ਖਰੜ (ਪ੍ਰੀਤ ਪੱਤੀ) : ਹਲਕਾ ਖਰੜ ਉਪ ਮੰਡਲ ਅਧੀਨ ਸ਼ਹਿਰੀ ਅਤੇ ਪਿੰਡਾਂ ਦੇ ਕਈ ਖੇਤਰਾਂ ਵਿੱਚ ਪਿਛਲੇ ਦੋ ਦਿਨਾਂ ਤੋਂ ਲੱਗ ਰਹੇ ਅਣ-ਐਲਾਨੇ ਬਿਜਲੀ ਕੱਟਾਂ ਕਾਰਨ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਨੇ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਦੀ ਕਾਰਗੁਜ਼ਾਰੀ ’ਤੇ ਸਵਾਲ ਖੜੇ ਕਰਦਿਆਂ ਕਿਹਾ ਕਿ ਗਰਮੀ ਦੇ ਇਸ ਮੌਸਮ ਵਿੱਚ ਲੋਕਾਂ ਨੂੰ ਬਿਨਾਂ ਕਿਸੇ ਜਾਣਕਾਰੀ ਦੇ ਲੰਬੇ-ਲੰਬੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਨਾਲ ਲੋਕਾਂ ਦੀ ਦਿਨਚਰੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ।
ਉਨ੍ਹਾਂ ਕਿਹਾ ਕਿ ਖਰੜ ਫੀਡਰ ਅਧੀਨ ਆਉਂਦੇ ਕਈ ਇਲਾਕਿਆਂ ਵਿੱਚ ਦਿਨ ਅਤੇ ਰਾਤ ਸਮੇਂ ਵਾਰ-ਵਾਰ ਬਿਜਲੀ ਸਪਲਾਈ ਬੰਦ ਹੋਣ ਕਾਰਨ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਵੀ ਕਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਿਜਲੀ ਨਾ ਹੋਣ ਕਰਕੇ ਘਰਾਂ ਵਿੱਚ ਲੱਗੀਆਂ ਮੋਟਰਾਂ ਅਤੇ ਹੋਰ ਜ਼ਰੂਰੀ ਉਪਕਰਨ ਬੰਦ ਪਏ ਹਨ, ਜਿਸ ਕਾਰਨ ਲੋਕ ਪਰੇਸ਼ਾਨੀ ਵਿੱਚ ਜੀਵਨ ਬਿਤਾਉਣ ਲਈ ਮਜਬੂਰ ਹਨ।
ਕਮਲ ਕਿਸ਼ੋਰ ਸ਼ਰਮਾ ਨੇ ਕਿਹਾ ਕਿ ਸਭ ਤੋਂ ਵੱਧ ਤਕਲੀਫ਼ ਬਜ਼ੁਰਗਾਂ, ਬੱਚਿਆਂ ਅਤੇ ਬਿਮਾਰ ਮਰੀਜ਼ਾਂ ਨੂੰ ਹੋ ਰਹੀ ਹੈ। ਭਿਆਨਕ ਗਰਮੀ ਅਤੇ ਉਮਸ ਕਾਰਨ ਲੋਕਾਂ ਦਾ ਘਰਾਂ ਵਿੱਚ ਰਹਿਣਾ ਔਖਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਵੀ ਬਿਜਲੀ ਸਪਲਾਈ ਪ੍ਰਭਾਵਿਤ ਹੋਣ ਕਾਰਨ ਮਹਿੰਗੇ ਭਾਅ ਦਾ ਡੀਜ਼ਲ ਫੂਕ ਕੇ ਝੋਨੇ ਦੀ ਫ਼ਸਲ ਨੂੰ ਪਾਣੀ ਦੇਣ ਲਈ ਮਜਬੂਰ ਹਨ, ਜਿਸ ਨਾਲ ਉਨ੍ਹਾਂ ’ਤੇ ਵਾਧੂ ਆਰਥਿਕ ਬੋਝ ਪੈ ਰਿਹਾ ਹੈ।
ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਬਿਜਲੀ ਪ੍ਰਬੰਧਾਂ ਨੂੰ ਸੁਧਾਰਨ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ, ਪਰ ਜ਼ਮੀਨੀ ਹਕੀਕਤ ਇਸ ਤੋਂ ਬਿਲਕੁਲ ਉਲਟ ਹੈ। ਲੋਕਾਂ ਨੂੰ ਨਾ ਤਾਂ ਨਿਰਵਿਘਨ ਬਿਜਲੀ ਮਿਲ ਰਹੀ ਹੈ ਅਤੇ ਨਾ ਹੀ ਬਿਜਲੀ ਕੱਟਾਂ ਸਬੰਧੀ ਕੋਈ ਪਹਿਲਾਂ ਸੂਚਨਾ ਦਿੱਤੀ ਜਾਂਦੀ ਹੈ।
ਸ਼ਰਮਾ ਨੇ ਕਿਹਾ ਕਿ ਦਿਨੋਂ ਦਿਨ ਵੱਧ ਰਹੀ ਗਰਮੀ ਕਾਰਨ ਆਮ ਜਨ ਜੀਵਨ ਪਹਿਲਾਂ ਹੀ ਪ੍ਰਭਾਵਿਤ ਹੈ ਅਤੇ ਉੱਪਰੋਂ ਬਿਜਲੀ ਦੇ ਲੰਮੇ ਕੱਟ ਲੋਕਾਂ ਦੀਆਂ ਮੁਸ਼ਕਲਾਂ ਨੂੰ ਹੋਰ ਵਧਾ ਰਹੇ ਹਨ। ਉਨ੍ਹਾਂ ਪੰਜਾਬ ਸਰਕਾਰ ਅਤੇ ਪਾਵਰਕੌਮ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਬਿਜਲੀ ਸਪਲਾਈ ਨੂੰ ਤੁਰੰਤ ਸੁਚਾਰੂ ਬਣਾਇਆ ਜਾਵੇ ਅਤੇ ਲੋਕਾਂ ਨੂੰ ਇਸ ਭਿਆਨਕ ਗਰਮੀ ਤੋਂ ਰਾਹਤ ਦਿਵਾਈ ਜਾਵੇ।
ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦ ਹੀ ਇਸ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਕਾਂਗਰਸ ਪਾਰਟੀ ਲੋਕਾਂ ਨੂੰ ਨਾਲ ਲੈ ਕੇ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ।