ਤਰਨਤਾਰਨ : ਸੀ. ਆਈ. ਏ. ਸਟਾਫ ਤਰਨਤਾਰਨ ਦੀ ਪੁਲਸ ਅਤੇ ਬਦਮਾਸ਼ ਦਰਮਿਆਨ ਮੁੱਠਭੇੜ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੌਰਾਨ ਪੁਲਸ ਦੀਆਂ ਗੋਲੀਆਂ ਲੱਗਣ ਨਾਲ ਮੁਲਜ਼ਮ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਵਿਖੇ ਦਾਖਲ ਕਰਵਾ ਦਿੱਤਾ ਗਿਆ ਹੈ। ਇਸ ਦੌਰਾਨ ਪੁਲਸ ਨੇ ਮੌਕੇ ਤੋਂ ਇਕ ਪੀ.ਐਕਸ-5 ਪਿਸਤੌਲ ਅਤੇ ਮੋਟਰਸਾਈਕਲ ਨੂੰ ਕਬਜ਼ੇ ਵਿਚ ਲੈਂਦੇ ਹੋਏ ਥਾਣਾ ਸਰਹਾਲੀ ਵਿਖੇ ਪਰਚਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਸੀ.ਆਈ.ਏ ਸਟਾਫ ਤਰਨਤਾਰਨ ਦੀ ਪੁਲਸ ਨੂੰ ਗੁਪਤ ਸੂਚਨਾ ਪ੍ਰਾਪਤ ਹੋਈ ਸੀ ਕਿ ਵੱਖ-ਵੱਖ ਫਾਇਰਿੰਗ ਕਰਨ ਦੇ ਮਾਮਲਿਆਂ ਵਿਚ ਨਾਮਜ਼ਦ ਮੁਲਜ਼ਮ ਇਲਾਕੇ ਵਿਚ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿਚ ਘੁੰਮ ਰਿਹਾ ਹੈ। ਇਸ ਦੇ ਚੱਲਦਿਆਂ ਪੁਲਸ ਵੱਲੋਂ ਪੁਲ ਸੂਆ ਸਰਹਾਲੀ ਕਲਾਂ ਵਿਖੇ ਨਾਕਾਬੰਦੀ ਕਰਦੇ ਹੋਏ ਇਕ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ। ਜਿਸ ਵੱਲੋਂ ਪੁਲਸ ਪਾਰਟੀ ਉਪਰ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ ਗਈ।
ਐੱਸ. ਐੱਸ. ਪੀ. ਲਾਂਬਾ ਨੇ ਦੱਸਿਆ ਕਿ ਇਸ ਦੌਰਾਨ ਜਵਾਬੀ ਫਾਇਰਿੰਗ ਵਿਚ ਮੁਲਜ਼ਮ ਦੇ ਦੋ ਗੋਲੀਆਂ ਲੱਗਣ ਨਾਲ ਉਹ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਵਿਖੇ ਭਰਤੀ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੀ ਪਹਿਚਾਣ ਇੰਦਰ ਉਰਫ ਅਜੇ ਪੁੱਤਰ ਭੁਪਿੰਦਰ ਸਿੰਘ ਵਜੋਂ ਹੋਈ ਹੈ। ਜਿਸ ਦੇ ਖਿਲਾਫ ਥਾਣਾ ਸਦਰ ਅਤੇ ਥਾਣਾ ਸਰਹਾਲੀ ਵਿਖੇ ਚਾਰ ਮੁੱਕਦਮੇ ਫਾਇਰਿੰਗ ਕਰਨ ਨੂੰ ਲੈ ਕੇ ਦਰਜ ਹਨ।
ਐੱਸ. ਐੱਸ. ਪੀ. ਨੇ ਦੱਸਿਆ ਕਿ ਮੌਕੇ ਤੋਂ ਪੁਲਸ ਨੇ ਇਕ ਪੀ.ਐਕਸ-5 ਪਿਸਤੌਲ ਅਤੇ ਮੋਟਰਸਾਈਕਲ ਬਰਾਮਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਵੱਲੋਂ ਵੱਖ-ਵੱਖ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਚੁੱਕਾ ਸੀ ਅਤੇ ਇਹ ਲੰਮੇ ਸਮੇਂ ਤੋਂ ਪੁਲਸ ਨੂੰ ਲੋੜੀਂਦਾ ਸੀ। ਉਨ੍ਹਾਂ ਦੱਸਿਆ ਕਿ ਵਿਦੇਸ਼ ਵਿਚ ਬੈਠੇ ਮਾੜੇ ਅਨਸਰ ਛੋਟੀ ਉਮਰ ਦੇ ਨੌਜਵਾਨਾਂ ਨੂੰ ਕੁਝ ਰੁਪਏ ਦਾ ਲਾਲਚ ਦੇ ਕੇ ਆਪਣੇ ਨਿੱਜੀ ਫਾਇਦੇ ਅਤੇ ਦੇਸ਼ ਦਾ ਮਾਹੌਲ ਖਰਾਬ ਕਰਨ ਲਈ ਵਰਤੋਂ ਵਿਚ ਲਿਆ ਰਹੇ ਹਨ, ਜਿਸ ਦੇ ਸਬੰਧ ਵਿਚ ਪੁਲਸ ਵੱਲੋਂ ਸਖਤੀ ਨਾਲ ਮਾੜੇ ਅਨਸਰਾਂ ਦੇ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ।