ਚੰਡੀਗੜ੍ਹ/ਚਮਕੌਰ ਸਾਹਿਬ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ, ਗੈਂਗਸਟਰਵਾਦ, ਬੇਰੁਜ਼ਗਾਰੀ ਤੇ ਅਸੁਰੱਖਿਆ ਦੇ ਮਾਹੌਲ ’ਚੋਂ ਬਾਹਰ ਕੱਢਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਹ ਚਮਕੌਰ ਸਾਹਿਬ ਵਿਖੇ ‘ਜਵਾਨੀ ਸੰਭਾਲ ਯਾਤਰਾ’ ਦੀ ਸ਼ੁਰੂਆਤ ਮੌਕੇ ਕਰਵਾਈ ਗਈ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ‘ਜਵਾਨੀ ਸੰਭਾਲ ਯਾਤਰਾ’ ਰਾਹੀਂ ਪੰਜਾਬ ਦੇ ਪਾਣੀਆਂ, ਹੱਕਾਂ ਤੇ ਕਾਨੂੰਨ-ਵਿਵਸਥਾ ਵਰਗੇ ਮੁੱਦਿਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ। ਕਾਂਗਰਸ ਇਨ੍ਹਾਂ ਮੁੱਦਿਆਂ ’ਤੇ ਪੰਜਾਬ ਦੇ ਹਿੱਤਾਂ ਦੀ ਲੜਾਈ ਮਜ਼ਬੂਤੀ ਨਾਲ ਲੜੇਗੀ ਤੇ ਲੋਕਾਂ ਨੂੰ ਇਸ ਮੁਹਿੰਮ ਨਾਲ ਜੋੜੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਏਕਤਾ, ਸਿੱਖੀ, ਪੰਜਾਬੀਅਤ ਤੇ ਭਾਈਚਾਰੇ ਦੀ ਰਾਖੀ ਕਰਨਾ ਕਾਂਗਰਸ ਦੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਪੀਲੀ ਪੱਗ ਬੰਨ੍ਹਣ ਨਾਲ ਕੋਈ ਭਗਤ ਸਿੰਘ ਨਹੀਂ ਬਣ ਸਕਦਾ, ਸਗੋਂ ਉਨ੍ਹਾਂ ਦੇ ਵਿਚਾਰਾਂ ਅਤੇ ਸਿਧਾਂਤਾਂ ਨੂੰ ਅਪਣਾਉਣਾ ਜ਼ਰੂਰੀ ਹੈ। ਉਨ੍ਹਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੱਢੀ ਜਾ ਰਹੀ ਯਾਤਰਾ ਨੂੰ ਸਮਰਥਨ ਦਿੰਦਿਆਂ ਲੋਕਾਂ ਤੇ ਨੌਜਵਾਨਾਂ ਨੂੰ ਇਸ ’ਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।