ਨਵਾਂ ਸ਼ਹਿਰ (ਜਸਵਿੰਦਰ ਬੈਂਸ) : ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ੍ਰੀ ਗੁਲਪ੍ਰੀਤ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਮਿਨਰਲ ਫਾਊਂਡੇਸ਼ਨ (ਡੀ.ਐਮ.ਐਫ.) ਦੀ ਮੀਟਿੰਗ ਹੋਈ, ਜਿਸ ਦੌਰਾਨ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ, ਮਾਈਨਿੰਗ ਸਾਈਟਾਂ ਦੀ ਵਾਤਾਵਰਣ ਨਿਗਰਾਨੀ ਅਤੇ ਵੱਖ-ਵੱਖ ਵਿਕਾਸ ਕਾਰਜਾਂ ਲਈ ਡੀ.ਐਮ.ਐਫ. ਫੰਡ ਦੀ ਵਰਤੋਂ ਸਬੰਧੀ ਏਜੰਡੇ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਗੈਰ-ਕਾਨੂੰਨੀ ਮਾਈਨਿੰਗ ਦੀ ਰੋਕਥਾਮ ਲਈ ਵਿਭਾਗੀ ਅਧਿਕਾਰੀਆਂ ਨੂੰ ਨਿਯਮਤ ਚੈਕਿੰਗ ਅਤੇ ਸਖ਼ਤ ਨਿਗਰਾਨੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਅਧਿਕਾਰੀਆਂ ਵੱਲੋਂ ਦੱਸਿਆ ਗਿਆ ਕਿ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਐਫ.ਆਈ.ਆਰ. ਦਰਜ ਕਰਨ ਦੇ ਨਾਲ-ਨਾਲ ਓਵਰਲੋਡ ਅਤੇ ਨਾਜਾਇਜ਼ ਮਾਈਨਿੰਗ ਵਿੱਚ ਸ਼ਾਮਲ ਵਾਹਨਾਂ ਦੇ ਸੈਕਸ਼ਨ 74-75 ਤਹਿਤ ਚਲਾਨ ਕੀਤੇ ਜਾ ਰਹੇ ਹਨ। ਇਸ ਕਾਰਵਾਈ ਤਹਿਤ 1 ਅਪ੍ਰੈਲ ਤੋਂ 31 ਅਕਤੂਬਰ 2026 ਤੱਕ 21,23,591 ਰੁਪਏ ਦੇ ਚਲਾਨ ਕੀਤੇ ਗਏ ਹਨ।
ਅਧਿਕਾਰੀਆਂ ਨੇ ਦੱਸਿਆ ਕਿ 30 ਸਤੰਬਰ 2026 ਤੱਕ ਡੀ.ਐਮ.ਐਫ. ਖਾਤੇ ਵਿੱਚ 1 ਕਰੋੜ 46 ਲੱਖ 23 ਹਜ਼ਾਰ 734 ਰੁਪਏ 74 ਪੈਸੇ ਦੀ ਰਾਸ਼ੀ ਮੌਜੂਦ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਖੇਡ ਮੈਦਾਨ ਸਕੀਮ ਤਹਿਤ ਜ਼ਿਲ੍ਹੇ ਵਿੱਚ ਬਣਨ ਵਾਲੇ ਖੇਡ ਸਟੇਡੀਅਮ ਲਈ 40 ਲੱਖ ਰੁਪਏ ਪੇਂਡੂ ਵਿਕਾਸ ਅਤੇ ਪੰਚਾਇਤ ਰਾਜ ਅਧਿਕਾਰੀ, ਨਵਾਂ ਸ਼ਹਿਰ ਨੂੰ ਜਾਰੀ ਕਰਨ ਸਬੰਧੀ ਪ੍ਰਸਤਾਵ ਵੀ ਮੀਟਿੰਗ ਵਿੱਚ ਰੱਖਿਆ ਗਿਆ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਾਈਨਿੰਗ ਗਤੀਵਿਧੀਆਂ ਨੂੰ ਨਿਯਮਾਂ ਅਨੁਸਾਰ ਚਲਾਉਣ, ਕੁਦਰਤੀ ਸਰੋਤਾਂ ਦੀ ਸੰਭਾਲ ਅਤੇ ਡੀ.ਐਮ.ਐਫ. ਫੰਡ ਦੀ ਪਾਰਦਰਸ਼ੀ ਤੇ ਲੋਕ-ਹਿੱਤ ਵਿੱਚ ਵਰਤੋਂ ਨੂੰ ਯਕੀਨੀ ਬਣਾਇਆ ਜਾਵੇ।