅਤੇ ਕਾਰਜਕਾਰੀ ਅਧਿਕਾਰੀ ਨਗਰ ਕੌਂਸਲ ਖਰੜ ਨੂੰ ਨਿਰਦੇਸ਼ ਦਿੱਤੇ ਕਿ ਮਾਨਸੂਨ ਤੋਂ ਪਹਿਲਾਂ ਟਾਇਲਾਂ ਲਾਉਣ ਸਮੇਤ ਸਾਰੇ ਬਾਕੀ ਕੰਮ ਮੁਕੰਮਲ ਕੀਤੇ ਜਾਣ, ਤਾਂ ਜੋ ਇਲਾਕੇ ਦੇ ਵਸਨੀਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਅਨਮੋਲ ਸਿੰਘ ਧਾਲੀਵਾਲ, ਐਸ.ਡੀ.ਐੱਮ. ਖਰੜ ਸ੍ਰੀਮਤੀ ਦਿਵਿਆ ਪੀ. ਅਤੇ ਹੋਰ ਸੰਬੰਧਿਤ ਅਧਿਕਾਰੀ ਵੀ ਮੌਜੂਦ ਸਨ।