ਜਲੰਧਰ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਅੱਜ ਜਲੰਧਰ ਪਹੁੰਚੇ, ਜਿੱਥੇ ਉਨ੍ਹਾਂ ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਵਿਚ ਸਹਿਯੋਗ ਵੈੱਲਫੇਅਰ ਸੋਸਾਇਟੀ ਦੇ ਪ੍ਰੋਗਰਾਮ ਵਿਚ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਜਿੱਥੇ ਪੰਜਾਬ ਸਰਕਾਰ 'ਤੇ ਸ਼ਬਦੀ ਹਮਲੇ ਕੀਤੇ, ਉਥੇ ਹੀ ਹਰਿਆਣਾ ਵਿਚ ਕੀਤੇ ਜਾ ਰਹੇ ਭਾਜਪਾ ਦੇ ਕੰਮਾਂ ਦਾ ਜ਼ਿਕਰ ਵੀ ਕੀਤਾ। ਇਸ ਦੌਰਾਨ ਉਨ੍ਹਾਂ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਪੰਜਾਬ ਵਿਚ ਸਾਡੀ ਸਰਕਾਰ ਆਉਣ 'ਤੇ 500 ਰੁਪਏ ਵਿਚ ਸਿਲੰਡਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪਰਿਵਾਰਾਂ ਦੀ ਸਲਾਨਾ ਇਨਕਮ ਇਕ ਲੱਖ 80 ਹਜ਼ਾਰ ਰੁਪਏ ਹਨ, ਉਨ੍ਹਾਂ ਨੂੰ ਮਿਲੇਗਾ 500 ਰੁਪਏ 'ਚ ਸਿਲੰਡਰ ਮਿਲੇਗਾ। ਹਰਿਆਣਾ ਵਿਚ ਵੀ ਭਾਜਪਾ ਸਰਕਾਰ 500 ਰੁਪਏ ਵਿਚ ਸਿਲੰਡਰ ਦੇ ਰਹੀ ਹੈ।
ਮੁੱਖ ਮੰਤਰੀ ਸੈਣੀ ਨੇ ਕਿਹਾ ਕਿ ਆਉਣ ਵਾਲਾ ਸਮਾਂ ਪੰਜਾਬ ਦੀ ਤਕਦੀਰ ਬਦਲਣ ਦਾ ਸਮਾਂ ਹੈ। ਹਰਿਆਣਾ ਵਿਚ ਇਕ ਲੱਖ ਡੇਢ ਕਰੋੜ ਲੋਕਾਂ ਦਾ ਆਯੁਸ਼ਮਾਨ ਕਾਰਡ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜੋ-ਜੋ ਕੰਮ ਹਰਿਆਣਾ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਕੀਤੇ ਜਾ ਰਹੇ ਹਨ, ਉਹੀ ਲੋਕ ਭਲਾਈ ਦੇ ਕੰਮ ਪੰਜਾਬ ਵਿਚ ਵੀ ਭਾਜਪਾ ਦੀ ਸਰਕਾਰ ਬਣਨ 'ਤੇ ਕੀਤੇ ਜਾਣਗੇ। ਸੈਣੀ ਨੇ ਕਿਹਾ ਕਿ ਸਾਡੀ ਸਰਕਾਰ ਬਣੇਗੀ ਤਾਂ ਮਹਿਲਾਵਾਂ ਨੂੰ ਮਹੀਨਾਵਾਰ 2100 ਰੁਪਏ ਦੇਵੇਗੀ। ਯੂਥ ਨੂੰ ਰੁਜ਼ਗਾਰ ਦਿੱਤਾ ਜਾਵੇਗਾ। ਹਰਿਆਣਾ ਸਰਕਾਰ ਦੀ ਕਾਰਗੁਜ਼ਾਰੀ ਦਾ ਜ਼ਿਕਰ ਕਰਦੇ ਸੈਣੀ ਨੇ ਕਿਹਾ ਕਿ 12 ਸਾਲਾਂ ਵਿਚ ਹਰਿਆਣਾ ਵਿਚ 2 ਲੱਖ ਤੋਂ ਵੱਧ ਲੋਕਾਂ ਨੂੰ ਬਿਨਾਂ ਸਿਫ਼ਾਰਿਸ਼ ਦੇ ਨੌਕਰੀਆਂ ਦਿੱਤੀਆਂ ਗਈਆਂ ਹਨ। ਪ੍ਰਧਾਨ ਮੰਤਰੀ ਦੀ ਅਗਵਾਈ ਵਿਚ ਹਰਿਆਣਾ ਨੂੰ ਬੜੀ ਮਜ਼ਬੂਤੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ, ਇਸੇ ਤਰ੍ਹਾਂ ਹੀ ਪੰਜਾਬ ਵਿਚ ਵੀ ਭਾਜਪਾ ਦੀ ਸਰਕਾਰ ਬਣਨ 'ਤੇ ਪੰਜਾਬ ਨੂੰ ਮਜ਼ਬੂਤੀ ਨਾਲ ਅੱਗੇ ਵਧਾਇਆ ਜਾਵੇਗਾ।
ਪੰਜਾਬ ਸਰਕਾਰ 'ਤੇ ਕੀਤੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਚੁਟਕਲਿਆਂ ਦੀ ਸਰਕਾਰ ਹੈ। ਪੰਜਾਬ ਨੂੰ ਕੰਮ ਵਾਲੀ ਸਰਕਾਰ ਚਾਹੀਦੀ ਹੈ, ਜੋਕਿ ਮੋਦੀ ਦੀ ਅਗਵਾਈ ਵਿਚ ਹੀ ਬਣ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਪੇਪਰਾਂ ਦੇ ਨਾਂ 'ਤੇ ਭ੍ਰਿਸ਼ਟਾਚਾਰ ਹੋਇਆ ਹੈ, ਆਮ ਆਦਮੀ ਪਾਰਟੀ ਦੀ ਸਰਕਾਰ ਨੇ ਝੂਠੇ ਵਾਅਦੇ ਕਰਕੇ ਲੋਕਾਂ ਕੋਲੋਂ ਵੋਟਾਂ ਲੈਣ ਦਾ ਕੰਮ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਦੱਸਣ ਪੰਜਾਬ ਵਿਚ 5 ਸਾਲਾਂ ਵਿਚ ਕੀ-ਕੀ ਕੰਮ ਕੀਤਾ।