ਅੰਮ੍ਰਿਤਸਰ : ਭਾਰਤ ਸਰਕਾਰ ਵੱਲੋਂ ਦੇਸ਼ ਦੀ ਰਾਜਧਾਨੀ ਦਿੱਲੀ ਦੇ ਪ੍ਰਸ਼ਾਸਨਿਕ ਢਾਂਚੇ ਵਿੱਚ ਵੱਡਾ ਫੇਰਬਦਲ ਕਰਦਿਆਂ ਸਾਬਕਾ ਸੀਨੀਅਰ ਰਾਜਦੂਤ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੂੰ ਦਿੱਲੀ ਦਾ ਨਵਾਂ ਉਪ-ਰਾਜਪਾਲ ਨਿਯੁਕਤ ਕੀਤਾ ਗਿਆ ਹੈ। 1988 ਬੈਚ ਦੇ ਭਾਰਤੀ ਵਿਦੇਸ਼ ਸੇਵਾ ਦੇ ਅਧਿਕਾਰੀ ਰਹੇ ਸੰਧੂ ਸਮੁੰਦਰੀ ਦੀ ਇਸ ਨਿਯੁਕਤੀ ਨੇ ਨਾ ਸਿਰਫ਼ ਦਿੱਲੀ ਦੇ ਸਿਆਸੀ ਗਲਿਆਰਿਆਂ ਵਿੱਚ ਹਲਚਲ ਤੇਜ਼ ਕਰ ਦਿੱਤੀ ਹੈ, ਸਗੋਂ ਪੰਜਾਬ, ਖ਼ਾਸਕਰ ਅੰਮ੍ਰਿਤਸਰ ਦੇ ਸਰਹੱਦੀ ਇਲਾਕਿਆਂ ਵਿੱਚ ਖੁਸ਼ੀ ਦੀ ਲਹਿਰ ਪੈਦਾ ਕਰ ਦਿੱਤੀ ਹੈ।
ਤਰਨਜੀਤ ਸਿੰਘ ਸੰਧੂ ਸਮੁੰਦਰੀ ਦਾ ਪਿਛੋਕੜ ਬੇਹੱਦ ਪ੍ਰਭਾਵਸ਼ਾਲੀ ਅਤੇ ਪੰਥਕ ਰਿਵਾਇਤਾਂ ਨਾਲ ਜੁੜਿਆ ਹੋਇਆ ਹੈ। ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੰਸਥਾਪਕ ਮੈਂਬਰਾਂ ਵਿੱਚੋਂ ਇੱਕ ਸਵ. ਜਥੇ.ਤੇਜਾ ਸਿੰਘ ਸਮੁੰਦਰੀ ਦੇ ਪੋਤੇ ਹਨ। ਸੰਧੂ ਸਮੁੰਦਰੀ ਨੇ ਆਪਣੇ ਦਹਾਕਿਆਂ ਲੰਬੇ ਡਿਪਲੋਮੈਟਿਕ ਕਰੀਅਰ ਦੌਰਾਨ ਅਮਰੀਕਾ ਅਤੇ ਸ੍ਰੀਲੰਕਾ ਵਰਗੇ ਮਹੱਤਵਪੂਰਨ ਦੇਸ਼ਾਂ ਵਿੱਚ ਭਾਰਤ ਦੇ ਰਾਜਦੂਤ ਵਜੋਂ ਸੇਵਾਵਾਂ ਨਿਭਾਈਆਂ ਹਨ। ਉਨ੍ਹਾਂ ਦੀ ਇਸ ਨਿਯੁਕਤੀ ਨੂੰ ਕੇਂਦਰ ਸਰਕਾਰ ਵੱਲੋਂ ਪ੍ਰਸ਼ਾਸਨਿਕ ਮਾਹਿਰਾਂ 'ਤੇ ਭਰੋਸਾ ਜਤਾਉਣ ਵਜੋਂ ਦੇਖਿਆ ਜਾ ਰਿਹਾ ਹੈ।
ਸੰਧੂ ਸਮੁੰਦਰੀ ਦੀ ਦਿੱਲੀ ਵਿੱਚ ਇਸ ਅਹਿਮ ਅਹੁਦੇ 'ਤੇ ਨਿਯੁਕਤੀ ਨਾਲ ਅੰਮ੍ਰਿਤਸਰ ਦੇ ਸਰਹੱਦੀ ਇਲਾਕਿਆਂ ਨੂੰ ਸਿੱਧਾ ਫਾਇਦਾ ਹੋਣ ਦੀ ਉਮੀਦ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਅੰਮ੍ਰਿਤਸਰ ਸੰਧੂ ਸਮੁੰਦਰੀ ਦਾ ਜੱਦੀ ਸ਼ਹਿਰ ਹੈ। ਉਨ੍ਹਾਂ ਦੇ ਦਿੱਲੀ ਦੇ ਸੱਤਾ ਕੇਂਦਰ ਵਿੱਚ ਪ੍ਰਭਾਵਸ਼ਾਲੀ ਹੋਣ ਨਾਲ ਅੰਮ੍ਰਿਤਸਰ ਲਈ ਕੇਂਦਰੀ ਫੰਡਾਂ ਅਤੇ ਵੱਡੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ (ਜਿਵੇਂ ਕਿ ਸਮਾਰਟ ਸਿਟੀ ਅਤੇ ਟੂਰਿਜ਼ਮ ਸੈਕਟਰ) ਨੂੰ ਮਨਜ਼ੂਰੀ ਮਿਲਣੀ ਸੌਖੀ ਹੋ ਜਾਵੇਗੀ।
ਵਿਦੇਸ਼ ਸੇਵਾਵਾਂ ਦਾ ਤਜਰਬਾ ਹੋਣ ਕਾਰਨ ਉਹ ਅੰਮ੍ਰਿਤਸਰ ਦੇ ਹਵਾਈ ਅੱਡੇ ਤੋਂ ਅੰਤਰਰਾਸ਼ਟਰੀ ਕਾਰਗੋ ਸੁਵਿਧਾਵਾਂ ਨੂੰ ਵਧਾਉਣ ਅਤੇ ਸਰਹੱਦੀ ਵਪਾਰ ਦੀਆਂ ਰੁਕਾਵਟਾਂ ਨੂੰ ਦੂਰ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ। ਸੰਧੂ ਸਮੁੰਦਰੀ ਦੇ ਅੰਤਰਰਾਸ਼ਟਰੀ ਸਬੰਧਾਂ ਸਦਕਾ ਅੰਮ੍ਰਿਤਸਰ ਵਿੱਚ ਵਿਦੇਸ਼ੀ ਨਿਵੇਸ਼ ਅਤੇ ਫੂਡ ਪ੍ਰੋਸੈਸਿੰਗ ਯੂਨਿਟ ਲਗਾਉਣ ਲਈ ਨਵੇਂ ਰਾਹ ਖੁੱਲ੍ਹਣਗੇ ਜਿਸ ਨਾਲ ਸਥਾਨਕ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ। ਇਸ ਇਤਿਹਾਸਕ ਨਿਯੁਕਤੀ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਸਮੇਤ ਭਾਜਪਾ ਦੇ ਸੀਨੀਅਰ ਲੀਡਰਸ਼ਿਪ ਦਾ ਤਹਿਦਿਲੋਂ ਧੰਨਵਾਦ ਵੀ ਕੀਤਾ।