ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਲੋਕਾਂ ਨੂੰ ਡੇਂਗੂ, ਚਿਕਨਗੁਨੀਆ ਤੇ ਮਲੇਰੀਆ ਵਰਗੀਆਂ ਘਾਤਕ ਬਿਮਾਰੀਆਂ ਤੋਂ ਬਚਾਉਣ ਲਈ ਖ਼ੁਦ ਕਮਾਨ ਸੰਭਾਲ ਲਈ ਹੈ। ਅੱਜ "ਹਰ ਸ਼ੁੱਕਰਵਾਰ-ਡੇਂਗੂ 'ਤੇ ਵਾਰ" ਮੁਹਿੰਮ ਮੌਕੇ ਲੋਕਾਂ ਨੂੰ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ, ਖਾਸ ਕਰਕੇ ਡੇਂਗੂ ਦੇ ਡੰਗ ਤੋਂ ਬਚਾਉਣ ਲਈ ਡਾ. ਗੁਰਿੰਦਰਜੀਤ ਸਿੰਘ ਨੇ ਬੰਗਾ ਰੋਡ ਨਵਾਂਸ਼ਹਿਰ ਵਿੱਚ ਪੈਂਦੀਆਂ ਨਰਸਰੀਆਂ ਤੇ ਨਿਰਮਾਣ ਅਧੀਨ ਇਮਾਰਤਾਂ ਦਾ ਦੌਰਾ ਕੀਤਾ ਤੇ ਲਾਰਵੇ ਦੀ ਪਛਾਣ ਕਰਨ ਬਾਰੇ ਆਮ ਲੋਕਾਂ ਨੂੰ ਜਾਗਰੂਕ ਕੀਤਾ।
ਸਿਵਲ ਸਰਜਨ ਨੇ ਦੱਸਿਆ ਕਿ 'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਮੁਹਿੰਮ ਦਾ ਮਕਸਦ ਡੇਂਗੂ, ਮਲੇਰੀਆਂ ਤੇ ਚਿਕਨਗੁਨੀਆਂ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰਨਾ ਹੈ ਤਾਂ ਜੋ ਲੋਕ ਸਾਵਧਾਨੀਆਂ ਵਰਤ ਕੇ ਆਪਣੀ ਤੇ ਆਪਣੇ ਇਲਾਕੇ ਦੇ ਲੋਕਾਂ ਦਾ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਕਰ ਸਕਣ।
ਡਾ. ਗੁਰਿੰਦਰਜੀਤ ਸਿੰਘ ਨੇ ਨਵਾਂਸ਼ਹਿਰ ਵਿੱਚ ਪੈਂਦੀਆਂ ਨਰਸਰੀਆਂ ਤੇ ਨਿਰਮਾਣ ਅਧੀਨ ਇਮਾਰਤਾਂ ਵਿੱਚ ਜਾ ਕੇ ਪਾਣੀ ਵਾਲੇ ਸਰੋਤਾਂ, ਕੂਲਰਾਂ, ਫੁੱਲਾਂ ਦੇ ਗਮਲੇ ਅਤੇ ਪੰਛੀਆਂ ਨੂੰ ਪਾਣੀ ਪਿਲਾਉਣ ਲਈ ਵਰਤੇ ਜਾਂਦੇ ਭਾਂਡਿਆਂ ਦੀ ਜਾਂਚ ਕੀਤੀ। ਸਿਵਲ ਸਰਜਨ ਵੱਲੋਂ ਹਰ ਉਸ ਥਾਂ ਦੀ ਚੈਕਿੰਗ ਕੀਤੀ ਗਈ, ਜਿੱਥੇ ਡੇਂਗੂ ਦਾ ਲਾਰਵਾ ਹੋਣ ਦੀ ਸੰਭਾਵਨਾ ਸੀ।
ਸਿਵਲ ਸਰਜਨ ਨੇ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਜਾਗਰੂਕਤਾ ਹੀ ਸਭ ਤੋਂ ਵੱਡਾ ਹਥਿਆਰ ਹੈ ਅਤੇ ਲੋਕਾਂ ਨੂੰ ਸਿੱਖਿਅਤ ਕਰਕੇ ਹੀ ਡੇਂਗੂ ਫੈਲਾਉਣ ਵਾਲੇ ਮੱਛਰ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਜਿਥੇ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਉਥੇ ਹੀ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ।
ਸਿਵਲ ਸਰਜਨ ਨੇ ਇਹ ਵੀ ਦੱਸਿਆ ਕਿ ਭਾਵੇਂ ਡੇਂਗੂ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਬਿਲਕੁਲ ਮੁਫ਼ਤ ਹੈ ਪਰ ਅਸੀਂ ਕੁਝ ਸਾਧਾਰਨ ਸਾਵਧਾਨੀਆਂ ਅਪਣਾ ਕੇ ਡੇਂਗੂ ਵਰਗੀਆਂ ਬਿਮਾਰੀਆਂ ਤੋਂ ਆਪਣੇ ਆਪ ਨੂੰ ਬਚਾਅ ਸਕਦੇ ਹਾਂ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਦਲਜੀਤ ਸਿੰਘ, ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਤਰਸੇਮ ਲਾਲ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ, ਰਾਜੀਵ ਕੁਮਾਰ, ਜੋਗਿੰਦਰ ਪਾਲ ਸਮੇਤ ਹੋਰ ਸਿਹਤ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।