ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕਿਹਾ ਕਿ ਨਕਸਲੀ ਹਿੰਸਾ ਕਾਰਨ ਆਦਿਵਾਸੀ ਭਾਈਚਾਰਿਆਂ ਨੂੰ ਸਭ ਤੋਂ ਵੱਧ ਨੁਕਸਾਨ ਝੱਲਣਾ ਪਿਆ ਅਤੇ ਮਾਓਵਾਦੀ ਪ੍ਰਭਾਵਿਤ ਖੇਤਰਾਂ 'ਚ ਉਨ੍ਹਾਂ ਨੂੰ ਵੋਟ ਪਾਉਣ ਦੇ ਅਧਿਕਾਰ ਤੋਂ ਵੀ ਵਾਂਝਾ ਰੱਖਿਆ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੀਆਂ ਸਰਕਾਰਾਂ ਨੇ ਆਦਿਵਾਸੀ ਭਾਈਚਾਰਿਆਂ ਨੂੰ ਉਨ੍ਹਾਂ ਦੇ ਭਵਿੱਖ 'ਤੇ ਛੱਡ ਦਿੱਤਾ ਸੀ।
ਪ੍ਰਧਾਨ ਮੰਤਰੀ ਨੇ ਆਦਿਵਾਸੀ ਆਜ਼ਾਦੀ ਘੁਲਾਟੀਏ ਬਿਰਸਾ ਮੁੰਡਾ ਦੀ 151ਵੀਂ ਜਯੰਤੀ ਮੌਕੇ 'ਤੇ ਮਹਾਰਾਸ਼ਟਰ ਦੇ ਗੜ੍ਹਚਿਰੌਲੀ 'ਚ ਆਯੋਜਿਤ ਆਦਿਵਾਸੀ ਮਾਣ ਦਿਵਸ ਪ੍ਰੋਗਰਾਮ ਨੂੰ ਡਿਜੀਟਲ ਮਾਧਿਅਮ ਨਾਲ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਉਦੋਂ ਵੀ ਚੁੱਪ ਰਹੀਆਂ, ਜਦੋਂ ਮਾਓਵਾਦੀਆਂ ਨੇ ਬੱਚਿਆਂ ਅਤੇ ਆਦਿਵਾਸੀ ਕੁੜੀਆਂ ਨੂੰ ਜ਼ਬਰਦਸਤੀ ਅਗਵਾ ਕਰਦੇ ਸਨ। ਪੀਐੱਮ ਮੋਦੀ ਨੇ ਕਿਹਾ,"ਨਕਸਲੀਆਂ ਨੇ ਆਦਿਵਾਸੀ ਭਾਈਚਾਰਿਆਂ ਨੂੰ ਉਨ੍ਹਾਂ ਦੇ ਵੋਟ ਪਾਉਣ ਦੇ ਅਧਿਕਾਰ ਤੋਂ ਵਾਂਝਾ ਰੱਖਿਆ ਅਤੇ ਪਿਛਲੀਆਂ ਸਰਕਾਰਾਂ ਮੂਕ ਦਰਸ਼ਕ ਬਣੀਆਂ ਰਹੀਆਂ।"
ਨਰਿੰਦਰ ਮੋਦੀ ਨੇ ਕਿਹਾ ਕਿ ਹੁਣ ਸਥਿਤੀ ਬਦਲ ਗਈ ਹੈ ਕਿਉਂਕਿ ਮਾਓਵਾਦੀ ਹਿੰਸਾ ਖਤਮ ਹੋ ਗਈ ਹੈ। ਆਦਿਵਾਸੀ ਮਾਵਾਂ ਅਤੇ ਭੈਣਾਂ ਸੁਰੱਖਿਅਤ ਮਹਿਸੂਸ ਕਰਦੀਆਂ ਹਨ ਅਤੇ ਸਰਕਾਰ ਨੂੰ ਆਸ਼ੀਰਵਾਦ ਦੇ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਬੱਚਿਆਂ ਦਾ ਬਚਪਨ ਹਿੰਸਾ ਤੋਂ ਪ੍ਰਭਾਵਿਤ ਹੋਇਆ ਸੀ, ਉਨ੍ਹਾਂ ਨੂੰ ਹੁਣ ਸਿੱਖਿਆ ਅਤੇ ਰੁਜ਼ਗਾਰ ਦੇ ਮੌਕੇ ਮਿਲ ਰਹੇ ਹਨ। ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਪਿਛਲੇ 12-13 ਸਾਲਾਂ 'ਚ ਲਗਭਗ 50 ਕਰੋੜ ਲੋਕ ਅਤਿ ਗਰੀਬੀ ਤੋਂ ਬਾਹਰ ਆਏ ਹਨ। ਉਨ੍ਹਾਂ ਨੇ ਇਸ ਨੂੰ ਆਜ਼ਾਦੀ ਤੋਂ ਬਾਅਦ ਭਾਰਤ ਦੀਆਂ ਸਭ ਤੋਂ ਵੱਡੀਆਂ ਪ੍ਰਾਪਤੀਆਂ 'ਚੋਂ ਇਕ ਦੱਸਿਆ।
