ਨਵਾਂ ਸ਼ਹਿਰ (ਮਨੋਰੰਜਨ ਕਾਲੀਆ) : ਡਿਪਟੀ ਕਮਿਸ਼ਨਰ-ਕਮ- ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਗੁਲਪ੍ਰੀਤ ਸਿੰਘ ਔਲਖ ਨੇ ਵੀਰਵਾਰ ਨੂੰ ਜ਼ਿਲ੍ਹਾ ਪੱਧਰੀ ਈ.ਵੀ.ਐਮ ਵੇਅਰਹਾਊਸ, ਡਾ. ਬੀ.ਆਰ. ਅੰਬੇਡਕਰ ਭਵਨ, ਗੁਜਰਪੁਰ ਕਲਾਂ ਵਿਖੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮਜ਼) ਦੀ ਫਸਟ ਲੈਵਲ ਚੈਕਿੰਗ (ਐਫ.ਐਲ.ਸੀ.) ਸਬੰਧੀ ਕੀਤੀਆਂ ਗਈਆਂ ਤਿਆਰੀਆਂ ਦਾ ਜਾਇਜ਼ਾ ਲਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਵਨੀਤ ਕੌਰ, ਸਹਾਇਕ ਕਮਿਸ਼ਨਰ (ਜ) ਸ੍ਰੀ ਰਮਨਜੀਤ, ਚੋਣ ਤਹਿਸੀਲਦਾਰ ਸ੍ਰੀ ਅਮਨਦੀਪ ਸਿੰਘ, ਐਕਸੀਅਨ ਵਾਟਰ ਸਪਲਾਈ ਸ੍ਰੀ ਸਿਮਰਨਜੀਤ ਸਿੰਘ, ਉਪ ਮੰਡਲ ਭੂਮੀ ਰੱਖਿਆ ਅਫ਼ਸਰ ਸ੍ਰੀ ਕ੍ਰਿਸ਼ਨ ਦੁਗਲ ਅਤੇ ਹੋਰ ਅਧਿਕਾਰੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਨਿਰੀਖਣ ਦਾ ਮੁੱਖ ਉਦੇਸ਼ ਆਗਾਮੀ ਵਿਧਾਨ ਸਭਾ ਚੋਣਾਂ-2027 ਨੂੰ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਚੋਣ ਪ੍ਰਬੰਧਾਂ ਨੂੰ ਪਹਿਲਾਂ ਤੋਂ ਹੀ ਮਜ਼ਬੂਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਚੋਣਾਂ ਲਈ ਕੁੱਲ 1,844 ਬੈਲਟ ਯੂਨਿਟ (ਬੀ.ਯੂ.), 901 ਕੰਟਰੋਲ ਯੂਨਿਟ (ਸੀ.ਯੂ.) ਅਤੇ 931 ਵੀ.ਵੀ.ਪੈਟ (VVPAT) ਮਸ਼ੀਨਾਂ ਉਪਲਬਧ ਹਨ।
ਉਨ੍ਹਾਂ ਦੱਸਿਆ ਕਿ ਭਾਰਤ ਇਲੈਕਟ੍ਰਾਨਿਕਸ ਲਿਮਟਿਡ (ਬੀ.ਈ.ਐੱਲ.) ਦੇ ਛੇ ਇੰਜੀਨੀਅਰਾਂ ਵੱਲੋਂ ਇਨ੍ਹਾਂ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ 12 ਨਵੰਬਰ, 2026 ਤੋਂ ਸ਼ੁਰੂ ਕੀਤੀ ਜਾਵੇਗੀ। ਇਹ ਪ੍ਰਕਿਰਿਆ ਕਰੀਬ ਤਿੰਨ ਹਫ਼ਤਿਆਂ ਦੇ ਅੰਦਰ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਐਫ.ਐਲ.ਸੀ. ਚੋਣ ਪ੍ਰਕਿਰਿਆ ਦਾ ਇੱਕ ਅਹਿਮ ਪੜਾਅ ਹੈ, ਜਿਸ ਰਾਹੀਂ ਮਸ਼ੀਨਾਂ ਦੀ ਕਾਰਜਕੁਸ਼ਲਤਾ ਯਕੀਨੀ ਬਣਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਪੂਰੀ ਪ੍ਰਕਿਰਿਆ ਦੌਰਾਨ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਚੈਕਿੰਗ ਦਾ ਕੰਮ ਪੂਰੀ ਪਾਰਦਰਸ਼ਤਾ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।