ਸੰਗਰੂਰ : ਸੰਗਰੂਰ ਸ਼ਹਿਰ ’ਚ ਧੂਰੀ ਰੋਡ ਪੁਲ਼ ਹੇਠਾਂ ਇਕ ਲੜਕੀ ਦੀ ਲਾਸ਼ ਮਿਲਣ ਕਾਰਨ ਸਨਸਨੀ ਫੈਲ ਗਈ। ਪੁਲਸ ਨੇ ਮੌਕੇ ’ਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਜਾਂਚ ਆਰੰਭ ਕਰ ਦਿੱਤੀ। ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਸੰਗਰੂਰ ਪੁਲਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਡੀ. ਐੱਸ. ਪੀ. ਆਰ. ਦਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਮ੍ਰਿਤਕਾ ਰਜਨੀ (24) ਦੀ ਭੈਣ ਦੀਪਿਕਾ ਪੁੱਤਰੀ ਰਾਮੂ ਦੇ ਬਿਆਨਾਂ ਦੇ ਆਧਾਰ ’ਤੇ ਪੁਲਸ ਵੱਲੋਂ 194 ਤਹਿਤ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ’ਚ ਇਹ ਮਾਮਲਾ ਖ਼ੁਦਕੁਸ਼ੀ ਦਾ ਲੱਗ ਰਿਹਾ ਹੈ ਅਤੇ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਮਾਮਲਾ ਹੋਰ ਵੀ ਸਾਫ ਹੋ ਜਾਵੇਗਾ।
ਡੀ. ਐੱਸ. ਪੀ. ਨੇ ਦੱਸਿਆ ਕਿ ਰਜਨੀ ਆਪਣੀ ਭੈਣ ਦੀਪਿਕਾ ਤੇ ਜੀਜੇ ਕੋਲ ਧੂਰੀ ਰਹਿੰਦੀ ਸੀ ਅਤੇ ਨੌਕਰੀ ਦੀ ਭਾਲ ਕਰ ਰਹੀ ਸੀ। ਉਨ੍ਹਾਂ ਦੱਸਿਆ ਕਿ ਪਰਿਵਾਰ ਵੱਲੋਂ ਦਿੱਤੇ ਬਿਆਨਾਂ ਮੁਤਾਬਕ ਮ੍ਰਿਤਕਾ ਬੇਰੋਜ਼ਗਾਰੀ ਕਾਰਨ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦੀ ਸੀ ਅਤੇ ਵੀਰਵਾਰ ਨੂੰ ਵੀ ਉਹ ਨੌਕਰੀ ਲਈ ਇੰਟਰਵਿਊ ਦੇ ਕੇ ਆਈ, ਜਿਸ ’ਚ ਉਸ ਨੂੰ ਸਫਲਤਾ ਨਹੀਂ ਮਿਲੀ ਅਤੇ ਤਣਾਅ ’ਚ ਆ ਕੇ ਉਸ ਨੇ ਸੰਗਰੂਰ ਧੂਰੀ ਪੁਲ਼ ਉੱਪਰੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਜਵਾਨ ਕੁੜੀ ਦੀ ਮੌਤ ਮਗਰੋਂ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।
ਡੀ. ਐੱਸ. ਪੀ. ਨੇ ਦੱਸਿਆ ਕਿ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸੰਗਰੂਰ ਦੀ ਮੋਰਚਰੀ ’ਚ ਭੇਜ ਦਿੱਤਾ ਗਿਆ ਹੈ। ਪੁਲਸ ਵੱਲੋਂ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।