ਝੱਜਰ/ਚੰਡੀਗੜ੍ਹ : ਸੂਚਨਾ ਅਤੇ ਪ੍ਰਸਾਰਣ ਮੰਤਰਾਲੇ, ਭਾਰਤ ਸਰਕਾਰ ਦੇ ਪ੍ਰੈੱਸ ਇਨਫਰਮੇਸ਼ਨ ਬਿਊਰੋ (ਪੀਆਈਬੀ), ਚੰਡੀਗੜ੍ਹ ਨੇ ਹਰਿਆਣਾ ਦੇ ਝੱਜਰ ਜ਼ਿਲ੍ਹੇ ਵਿੱਚ ਕੇਂਦਰ ਸਰਕਾਰ ਅਤੇ ਰਾਜ ਸਰਕਾਰਾਂ ਦੀਆਂ ਪ੍ਰਮੁੱਖ ਅਤੇ ਭਲਾਈ ਯੋਜਨਾਵਾਂ 'ਤੇ ਇੱਕ ਮੀਡੀਆ ਵਰਕਸ਼ਾਪ, 'ਵਾਰਤਾਲਾਪ' ਦਾ ਆਯੋਜਨ ਕੀਤਾ।
ਇਸ ਮੌਕੇ 'ਤੇ ਝੱਜਰ ਦੇ ਡਿਪਟੀ ਕਮਿਸ਼ਨਰ ਵਰਸ਼ਾ ਖਾਂਗਵਾਲ ਨੇ ਮੁੱਖ ਮਹਿਮਾਨ ਵਜੋਂ ਵਾਰਤਾਪ ਦਾ ਉਦਘਾਟਨ ਕੀਤਾ। ਨਾਲ ਹੀ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਜਗ ਨਿਵਾਸ, ਐੱਸਡੀਐੱਮ ਸ਼੍ਰੀ ਰਵੀ ਮੀਣਾ, ਡੀਆਈਪੀਆਰ ਸ਼੍ਰੀ ਦਿਨੇਸ਼ ਕੁਮਾਰ, ਜ਼ਿਲ੍ਹਾ ਪ੍ਰੋਗਰਾਮ ਅਧਿਕਾਰੀ ਸ਼੍ਰੀਮਤੀ ਨੇਹਾ ਦਹੀਆ, ਐੱਸਡੀਓ (ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ) ਸ਼੍ਰੀ ਜਗਜੀਤ ਸਿੰਘ ਸਾਂਗਵਾਨ, ਜ਼ਿਲ੍ਹਾ ਜੰਗਲਾਤ ਵਿਭਾਗ ਤੋਂ ਸ਼੍ਰੀ ਆਸ਼ੀਸ਼ ਕਾਦੀਆਨ ਅਤੇ ਮੀਡੀਆ ਪ੍ਰਤੀਨਿਧੀ ਵੀ ਮੌਜੂਦ ਸਨ।
ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ ਵਰਸ਼ਾ ਖਾਂਗਵਾਲ ਨੇ ਦੱਸਿਆ ਕਿ ‘ਵਾਰਤਾਲਾਪ’ ਭਾਰਤ ਸਰਕਾਰ, ਰਾਜ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਮੀਡੀਆ ਦਰਮਿਆਨ ਇੱਕ ਮਹੱਤਵਪੂਰਨ ਸੰਵਾਦ ਦਾ ਜ਼ਰੀਆ ਹੈ। ਉਨ੍ਹਾਂ ਕਿਹਾ ਕਿ ‘ਵਾਰਤਾਲਾਪ’ ਵਰਗੇ ਪ੍ਰੋਗਰਾਮ ਜ਼ਮੀਨੀ ਪੱਧਰ ‘ਤੇ ਜਨਤਕ ਭਲਾਈ ਨੀਤੀਆਂ ਦੀ ਜਾਣਕਾਰੀ ਪ੍ਰਦਾਨ ਕਰਨ ਦਾ ਸਸ਼ਕਤ ਮਾਧਿਅਮ ਬਣਦੇ ਜਾ ਰਹੇ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਪੱਤਰਕਾਰਾਂ ਨੂੰ ਅਪੀਲ ਕੀਤੀ ਕਿ ਸਰਕਾਰੀ ਭਲਾਈ ਯੋਜਨਾਵਾਂ ਦੀ ਜਾਣਕਾਰੀ ਲੋਕਾਂ ਤੱਕ ਪਹੁੰਚਾਉਣ ਤਾਂ ਜੋ ਟੀਚਾਬੱਧ ਲਾਭਪਾਤਰੀ ਇਨ੍ਹਾਂ ਯੋਜਨਾਵਾਂ ਦਾ ਲਾਭ ਲੈ ਸਕਣ ਜਿਸ ਨਾਲ ਇਨ੍ਹਾਂ ਯੋਜਨਾਵਾਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂਕਰਨ ਨੂੰ ਯਕੀਨੀ ਬਣਾਇਆ ਜਾ ਸਕੇ।
ਉਨ੍ਹਾਂ ਨੇ ਜਾਗਰੂਕਤਾ ਵਧਾਉਣ ਅਤੇ ਜਨਤਕ ਭਾਗੀਦਾਰੀ ਨੂੰ ਮਜ਼ਬੂਤ ਕਰਨ ਵਿੱਚ ਮੀਡੀਆ, ਖਾਸ ਕਰਕੇ ਸੋਸ਼ਲ ਮੀਡੀਆ ਦੀ ਮਹੱਤਵਪੂਰਨ ਭੂਮਿਕਾ ਨੂੰ ਉਜਾਗਰ ਕੀਤਾ। ਸੋਸ਼ਲ ਮੀਡੀਆ ਨੂੰ ਚੁਣੌਤੀ ਅਤੇ ਮੌਕਾ ਦੋਵੇਂ ਦੱਸਦੇ ਹੋਏ, ਉਨ੍ਹਾਂ ਕਿਹਾ ਕਿ ਇਹ ਦੂਰ-ਦੁਰਾਡੇ ਖੇਤਰਾਂ ਦੇ ਮੁੱਦਿਆਂ ਨੂੰ ਸਾਹਮਣੇ ਲਿਆਉਣ, ਸੂਚਨਾਵਾਂ ਸਾਂਝੀਆਂ ਕਰਨ ਅਤੇ ਜ਼ਮੀਨੀ ਪੱਧਰ ਦੀਆਂ ਵਾਸਤਵਿਕਤਾਵਾਂ ਨੂੰ ਸਕਾਰਾਤਮਕ ਅਤੇ ਰਚਨਾਤਮਕ ਢੰਗ ਨਾਲ ਪੇਸ਼ ਕਰਨ ਦਾ ਮੰਚ ਪ੍ਰਦਾਨ ਕਰਦਾ ਹੈ। ਨਾਲ ਹੀ ਫੇਕ ਨਿਊਜ਼ (ਝੂਠੀਆਂ ਖ਼ਬਰਾਂ) ਅਤੇ ਗਲਤ ਸੂਚਨਾਵਾਂ ਦਾ ਪ੍ਰਸਾਰ ਸਮਾਜ ਵਿੱਚ ਭੁਲੇਖੇ ਅਤੇ ਡਰ ਦੀ ਸਥਿਤੀ ਨੂੰ ਪੈਦਾ ਕਰ ਸਕਦਾ ਹੈ। ਉਨ੍ਹਾਂ ਨੇ ਪੱਤਰਕਾਰਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਸੂਚਨਾ ਨੂੰ ਸਾਂਝੀ ਕਰਨ ਤੋਂ ਪਹਿਲਾਂ ਉਸ ਦੀ ਪ੍ਰਮਾਣਿਕਤਾ ਅਤੇ ਭਰੋਸੇਯੋਗ ਸਰੋਤਾਂ ਤੋਂ ਵੈਰੀਫਾਈ ਕਰਨਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਸੁਤੰਤਰਤਾ ਦਿਵਸ ਸਮਾਰੋਹ ਦੇ ਤਹਿਤ ਝੱਜਰ ਜ਼ਿਲ੍ਹੇ ਦੀ ‘ਹਰ ਘਰ ਤਿਰੰਗਾ’, ‘ਦੇਸ਼ ਕੇ ਨਾਮ ਸੰਦੇਸ਼’, ‘ਵੰਦੇ ਮਾਤਰਮ ਅਭਿਆਨ’ ਵਿੱਚ ਸਰਗਰਮ ਭਾਗੀਦਾਰੀ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਨੂੰ ਕਵਰ ਕਰਨ ਲਈ ਹਰ ਘਰ ਤਿਰੰਗਾ ਵੈਨ ਵੀ ਚਲਾਈ ਜਾ ਰਹੀ ਹੈ। ਉਨ੍ਹਾਂ ਨੇ ਵਾਰਤਾਲਾਪ ਦੇ ਆਯੋਜਨ ਅਤੇ ਪੱਤਰਕਾਰਾਂ ਦੇ ਨਾਲ ਸਾਰਥਕ ਸੰਵਾਦ ਸਥਾਪਿਤ ਕਰਨ ਲਈ ਪੀਆਈਬੀ ਚੰਡੀਗੜ੍ਹ ਦੇ ਯਤਨਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਕੇਂਦਰ ਦੇ ਪੀਆਈਬੀ ਅਤੇ ਰਾਜ ਦੇ ਲੋਕ ਸੰਪਰਕ ਵਿਭਾਗ ਅਤੇ ਪੱਤਰਕਾਰਾਂ ਦਰਮਿਆਨ ਸਾਰਥਕ ਤਾਲਮੇਲ ਸਥਾਪਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਜਗ ਨਿਵਾਸ ਨੇ ਸਰਕਾਰੀ ਯੋਜਨਾਵਾਂ ਦੇ ਪ੍ਰਭਾਵਸ਼ਾਲੀ ਲਾਗੂਕਰਨ ਲਈ ਏਕਤਾ ਅਤੇ ਸਮੂਹਿਕ ਯਤਨਾਂ ਦੇ ਮਹੱਤਵ ‘ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਜਨਤਕ ਭਲਾਈ ਯੋਜਨਾਵਾਂ ਦੀ ਜਾਣਕਾਰੀ ਨੂੰ ਸਕਾਰਾਤਮਕ ਦ੍ਰਿਸ਼ਟੀਕੋਣ ਦੇ ਨਾਲ ਪ੍ਰਸਾਰਿਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਪੱਤਰਕਾਰਾਂ ਨੂੰ ਅਪੀਲ ਕੀਤੀ ਕਿ ਉਹ ਸਬੰਧਿਤ ਵਿਭਾਗਾਂ ਦੀਆਂ ਜਨਤਕ ਭਲਾਈ ਯੋਜਨਾਵਾਂ ਨਾਲ ਜੁੜੀ ਜਾਣਕਾਰੀ ਜਨਤਾ ਤੱਕ ਪਹੁੰਚਾਉਣ ਅਤੇ ਜਨਤਾ ਨੂੰ ਦਰਪੇਸ਼ ਸਮੱਸਿਆਵਾਂ ਨੂੰ ਉਜਾਗਰ ਕਰਨ ਅਤੇ ਉਨ੍ਹਾਂ ਨੂੰ ਹੱਲ ਕਰਨ ਵਿੱਚ ਸਹਿਯੋਗ ਕਰਨ, ਤਾਂ ਜੋ ਸਰਕਾਰੀ ਯੋਜਨਾਵਾਂ ਦਾ ਲਾਭ ਪ੍ਰਭਾਵਸ਼ਾਲੀ ਢੰਗ ਨਾਲ ਜਨਤਾ ਤੱਕ ਪਹੁੰਚ ਸਕੇ।
