ਸ਼ਿਮਲਾ : ਰਾਜ ਸਰਕਾਰ ਹੁਣ ਹਿਮਾਚਲ ਪ੍ਰਦੇਸ਼ ਵਿੱਚ ਡਰੱਗ ਮਾਫੀਆ ਅਤੇ ਡਰੱਗ ਤਸਕਰੀ ਨੈੱਟਵਰਕ ਨੂੰ ਜੜ੍ਹੋਂ ਪੁੱਟਣ ਲਈ ਤਕਨਾਲੋਜੀ ਅਤੇ ਸਖ਼ਤ ਕਾਨੂੰਨਾਂ ਦੀ ਵਰਤੋਂ ਕਰ ਰਹੀ ਹੈ। ਸਰਕਾਰ ਜਲਦੀ ਹੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਸਬੰਧਤ ਜਾਣਕਾਰੀ ਸਾਂਝੀ ਕਰਨ ਲਈ ਇੱਕ ਵਿਸ਼ੇਸ਼ ਵਟਸਐਪ ਚੈਟਬੋਟ ਸ਼ੁਰੂ ਕਰੇਗੀ। ਇਸ ਰਾਹੀਂ ਆਮ ਨਾਗਰਿਕ ਆਪਣੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖਦੇ ਹੋਏ ਸਿੱਧੇ ਪ੍ਰਸ਼ਾਸਨ ਨੂੰ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦੇ ਸਕਣਗੇ।
ਇਸ ਤੋਂ ਇਲਾਵਾ ਇਸ ਪਲੇਟਫਾਰਮ 'ਤੇ ਨਸ਼ੇ ਤੋਂ ਪ੍ਰਭਾਵਿਤ ਵਿਅਕਤੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਲਾਜ, ਸਲਾਹ ਅਤੇ ਪੁਨਰਵਾਸ ਸੰਬੰਧੀ ਜਾਣਕਾਰੀ ਵੀ ਉਪਲਬਧ ਕਰਵਾਈ ਜਾਵੇਗੀ। ਮੰਗਲਵਾਰ ਨੂੰ ਸ਼ਿਮਲਾ ਤੋਂ ਜਾਰੀ ਇੱਕ ਅਧਿਕਾਰਤ ਬਿਆਨ ਵਿੱਚ ਮੁੱਖ ਮੰਤਰੀ ਠਾਕੁਰ ਸੁਖਵਿੰਦਰ ਸਿੰਘ ਸੁੱਖੂ ਨੇ ਇਸ ਮੁਹਿੰਮ ਬਾਰੇ ਵਿਸਤ੍ਰਿਤ ਜਾਣਕਾਰੀ ਸਾਂਝੀ ਕਰਦੇ ਰਾਜ ਦੇ ਨੌਜਵਾਨਾਂ, ਪੰਚਾਇਤ ਪ੍ਰਤੀਨਿਧੀਆਂ, ਔਰਤਾਂ ਅਤੇ ਯੁਵਾ ਸੰਗਠਨਾਂ, ਅਧਿਆਪਕਾਂ, ਮਾਪਿਆਂ ਅਤੇ ਸਵੈ-ਇੱਛੁਕ ਸੰਗਠਨਾਂ ਨੂੰ ਚਿੱਟਾ ਵਿਰੋਧੀ ਮੁਹਿੰਮ ਨੂੰ ਇੱਕ ਵਿਸ਼ਾਲ ਜਨ ਅੰਦੋਲਨ ਬਣਾਉਣ ਦਾ ਸੱਦਾ ਦਿੱਤਾ।
ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਸਰਕਾਰ ਨਸ਼ੇ ਨਾਲ ਸਬੰਧਤ ਗਤੀਵਿਧੀਆਂ ਵਿੱਚ ਸ਼ਾਮਲ ਸਰਕਾਰੀ ਕਰਮਚਾਰੀਆਂ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਅਪਣਾ ਰਹੀ ਹੈ। ਹੁਣ ਤੱਕ ਨਸ਼ਿਆਂ ਦੀ ਦੁਰਵਰਤੋਂ ਵਿੱਚ ਸ਼ਾਮਲ ਪਾਏ ਗਏ 168 ਸਰਕਾਰੀ ਕਰਮਚਾਰੀਆਂ ਵਿਰੁੱਧ ਮਾਮਲੇ ਦਰਜ ਕੀਤੇ ਗਏ ਹਨ। ਇਨ੍ਹਾਂ ਵਿੱਚੋਂ 30 ਰਾਜ ਕਰਮਚਾਰੀਆਂ ਅਤੇ 21 ਪੁਲਸ ਕਰਮਚਾਰੀਆਂ ਨੂੰ ਸਰਕਾਰੀ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ, ਜਦੋਂ ਕਿ ਬਾਕੀਆਂ ਵਿਰੁੱਧ ਵਿਭਾਗੀ ਕਾਰਵਾਈ ਜਾਰੀ ਹੈ। ਇਸ ਤੋਂ ਇਲਾਵਾ ਪ੍ਰਸ਼ਾਸਕੀ ਪ੍ਰਣਾਲੀ ਨੂੰ ਨਸ਼ਾ ਮੁਕਤ ਰੱਖਣ ਲਈ ਹੁਣ ਸਰਕਾਰੀ ਸੇਵਾਵਾਂ ਵਿੱਚ ਭਰਤੀ ਦੌਰਾਨ ਡਰੱਗ ਟੈਸਟਿੰਗ ਨੂੰ ਯਕੀਨੀ ਬਣਾਉਣ ਲਈ ਕਦਮ ਚੁੱਕੇ ਜਾ ਰਹੇ ਹਨ।