ਮਾਲੇਰਕੋਟਲਾ : ਬੱਚਿਆਂ ਦੀ ਮਾਨਸਿਕ ਅਤੇ ਸਰੀਰਕ ਤੰਦਰੁਸਤੀ ਇੱਕ ਸਿਹਤਮੰਦ ਸਮਾਜ ਦੀ ਨੀਂਹ ਹੈ। ਇਸੇ ਸੋਚ ਤਹਿਤ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਮੁਹਿੰਮ ਅਧੀਨ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀਆਂ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਵੱਲੋਂ ਨਸ਼ਿਆਂ ਤੋਂ ਪ੍ਰਭਾਵਿਤ ਹਾਟਸਪਾਟ ਖੇਤਰਾਂ ਦੇ ਸਕੂਲਾਂ ਸਮੇਤ ਜ਼ਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਮਾਨਸਿਕ ਸਿਹਤ ਸੰਭਾਲ ਅਤੇ ਨਸ਼ਿਆਂ ਵਿਰੁੱਧ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਸਰਕਾਰੀ ਹਾਈ ਸਕੂਲ ਜਮਾਲਪੁਰਾ, ਮਾਲੇਰਕੋਟਲਾ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਮੈਡੀਕਲ ਕਮਿਸ਼ਨਰ ਡਾ. ਜੋਤੀ ਕਪੂਰ ਨੇ ਦੱਸਿਆ ਕਿ ਇਨ੍ਹਾਂ ਪ੍ਰੋਗਰਾਮਾਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਮਾਨਸਿਕ ਸਿਹਤ ਦੀ ਮਹੱਤਤਾ ਅਤੇ ਨਸ਼ਿਆਂ ਦੇ ਘਾਤਕ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਵਿੱਚ ਮਾਨਸਿਕ ਤਣਾਅ, ਇਕੱਲੇਪਣ ਅਤੇ ਭਾਵਨਾਤਮਕ ਸਮੱਸਿਆਵਾਂ ਦੇ ਲੱਛਣਾਂ ਨੂੰ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ। ਬੱਚਿਆਂ ਨੂੰ ਅਜਿਹਾ ਸੁਖਾਵਾਂ ਮਾਹੌਲ ਮੁਹੱਈਆ ਕਰਵਾਉਣਾ ਚਾਹੀਦਾ ਹੈ, ਜਿੱਥੇ ਉਹ ਬਿਨਾਂ ਕਿਸੇ ਡਰ ਜਾਂ ਝਿਜਕ ਦੇ ਆਪਣੇ ਮਨ ਦੀ ਗੱਲ ਸਾਂਝੀ ਕਰ ਸਕਣ।
ਮੈਂਟਲ ਹੈਲਥ ਫੈਲੋ ਵਕੀਲ ਅਹਿਮਦ ਅਤੇ ਕਾਊਂਸਲਰ ਅਰਵਿੰਦਰ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੀ ਊਰਜਾ ਪੜ੍ਹਾਈ, ਖੇਡਾਂ ਤੇ ਹੋਰ ਉਸਾਰੂ ਗਤੀਵਿਧੀਆਂ ਵਿੱਚ ਲਗਾਉਣ।ਕਿਸੇ ਵੀ ਮਾਨਸਿਕ ਜਾਂ ਭਾਵਨਾਤਮਕ ਸਮੱਸਿਆ ਦਾ ਸਾਹਮਣਾ ਕਰਨ ਸਮੇਂ ਆਪਣੇ ਮਾਪਿਆਂ, ਅਧਿਆਪਕਾਂ ਜਾਂ ਸਿਹਤ ਮਾਹਿਰਾਂ ਨਾਲ ਖੁੱਲ੍ਹ ਕੇ ਗੱਲ ਕਰਨ।
ਉਨ੍ਹਾਂ ਮਾਪਿਆਂ ਅਤੇ ਅਧਿਆਪਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਬੱਚਿਆਂ ਦੇ ਵਿਹਾਰ ਵਿੱਚ ਆਉਣ ਵਾਲੀਆਂ ਤਬਦੀਲੀਆਂ ਪ੍ਰਤੀ ਸੁਚੇਤ ਰਹਿਣ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਝਿੜਕਣ ਦੀ ਬਜਾਏ ਪਿਆਰ, ਹਮਦਰਦੀ ਤੇ ਸਹਿਯੋਗ ਨਾਲ ਉਨ੍ਹਾਂ ਨੂੰ ਸਹੀ ਸੇਧ ਦੇਣ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਨਸ਼ਿਆਂ ਦੀ ਗ੍ਰਿਫ਼ਤ ਵਿੱਚ ਜਾਣ ਤੋਂ ਬਚਾਉਣਾ ਅਤੇ ਮਾਨਸਿਕ ਤੌਰ ’ਤੇ ਸਿਹਤਮੰਦ, ਆਤਮਵਿਸ਼ਵਾਸੀ ਤੇ ਜ਼ਿੰਮੇਵਾਰ ਪੀੜ੍ਹੀ ਦੀ ਸਿਰਜਣਾ ਕਰਨਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।