ਪੇਂਡੂ ਵਿਕਾਸ ਅਤੇ ਮਹਿਲਾ ਸਸ਼ਕਤੀਕਰਣ ਬਾਰੇ ਵਿਚਾਰ ਪ੍ਰਗਟਾਉਂਦੇ ਹੋਏ, ਝੱਜਰ ਦੇ ਐੱਸਡੀਐੱਮ ਸ਼੍ਰੀ ਰਵੀ ਮੀਣਾ ਨੇ ਕਿਹਾ ਕਿ ਪੱਤਰਕਾਰਾਂ ਵੱਲੋਂ ਸਵੈ ਸਹਾਇਤਾ ਸਮੂਹਾਂ (ਐੱਸਐੱਚਜੀ) ਦੁਆਰਾ ਤਿਆਰ ਕੀਤੇ ਜਾ ਰਹੇ ਉਤਪਾਦਾਂ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨੀ ਚਾਹੀਦੀ ਹੈ ਜਿਸ ਨਾਲ ਬਜ਼ਾਰ ਵਿੱਚ ਉਨ੍ਹਾਂ ਦੇ ਉਤਪਾਦਾਂ ਦੀ ਮੰਗ ਵਧ ਸਕੇ। ਉਨ੍ਹਾਂ ਕਿਹਾ ਕਿ ਐੱਸਐੱਚਜੀ ਉਤਪਾਦਾਂ ਨੂੰ ਵਧੇਰੇ ਪਛਾਣ ਅਤੇ ਬਜ਼ਾਰ ਮਿਲਣ ਨਾਲ ਰੁਜ਼ਗਾਰ ਸਿਰਜਣਾ ਅਤੇ ਮਹਿਲਾਵਾਂ ਦੇ ਆਰਥਿਕ ਸਸ਼ਕਤੀਕਰਣ ਵਿੱਚ ਮਦਦ ਮਿਲੇਗੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸਰਕਾਰੀ ਯੋਜਨਾਵਾਂ ਦੀ ਜਾਣਕਾਰੀ ਸਮਾਜ ਦੇ ਕਮਜ਼ੋਰ ਅਤੇ ਆਰਥਿਕ ਪੱਖੋਂ ਵੰਚਿਤ ਵਰਗਾਂ ਤੱਕ ਪਹੁੰਚਾਉਣਾ ਲਾਜ਼ਮੀ ਹੈ, ਤਾਂ ਜੋ ਯੋਗ ਲਾਭਪਾਤਰੀ ਇਨ੍ਹਾਂ ਯੋਜਨਾਵਾਂ ਦਾ ਲਾਭ ਲੈ ਸਕਣ।
ਪੀਆਈਬੀ ਚੰਡੀਗੜ੍ਹ ਦੇ ਮੀਡੀਆ ਅਤੇ ਸੰਚਾਰ ਅਧਿਕਾਰੀ ਸ਼੍ਰੀ ਅਹਿਮਦ ਖਾਨ ਨੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਅਧੀਨ ਆਉਣ ਵਾਲੇ ਵੱਖ-ਵੱਖ ਸੰਗਠਨਾਂ ਜਿਵੇਂ ਕਿ ਪੀਆਈਬੀ, ਕੇਂਦਰੀ ਸੰਚਾਰ ਬਿਊਰੋ (ਸੀਬੀਸੀ), ਪ੍ਰੈੱਸ ਰਜਿਸਟਰਾਰ ਜਨਰਲ ਆਫ ਇੰਡੀਆ (ਪੀਆਰਜੀਆਈ), ਪ੍ਰਸਾਰ ਭਾਰਤੀ, ਕੇਂਦਰੀ ਫਿਲਮ ਪ੍ਰਮਾਣਨ ਬੋਰਡ (ਸੀਬੀਐੱਫਸੀ) ਅਤੇ ਪ੍ਰਕਾਸ਼ਨ ਵਿਭਾਗ ਅਤੇ ਫੈਕਟ ਚੈੱਕ ਯੂਨਿਟ ਬਾਰੇ ਵੀ ਸੰਖੇਪ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ‘ਵਾਰਤਾਲਾਪ’ ਸਰਕਾਰੀ ਯੋਜਨਾਵਾਂ ਅਤੇ ਪਹਿਲਕਦਮੀਆਂ ਨਾਲ ਸਬੰਧਿਤ ਸੂਚਨਾ ਦੇ ਪ੍ਰਭਾਵਸ਼ਾਲੀ ਪ੍ਰਸਾਰ, ਬਿਹਤਰ ਤਾਲਮੇਲ ਅਤੇ ਸੰਵਾਦ ਲਈ ਇੱਕ ਮਹੱਤਵਪੂਰਨ ਮੰਚ ਪ੍ਰਦਾਨ ਕਰਦਾ ਹੈ।
ਇਸ ਮੌਕੇ ‘ਤੇ ਉਨ੍ਹਾਂ ਨੇ ਪੱਤਰ ਸੂਚਨਾ ਦਫ਼ਤਰ ਦੇ ਤਹਿਤ ਰਿਸਰਚ ਯੂਨਿਟ ਬਾਰੇ ਵੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੀਆਈਬੀ ਦੀ ਵੈੱਬਸਾਈਟ ‘ਤੇ ਪ੍ਰਕਾਸ਼ਿਤ ਹੋਣ ਵਾਲੇ ਵਿਸ਼ਲੇਸ਼ਣਾਂ ਤੋਂ ਵੱਖ-ਵੱਖ ਜਨਤਕ ਭਲਾਈ ਯੋਜਨਾਵਾਂ ਦੀ ਵਿਸਤ੍ਰਿਤ ਜਾਣਕਾਰੀ ਅਤੇ ਸਟੀਕ ਅੰਕੜੇ ਪ੍ਰਾਪਤ ਕੀਤੇ ਜਾ ਸਕਦੇ ਹਨ ਜਿਨ੍ਹਾਂ ਨੂੰ ਪੱਤਰਕਾਰ ਅਤੇ ਹੋਰ ਲੋਕ ਆਪਣੇ ਲੇਖਾਂ ਅਤੇ ਖ਼ਬਰਾਂ ਰਾਹੀਂ ਵਰਤੋਂ ਵਿੱਚ ਲਿਆ ਸਕਦੇ ਹਨ।
ਮਹਿਲਾ ਅਤੇ ਬਾਲ ਵਿਕਾਸ ਵਿਭਾਗ ਤੋਂ ਜ਼ਿਲ੍ਹਾ ਪ੍ਰੋਗਰਾਮ ਅਧਿਕਾਰੀ ਸ਼੍ਰੀਮਤੀ ਨੇਹਾ ਦਹੀਆ ਨੇ ਮਹਿਲਾਵਾਂ ਅਤੇ ਬੱਚਿਆਂ ਦੀ ਭਲਾਈ ਨਾਲ ਸਬੰਧਿਤ ਵੱਖ-ਵੱਖ ਯੋਜਨਾਵਾਂ ਦੀ ਜਾਣਕਾਰੀ ਦਿੱਤੀ। ਇਸ ਮੌਕੇ ‘ਤੇ ਉਨ੍ਹਾਂ ਨੇ ‘ਆਪਕੀ ਬੇਟੀ ਹਮਾਰੀ ਬੇਟੀ ਯੋਜਨਾ’ ‘ਪ੍ਰਧਾਨ ਮੰਤਰੀ ਮਾਤ੍ਰਿ ਵੰਦਨਾ ਯੋਜਨਾ’, ‘ਮੁੱਖ ਮੰਤਰੀ ਮਾਤ੍ਰਿਤਵ ਸਹਾਇਤਾ ਯੋਜਨਾ’ ਵਰਗੀਆਂ ਭਲਾਈ ਯੋਜਨਾਵਾਂ ਬਾਰੇ ਵਿਸਤ੍ਰਿਤ ਜਾਣਕਾਰੀ ਦਿੱਤੀ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ‘ਪ੍ਰਧਾਨ ਮੰਤਰੀ ਮਾਤ੍ਰਿ ਵੰਦਨਾ ਯੋਜਨਾ’ ਅਧੀਨ ਵਰ੍ਹੇ 2017 ਤੋਂ ਲੈ ਕੇ ਹੁਣ ਤੱਕ ਲਗਭਗ 35,000 ਲਾਭਪਾਤਰੀਆਂ ਨੇ ਇਸ ਯੋਜਨਾ ਤੋਂ ਲਾਭ ਲਿਆ ਹੈ। ਉਨ੍ਹਾਂ ਕਿਹਾ ਕਿ ਮਹਿਲਾ ਸਸ਼ਕਤੀਕਰਣ ਨਾਲ ਜੁੜੀਆਂ ਯੋਜਨਾਵਾਂ ਦੁਆਰਾ ਮਹਿਲਾਵਾਂ ਦੇ ਜੀਵਨ ਪੱਧਰ ਵਿੱਚ ਬਹੁਤ ਸੁਧਾਰ ਹੋਇਆ ਹੈ।
ਸ਼੍ਰੀ ਜਗਜੀਤ ਸਾਂਗਵਾਨ, ਖੇਤੀਬਾੜੀ ਅਤੇ ਕਿਸਾਨ ਭਲਾਈ ਦੇ ਐੱਸਡੀਓ ਨੇ ਕਿਸਾਨਾਂ ਦੀ ਭਲਾਈ ਅਤੇ ਟਿਕਾਊ ਖੇਤੀਬਾੜੀ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਸੰਚਾਲਿਤ ਵੱਖ-ਵੱਖ ਯੋਜਨਾਵਾਂ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ (ਪੀਐੱਮਕੇਐੱਸਵਾਈ) ਦੇ ਤਹਿਤ ‘ਪਰ ਡ੍ਰੌਪ ਮੋਰ ਕ੍ਰੌਪ’, ਡ੍ਰਿਪ ਸਿੰਚਾਈ, ਪੀਐੱਮ-ਕਿਸਾਨ ਸਨਮਾਨ ਨਿਧੀ ਯੋਜਨਾ ਅਤੇ ਜੈਵਿਕ ਖੇਤੀ ਵਰਗੀਆਂ ਪਹਿਲਕਦਮੀਆਂ ਬਾਰੇ ਵਿਸਤਾਰ ਨਾਲ ਦੱਸਿਆ ਅਤੇ ਖੇਤੀਬਾੜੀ ਉਤਪਾਦਕਤਾ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਵਿੱਚ ਇਨ੍ਹਾਂ ਦੇ ਮਹੱਤਵ ‘ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਵਿਭਾਗ ਦੁਆਰਾ ਘੱਟ ਪਾਣੀ ਦੀ ਵਰਤੋਂ ਵਾਲੀਆਂ ਫਸਲਾਂ ਨੂੰ ਉਗਾਉਣ ਲਈ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਪ੍ਰੋਤਸਾਹਨ ਰਾਸ਼ੀ ਵੀ ਪ੍ਰਦਾਨ ਕੀਤੀ ਜਾ ਰਹੀ ਹੈ।
ਜ਼ਿਲ੍ਹਾ ਜੰਗਲਾਤ (ਵਣ) ਵਿਭਾਗ ਤੋਂ ਸ਼੍ਰੀ ਆਸ਼ੀਸ਼ ਕਾਦੀਆਂ ਨੇ ਵਾਤਾਵਰਣ ਦੀ ਸੁਰੱਖਿਆ ਨਾਲ ਜੁੜੀਆਂ ਪਹਿਲਕਦਮੀਆਂ, ਜਿਨ੍ਹਾਂ ਵਿੱਚ ‘ਏਕ ਪੇੜ ਮਾਂ ਕੇ ਨਾਮ’ ਅਤੇ ਜੈਵ ਵਿਭਿੰਨਤਾ ਬਾਰੇ ਜਾਣਕਾਰੀ ਪ੍ਰਦਾਨ ਕੀਤੀ। ਉਨ੍ਹਾਂ ਨੇ ਦੱਸਿਆ ਕਿ ਝੱਜਰ ਜ਼ਿਲ੍ਹੇ ਵਿੱਚ ਸਥਿਤ ਭਿੰਡਾਵਾਸ ਵਾਈਲਲਾਈਫ ਸੈਂਕਚੂਰੀ ਅੰਤਰਰਾਸ਼ਟਰੀ ਮਹੱਤਵ ਦੀ ਵੈੱਟਲੈਂਡ ਵਜੋਂ ਮਾਨਤਾ ਪ੍ਰਾਪਤ ਰਾਮਸਰ ਸਾਈਟ ਹੈ। ਉਨ੍ਹਾਂ ਅੱਗੇ ਦੱਸਿਆ ਕਿ ‘ਏਕ ਪੇੜ ਮਾਂ ਕੇ ਨਾਮ’ ਦੇ ਤਹਿਤ ਜ਼ਿਲ੍ਹੇ ਵਿੱਚ ਇਸ ਸਾਲ 3 ਲੱਖ ਤੋਂ ਵੱਧ ਪੌਦੇ ਲਗਾਉਣ ਦਾ ਟੀਚਾ ਰੱਖਿਆ ਗਿਆ ਹੈ ਜਿਸ ਵਿੱਚ ਪੂਰੇ ਜ਼ਿਲ੍ਹੇ ਤੋਂ ਲੋਕਾਂ ਵੱਲੋਂ ਹੁੰਮ-ਹੁਮਾ ਕੇ ਹਿੱਸਾ ਲਿਆ ਜਾ ਰਿਹਾ ਹੈ।
ਝੱਜਰ ਦੇ ਡੀਪੀਆਰਓ ਸ਼੍ਰੀ ਦਿਨੇਸ਼ ਕੁਮਾਰ ਨੇ ਜ਼ਿਲ੍ਹਾ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੀ ਭੂਮਿਕਾ 'ਤੇ ਚਾਨਣਾ ਪਾਇਆ। ਉਨ੍ਹਾਂ ਨੇ ਪੱਤਰਕਾਰਾਂ ਨੂੰ ਅਪੀਲ ਕੀਤੀ ਕਿ ਉਹ ਸੂਚਨਾਵਾਂ ਨੂੰ ਸਕਾਰਾਤਮਕ, ਸੰਤੁਲਿਤ ਅਤੇ ਜ਼ਿੰਮੇਵਾਰੀ ਨਾਲ ਪੇਸ਼ ਕਰਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਪ੍ਰਾਪਤੀਆਂ ਨੂੰ ਵੀ ਪ੍ਰਮੁੱਖਤਾ ਨਾਲ ਉਜਾਗਰ ਕਰਨ।
ਪ੍ਰੋਗਰਾਮ ਦੇ ਅੰਤ ਵਿੱਚ, ਸ਼੍ਰੀ ਅਹਿਮਦ ਖਾਨ ਨੇ ਡਿਪਟੀ ਕਮਿਸ਼ਨਰ, ਜ਼ਿਲ੍ਹਾ ਪ੍ਰਸ਼ਾਸਨ, ਵੱਖ-ਵੱਖ ਵਿਭਾਗਾਂ ਦੇ ਮਾਹਰਾਂ ਅਤੇ ਪੱਤਰਕਾਰਾਂ ਦਾ ਉਨ੍ਹਾਂ ਦੀ ਸਰਗਰਮ ਭਾਗੀਦਾਰੀ ਅਤੇ ਕੀਮਤੀ ਸੁਝਾਵਾਂ ਲਈ ਧੰਨਵਾਦ ਕੀਤਾ।