ਖਰੜ (ਪ੍ਰੀਤ ਪੱਤੀ) : ਹਲਕਾ ਖਰੜ ਦੇ ਇੰਚਾਰਜ ਅਤੇ ਚੇਅਰਮੈਨ, ਯੂਥ ਡਿਵੈਲਪਮੈਂਟ ਬੋਰਡ, ਪੰਜਾਬ ਪਰਮਿੰਦਰ ਸਿੰਘ ਗੋਲਡੀ ਵੱਲੋਂ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਦਫ਼ਤਰ , ਖਰੜ ਵਿਖੇ ਹਲਕਾ ਖਰੜ ਵਿੱਚ ਪੈਂਦੇ ਬਲਾਕ ਖਰੜ ਦੇ 35 ਪਿੰਡਾਂ ਦੇ ਸਰਪੰਚਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਬਲਾਕ ਸੰਮਤੀ ਖਰੜ ਦੇ ਚੇਅਰਮੈਨ ਰਘੁਬੀਰ ਸਿੰਘ ਮੋਦੀ, ਵਾਈਸ ਚੇਅਰਮੈਨ ਨਿਰਪਾਲ ਸਿੰਘ ਮੰਦਰ ਅਤੇ ਬੀ.ਡੀ.ਪੀ.ਓ. ਮਹਿਕਮੀਤ ਸਿੰਘ ਵੱਲੋਂ ਪਰਮਿੰਦਰ ਸਿੰਘ ਗੋਲਡੀ ਦਾ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ ਗਿਆ।
ਮੀਟਿੰਗ ਦੌਰਾਨ ਪਰਮਿੰਦਰ ਸਿੰਘ ਗੋਲਡੀ ਨੇ ਸਾਰੇ ਸਰਪੰਚਾਂ ਨਾਲ ਇੱਕ-ਇੱਕ ਕਰਕੇ ਗੱਲਬਾਤ ਕੀਤੀ ਅਤੇ ਪਿੰਡਾਂ ਦੇ ਵਿਕਾਸ ਕਾਰਜਾਂ, ਆ ਰਹੀਆਂ ਮੁਸ਼ਕਲਾਂ, ਕੰਮਾਂ ਵਿੱਚ ਹੋ ਰਹੀ ਦੇਰੀ ਅਤੇ ਹੋਰ ਜ਼ਰੂਰਤਾਂ ਸਬੰਧੀ ਸੁਝਾਅ ਸੁਣੇ। ਉਨ੍ਹਾਂ ਭਰੋਸਾ ਦਿੱਤਾ ਕਿ ਵਿਕਾਸ ਕਾਰਜਾਂ ਵਿੱਚ ਆ ਰਹੀਆਂ ਰੁਕਾਵਟਾਂ ਨੂੰ ਦੂਰ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਹਲਕੇ ਦੇ ਸਾਰੇ ਪਿੰਡਾਂ ਦਾ ਸਰਵਪੱਖੀ ਵਿਕਾਸ, ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਪੂਰਾ ਕਰਨਾ ਮੁੱਖ ਤਰਜੀਹ ਹੈ। ਉਨ੍ਹਾਂ ਅਧਿਕਾਰੀਆਂ ਅਤੇ ਸਰਪੰਚਾਂ ਨੂੰ ਆਪਸੀ ਤਾਲਮੇਲ ਅਤੇ ਸਹਿਯੋਗ ਨਾਲ ਕੰਮ ਕਰਨ ਦੀ ਅਪੀਲ ਕੀਤੀ, ਤਾਂ ਜੋ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਰੁਕਾਵਟ ਨਾ ਆਵੇ।
ਪਰਮਿੰਦਰ ਸਿੰਘ ਗੋਲਡੀ ਨੇ ਸਰਪੰਚਾਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਆਉਂਦੀ ਹੈ ਤਾਂ ਉਹ ਉਨ੍ਹਾਂ ਨਾਲ ਸਿੱਧਾ ਫ਼ੋਨ ’ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸਰਪੰਚਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣ ਕੇ ਉਨ੍ਹਾਂ ਦੇ ਹੱਲ ਲਈ ਤੁਰੰਤ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।