ਚੰਡੀਗੜ੍ਹ : ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ 'ਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਅਹਿਮ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸਿਰਫ ਪੰਜਾਬ ਹੀ ਨਹੀਂ, ਸਗੋਂ ਪੂਰੇ ਹਿੰਦੋਸਤਾਨ 'ਚ ਭਾਜਪਾ ਦਾ 2 ਸਾਲਾਂ ਅੰਦਰ ਨਸ਼ਾ ਖ਼ਤਮ ਕਰਨ ਦਾ ਟੀਚਾ ਹੈ। ਭਾਜਪਾ ਨੇ ਜੋ ਗੱਲ ਕਹੀ ਹੈ, ਉਹ ਕਰ ਕੇ ਦਿਖਾਈ ਹੈ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ 'ਚ ਨਸ਼ਾ ਘਰ-ਘਰ ਵਿਕ ਰਿਹਾ ਹੈ ਅਤੇ ਅਸੀਂ ਘਰ-ਘਰ ਜਾ ਕੇ ਨਸ਼ਾ ਖ਼ਤਮ ਕਰਾਂਗੇ।
ਇਸ ਮੌਕੇ ਸੁਨੀਲ ਜਾਖੜ ਅਤੇ ਕੇਵਲ ਸਿੰਘ ਢਿੱਲੋਂ ਆਪਣੀ ਪ੍ਰੈੱਸ ਕਾਨਫਰੰਸ 'ਚ ਨਸ਼ੇ ਦੀ ਭੇਂਟ ਚੜ੍ਹੇ ਪੀੜਤ ਪਰਿਵਾਰਾਂ ਨੂੰ ਲੈ ਕੇ ਪੁੱਜੇ ਸਨ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਆਉਣ ਵਾਲੀ ਸਰਕਾਰ ਭਾਜਪਾ ਦੀ ਹੋਵੇਗੀ ਅਤੇ 2 ਸਾਲਾਂ ਦੇ ਅੰਦਰ-ਅੰਦਰ ਨਸ਼ੇ ਨੂੰ ਜੜ੍ਹੋਂ ਪੁੱਟ ਦਿਆਂਗੇ। ਇਸ ਮੌਕੇ ਸੰਬੋਧਨ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਭਾਜਪਾ ਵਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਕੱਢੀ ਜਾ ਰਹੀ ਹੈ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਇਸ ਯਾਤਰਾ 'ਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਵੀ ਕੀਤੀ।