ਮਾਨਸਾ/ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਮਾਨਸਾ ਵਿਖੇ ਪਰਮਿੰਦਰ ਸਿੰਘ ਝੋਟੇ ਦੇ ਇਨਸਾਫ਼ ਮੋਰਚੇ ਵਿੱਚ ਪਹੁੰਚੇ। ਇਸ ਮੌਕੇ ਉਨ੍ਹਾਂ ਪਰਵਿੰਦਰ ਸਿੰਘ ਦੇ ਪਿਤਾ ਭੀਮ ਸਿੰਘ ਅਤੇ ਉਸ ਦੀ ਮਾਤਾ ਨਾਲ ਦੁੱਖ਼ ਕੀਤਾ ਸਾਂਝਾ। ਇਸ ਮੌਕੇ ਸੰਬੋਧਨ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਚੁੱਕਣ ਵਾਲਾ ਪਰਮਿੰਦਰ ਸਿੰਘ ਝੋਟਾ ਸਾਡਾ ਯੋਧਾ ਸੀ, ਜਿਸਨੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸ਼ਹਾਦਤ ਦਿੱਤੀ ਹੈ। ਉਹ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਵੱਡੀ ਲੜਾਈ ਲੜ ਰਿਹਾ ਸੀ, ਉਸਦੀ ਇਸ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਨਸ਼ਿਆਂ ਲਈ ਬਰਬਾਦ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਤਿੰਨ ਮਹੀਨੇ ਵਿੱਚ ਨਸ਼ਾ ਖਤਮ ਕਰਨ ਦਾ ਦਾਅਵਾ ਕੀਤਾ ਸੀ, ਅੱਜ ਇਸ ਸਰਕਾਰ ਦੇ ਰਾਜ ਵਿੱਚ ਘਰ ਘਰ ਨਸ਼ਾ ਵਿਕਣ ਲੱਗ ਗਿਆ ਹੈ। ਨਸ਼ਾ ਬੰਦ ਕਰਨ ਦੀ ਥਾਂ ਨਸ਼ੇ ਵਿਰੁੱਧ ਆਵਾਜ਼ ਉਠਣ ਵਾਲੀ ਆਵਾਜ਼ ਨੂੰ ਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਪਰਵਿੰਦਰ ਸਿੰਘ ਦਾ ਮਾਮਲਾ ਹੀ ਨਹੀਂ, ਇਸ ਤੋਂ ਪਹਿਲਾਂ ਨਸ਼ੇ ਵਿਰੁੱਧ ਆਵਾਜ਼ ਚੁੱਕਣ 'ਤੇ ਤੂਰ ਵੰਜਾਰਾ ਦੇ ਗੁਲਜ਼ਾਰ ਸਿੰਘ ਨੂੰ ਖੁਦਕੁਸ਼ੀ ਲਈ ਮਜਬੂਰ ਕੀਤਾ ਗਿਆ। ਪੰਜਾਬ ਦੀ 'ਆਪ' ਸਰਕਾਰ ਦੇ ਰਾਜ ਵਿੱਚ ਗਾਇਕ ਸਿੱਧੂ ਮੂਸੇ ਵਾਲਾ, ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਸਮੇਤ ਬਹੁਤ ਸਾਰੇ ਨੌਜਵਾਨਾਂ ਦੇ ਕਤਲ ਹੋ ਗਏ, ਪਰ ਅੱਜ ਤੱਕ ਪਰਿਵਾਰਾਂ ਨੂੰ ਇਨਸਾਫ਼ ਨਹੀਂ ਮਿਲਿਆ।
ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਪੰਜਾਬ ਸਰਕਾਰ ਤੋਂ ਇਨਸਾਫ਼ ਦੀ ਕੋਈ ਉਮੀਦ ਨਹੀਂ ਹੈ, ਜਿਸ ਲਈ ਉਨ੍ਹਾਂ ਨੇ ਪਹਿਲੇ ਹੀ ਦਿਨ ਪੰਜਾਬ ਦੇ ਰਾਜਪਾਲ ਨੂੰ ਚਿੱਠੀ ਲਿਖ ਕੇ ਸੀ. ਬੀ. ਆਈ. ਜਾਂਚ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਕੇਂਦਰ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ, ਜਿਸ ਤਹਿਤ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਸਰਕਾਰ ਨੂੰ ਪਰਮਿੰਦਰ ਸਿੰਘ ਝੋਟਾ ਸਮੇਤ ਤਿੰਨ ਮਾਮਲਿਆਂ ਦਾ ਜਵਾਬ ਮੰਗਿਆ ਅਤੇ ਇਸਦਾ ਪੰਜਾਬ ਸਰਕਾਰ ਕੋਲ ਕੋਈ ਜਵਾਬ ਨਹੀਂ ਹੋਵੇਗਾ। ਉਹਨਾਂ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਭਾਰਤੀ ਜਨਤਾ ਪਾਰਟੀ ਹਰ ਪੱਧਰ 'ਤੇ ਪਰਿਵਾਰ ਦਾ ਸਾਥ ਦੇਣਗੇ।
ਇਸ ਮੌਕੇ ਸੰਬੋਧਨ ਦੌਰਾਨ ਕੇਵਲ ਸਿੰਘ ਢਿੱਲੋਂ ਨੇ ਪਰਮਿੰਦਰ ਸਿੰਘ ਝੋਟਾ ਦਾ ਇਨਸਾਫ਼ ਮਿਲਣ ਤੱਕ ਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਰੋਸ ਵਜੋਂ ਕਾਲੀਆਂ ਪੱਗਾਂ, ਕਾਲੀਆਂ ਚੁੰਨੀਆਂ ਨਾਲ ਅਤੇ ਕਾਲ਼ੀਆਂ ਝੰਡੀਆਂ ਨਾਲ ਵਿਰੋਧ ਕਰਨ ਦਾ ਸੱਦਾ ਦਿੱਤਾ, ਜਿਸ ਨੂੰ ਪਰਵਿੰਦਰ ਸਿੰਘ ਦੇ ਪਿਤਾ ਅਤੇ ਸੰਘਰਸ਼ ਵਿਚ ਬੈਠੀ ਸੰਗਤ ਨੇ ਜੈਕਾਰਿਆਂ ਦੀ ਗੂੰਜ ਵਿੱਚ ਸਵੀਕਾਰ ਕੀਤਾ।