ਵਿਸ਼ਵ ਬੈਂਕ ਦੀ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਸਮਾਜ ਅਤੇ ਨਾਗਰਿਕਾਂ ਦੇ ਸਮੂਹਿਕ ਯਤਨਾਂ ਦਾ ਨਤੀਜਾ ਹੈ। ਸਰਕਾਰ ਦੀਆਂ ਭਲਾਈ ਯੋਜਨਾਵਾਂ ਨੇ ਵੀ ਇਸ 'ਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਪੀਐੱਮ ਮੋਦੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਬਾਇਲੀ ਖੇਤਰਾਂ ਦੇ ਵਿਕਾਸ ਨੂੰ ਤੇਜ਼ ਕਰਨ ਲਈ 'ਪ੍ਰਧਾਨ ਮੰਤਰੀ-ਜਨਮਨ' ਯੋਜਨਾ ਅਤੇ ਧਰਤੀ ਆਬਾ ਜਨਜਾਤੀ ਗ੍ਰਾਮ ਉਤਕਰਸ਼ ਅਭਿਆਨ ਤਹਿਤ 1 ਲੱਖ ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਅਲਾਟ ਕੀਤੀ ਹੈ, ਜੋ ਲੰਬੇ ਸਮੇਂ ਤੋਂ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਹਨ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਗਰੀਬ ਪਰਿਵਾਰਾਂ ਨੂੰ 4 ਕਰੋੜ ਤੋਂ ਵੱਧ ਪੱਕੇ ਘਰ ਪ੍ਰਦਾਨ ਕੀਤੇ ਹਨ, ਜਿਸ 'ਚ ਵਾਂਝੇ ਭਾਈਚਾਰਿਆਂ ਨੂੰ ਤਰਜੀਹ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਵੀ ਦਹਾਕਿਆਂ ਬਾਅਦ ਵੀ ਬਿਜਲੀ ਤੋਂ ਬਿਨਾਂ ਰਹੇ 18,000 ਪਿੰਡਾਂ ਨੂੰ ਬਿਜਲੀ ਪ੍ਰਦਾਨ ਕੀਤੀ ਗਈ ਹੈ ਅਤੇ ਆਯੁਸ਼ਮਾਨ ਭਾਰਤ ਯੋਜਨਾ ਤਹਿਤ, ਲੋਕਾਂ ਨੂੰ 5 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਭਰ ਨਚ 1.75 ਲੱਖ ਤੋਂ ਵੱਧ ਆਯੁਸ਼ਮਾਨ ਅਰੋਗਿਆ ਮੰਦਰ ਸਥਾਪਿਤ ਕੀਤੇ ਗਏ ਹਨ, ਜੋ ਦੂਰ-ਦੁਰਾਡੇ ਆਦਿਵਾਸੀ ਖੇਤਰਾਂ ਵਿੱਚ ਸਿਹਤ ਸੰਭਾਲ ਤੱਕ ਪਹੁੰਚ ਪ੍ਰਦਾਨ ਕਰਦੇ ਹਨ।