ਇਸੇ ਕੜੀ ਤਹਿਤ ਸਹਾਇਕ ਸਿਵਲ ਸਰਜਨ ਡਾ ਬਲਬੀਰ ਕੁਮਾਰ ਨੇ "ਹਰ ਸ਼ੁੱਕਰਵਾਰ-ਡੇਂਗੂ ’ਤੇ ਵਾਰ" ਮੁਹਿੰਮ ਤਹਿਤ ਬਾਰਾਂਦਰੀ ਗਾਰਡਨ, ਨਵਾਂਸ਼ਹਿਰ ਤੇ ਫੱਟੀ ਬਸਤਾ ਚੌਂਕ ਵਿਖੇ ਡੇਂਗੂ ਬੁਖ਼ਾਰ ਲਈ ਜ਼ਿੰਮੇਵਾਰ ਮੱਛਰ ਦਾ ਲਾਰਵਾ ਲੱਭਣ ਲਈ ਕੰਟੇਨਰ ਚੈੱਕ ਕੀਤੇ ਅਤੇ ਮੱਛਰ ਦੀ ਪੈਦਾਇਸ਼ ਵਾਲੀਆਂ ਹੋਰ ਸੰਭਾਵੀ ਥਾਵਾਂ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਮੌਕੇ 'ਤੇ ਮੌਜੂਦ ਲੋਕਾਂ ਨੂੰ ਡੇਂਗੂ ਬੁਖ਼ਾਰ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਵਿਸਥਾਰਪੂਰਵਕ ਸਮਝਾਇਆ।
ਡਾ. ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ‘ਹਰ ਸ਼ੁੱਕਰਵਾਰ-ਡੇਂਗੂ ’ਤੇ ਵਾਰ’ ਮੁਹਿੰਮ ਸਾਰੇ ਜ਼ਿਲ੍ਹੇ ਵਿਚ ਜ਼ੋਰ-ਸ਼ੋਰ ਨਾਲ ਚੱਲ ਰਹੀ ਹੈ। ਸਿਹਤ ਅਧਿਕਾਰੀਆਂ ਸਮੇਤ ਹੋਰ ਸਿਹਤ ਸਟਾਫ਼ ਜਿੱਥੇ ਘਰ-ਘਰ ਜਾ ਕੇ ਡੇੰਗੂ ਸਰਵੇਖਣ ਕਰ ਰਿਹਾ ਹੈ, ਉੱਥੇ ਆਮ ਲੋਕਾਂ ਨੂੰ ਜਾਗਰੂਕ ਕਰਨ ਦੀ ਕਾਰਵਾਈ ਵੀ ਕੀਤੀ ਜਾ ਰਹੀ ਹੈ। ਸਰਵੇ ਦੌਰਾਨ ਕੰਟੇਨਰ, ਗਮਲੇ, ਕੂਲਰ, ਫ਼ਰਿੱਜ, ਬਕਸੇ ਅਤੇ ਹੋਰ ਸਮਾਨ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਣ ਦਾ ਇਕੋ-ਇਕ ਕਾਰਗਰ ਤਰੀਕਾ ਹੈ ਕਿ ਕਿਸੇ ਵੀ ਥਾਂ ’ਤੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ।
ਉਨ੍ਹਾਂ ਨੇ ਦੱਸਿਆ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਕੁੱਝ ਦਿਨਾਂ ਵਿਚ ਖ਼ਤਰਨਾਕ ਮੱਛਰ ਦਾ ਰੂਪ ਲੈ ਲੈਂਦਾ ਹੈ ਜਿਹੜਾ ਵਿਅਕਤੀ ਦੀ ਜਾਨ ਵੀ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ। ਸਰਕਾਰੀ ਸਿਹਤ ਸੰਸਥਾਵਾਂ ਵਿਚ ਡੇਂਗੂ ਦੀ ਜਾਂਚ ਅਤੇ ਇਲਾਜ ਮੁਫ਼ਤ ਹੁੰਦਾ ਹੈ। ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਡੇਂਗੂ ਬੁਖ਼ਾਰ ਦੇ ਲੱਛਣ
ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀਅ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ।