ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪੀ.ਸੀ.ਪੀ.ਐੱਨ.ਡੀ.ਟੀ. ਸਲਾਹਕਾਰ ਕਮੇਟੀ ਦੀ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਪੀ.ਸੀ.ਪੀ.ਐੱਨ.ਡੀ.ਟੀ. ਐਕਟ ਨੂੰ ਸਖ਼ਤੀ ਨਾਲ ਲਾਗੂ ਕਰਨ, ਲਿੰਗ ਅਨੁਪਾਤ ਵਿੱਚ ਹੋਰ ਸੁਧਾਰ ਲਿਆਉਣ ਅਤੇ ਗੈਰ-ਕਾਨੂੰਨੀ ਲਿੰਗ ਨਿਰਧਾਰਣ ਗਤੀਵਿਧੀਆਂ 'ਤੇ ਪ੍ਰਭਾਵਸ਼ਾਲੀ ਰੋਕ ਲਗਾਉਣ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਤੋਂ ਪਹਿਲਾਂ ਕਾਰਜਕਾਰੀ ਪੀ.ਐੱਨ.ਡੀ.ਟੀ. ਕੋਆਰਡੀਨੇਟਰ ਡਾ. ਹਰਨੇਕ ਸਿੰਘ ਨੇ ਕਮੇਟੀ ਮੈਂਬਰਾਂ ਨੂੰ ਰਜਿਸਟ੍ਰੇਸ਼ਨ ਨਵਿਆਉਣ ਸਮੇਤ ਵੱਖ-ਵੱਖ ਏਜੰਡਿਆਂ ਬਾਰੇ ਜਾਣਕਾਰੀ ਦਿੱਤੀ। ਮੀਟਿੰਗ ਦੌਰਾਨ ਕਮੇਟੀ ਮੈਂਬਰਾਂ ਵੱਲੋਂ ਜ਼ਿਲ੍ਹੇ ਦੇ ਲਿੰਗ ਅਨੁਪਾਤ ਵਿੱਚ ਹੋਏ ਲਗਾਤਾਰ ਸੁਧਾਰ ਦੀ ਭਰਪੂਰ ਸ਼ਲਾਘਾ ਕੀਤੀ ਗਈ ਅਤੇ ਇਸ ਨੂੰ ਹੋਰ ਬਿਹਤਰ ਬਣਾਉਣ ਲਈ ਪ੍ਰਭਾਵਸ਼ਾਲੀ ਰਣਨੀਤੀਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਦੱਸਿਆ ਗਿਆ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਲਿੰਗ ਅਨੁਪਾਤ ਮਈ 2026 ਤੱਕ ਵੱਧ ਕੇ ਲਗਭਗ 950 ਤੱਕ ਪਹੁੰਚ ਗਿਆ ਹੈ, ਜੋ ਪੰਜਾਬ ਦੀ ਔਸਤ ਨਾਲੋਂ ਕਾਫ਼ੀ ਬਿਹਤਰ ਹੈ। ਕਮੇਟੀ ਨੇ ਇਸ ਨੂੰ ਸਿਹਤ ਵਿਭਾਗ, ਜ਼ਿਲ੍ਹਾ ਪ੍ਰਸ਼ਾਸਨ ਅਤੇ ਸਮਾਜ ਦੇ ਸਾਂਝੇ ਯਤਨਾਂ ਦਾ ਸਕਾਰਾਤਮਕ ਨਤੀਜਾ ਕਰਾਰ ਦਿੰਦਿਆਂ ਇਸ ਰੁਝਾਨ ਨੂੰ ਹੋਰ ਮਜ਼ਬੂਤ ਕਰਨ ਲਈ ਜਾਗਰੂਕਤਾ ਅਤੇ ਐਕਟ ਦੀ ਸਖ਼ਤੀ ਨਾਲ ਪਾਲਣਾ ਜਾਰੀ ਰੱਖਣ 'ਤੇ ਜ਼ੋਰ ਦਿੱਤਾ।
ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਪੀ.ਸੀ.ਪੀ.ਐੱਨ.ਡੀ.ਟੀ. ਐਕਟ ਨੂੰ ਪੂਰੀ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ ਅਤੇ ਇਸ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਜਾਂ ਸੰਸਥਾ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਲਿੰਗ ਅਨੁਪਾਤ ਵਿੱਚ ਹੋਰ ਸੁਧਾਰ ਲਿਆਉਣ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ ਹੈ ਅਤੇ ਸਿਹਤ ਵਿਭਾਗ ਵੱਲੋਂ ਅਲਟਰਾਸਾਊਂਡ ਕੇਂਦਰਾਂ ਦੀ ਨਿਯਮਿਤ ਜਾਂਚ ਕੀਤੀ ਜਾ ਰਹੀ ਹੈ।
ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ ਨੇ ਕਿਹਾ ਕਿ ਭਰੂਣ ਹੱਤਿਆ ਵਰਗੀ ਸਮਾਜਿਕ ਬੁਰਾਈ ਨੂੰ ਜੜ੍ਹੋਂ ਖਤਮ ਕਰਨਾ ਸਿਹਤ ਵਿਭਾਗ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਿੰਗ ਨਿਰਧਾਰਣ ਕਰਨ ਵਾਲਿਆਂ ਵਿਰੁੱਧ ਕਾਰਵਾਈ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਪੀ.ਸੀ.ਪੀ.ਐੱਨ.ਡੀ.ਟੀ. ਐਕਟ ਤਹਿਤ ਕੇਸ ਦਰਜ ਹੋਣ 'ਤੇ ਡਿਕੋਏ ਮਰੀਜ਼ ਨੂੰ 1 ਲੱਖ ਰੁਪਏ ਅਤੇ ਸੂਚਨਾ ਦੇਣ ਵਾਲੇ ਵਿਅਕਤੀ ਨੂੰ 50 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦੇਣ ਦੀ ਯੋਜਨਾ ਲਾਗੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਪਹਿਲ ਨਾਲ ਸਕੈਨਿੰਗ ਕੇਂਦਰਾਂ ਦੀ ਕਾਰਗੁਜ਼ਾਰੀ ਵਿੱਚ ਸਕਾਰਾਤਮਕ ਸੁਧਾਰ ਆਇਆ ਹੈ, ਪਰ ਐਕਟ ਦੀ ਪ੍ਰਭਾਵਸ਼ਾਲੀ ਪਾਲਣਾ ਲਈ ਨਿਰੰਤਰ ਨਿਗਰਾਨੀ ਅਤੇ ਸਖ਼ਤੀ ਜਾਰੀ ਰਹੇਗੀ।