ਸ੍ਰੀ ਚਮਕੌਰ ਸਾਹਿਬ/ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਾ ਸਿਖਰਾਂ 'ਤੇ ਹੈ। ਸਾਰੀਆਂ ਸਿਆਸੀ ਧਿਰਾਂ ਵੱਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਦੌਰਾਨ ਦਲ-ਬਦਲੀ ਦਾ ਸਿਲਸਲਾ ਵੀ ਤੇਜ਼ ਹੋ ਗਿਆ ਹੈ। ਉਥੇ ਹੀ ਸਿਆਸਤ ਵਿਚ ਅੱਜ ਫਿਰ ਵੱਡਾ ਧਮਾਕਾ ਵੇਖਣ ਨੂੰ ਮਿਲਿਆ ਹੈ। ਦਰਅਸਲ ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਤ ਡਾ. ਚਰਨਜੀਤ ਸਿੰਘ ਚੰਨੀ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਡਾ. ਚਰਨਜੀਤ ਸਿੰਘ ਚੰਨੀ ਸ੍ਰੀ ਚਮਕੌਰ ਸਾਹਿਬ ਤੋਂ ਮੌਜੂਦਾ ਵਿਧਾਇਕ ਹਨ ਅਤੇ ਪਾਰਟੀ ਵੱਲੋਂ ਟਿਕਟ ਕੱਟੇ ਜਾਣ ਮਗਰੋਂ ਨਾਰਾਜ਼ ਚੱਲ ਰਹੇ ਸਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਪਾਰਟੀ ਵਿਚ ਜੁਆਇਨ ਕਰਵਾਇਆ।
ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਰਾਹੀਂ ਡਾ. ਚਰਨਜੀਤ ਸਿੰਘ ਦੇ ਪਾਰਟੀ 'ਚ ਸ਼ਾਮਲ ਹੋਣ ਦੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਡਾ. ਚਰਨਜੀਤ ਸਿੰਘ ਦਾ ਸਵਾਗਤ ਕਰਦਿਆਂ ਕਿਹਾ ਕਿ ਉਹ ਮੈਡੀਕਲ ਖੇਤਰ ‘ਚ ਚੰਗੀ ਪਛਾਣ ਰੱਖਦੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਡਾ. ਚਰਨਜੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਨੂੰ ਅਕਾਲੀ ਦਲ ‘ਚ ਬਣਦਾ ਮਾਣ-ਸਤਿਕਾਰ ਤੇ ਜ਼ਿੰਮੇਵਾਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਡਾ. ਚਰਨਜੀਤ ਸਿੰਘ ਦੇ ਪਾਰਟੀ 'ਚ ਆਉਣ ਨਾਲ ਇਲਾਕੇ 'ਚ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ। ਦੱਸ ਦੇਈਏ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਡਾ. ਚਰਨਜੀਤ ਸਿੰਘ ਚੰਨੀ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹਰਾਇਆ ਸੀ।
ਉਥੇ ਹੀ ਪਾਰਟੀ ਜੁਆਇਨ ਕਰਨ ਮਗਰੋਂ ਡਾ. ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਟਿਕਟ ਨਾ ਦੇਣ ਕਰਕੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵੱਲੋਂ ਨਜ਼ਰਅੰਦਾਜ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 2022 'ਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹਰਾਉਣ ਦੇ ਬਾਵਜੂਦ ਉਨ੍ਹਾਂ ਨੂੰ ਭਗਵੰਤ ਮਾਨ ਸਰਕਾਰ 'ਚ ਮੰਤਰੀ ਨਹੀਂ ਬਣਾਇਆ ਗਿਆ ਤੇ ਹੁਣ ਚੋਣਾਂ ਤੋਂ ਪਹਿਲਾਂ ਉਨ੍ਹਾਂ ਦੀ ਟਿਕਟ ਵੀ ਕੱਟ ਦਿੱਤੀ ਗਈ। ਉਨ੍ਹਾਂ ਕਿਹਾ ਕਿ ਟਿਕਟ ਕੱਟਣ ਦਾ ਕਾਰਨ ਪਾਰਟੀ ਲੀਡਰਸ਼ਿਪ ਵੱਲੋਂ ਉਨ੍ਹਾਂ ਨੂੰ ਨਹੀਂ ਦੱਸਿਆ ਗਿਆ।
ਸਾਬਕਾ ਮੁੱਖ ਮੰਤਰੀ ਚੰਨੀ ਨੂੰ ਹਰਾ ਕੇ ਸੁਰਖੀਆਂ 'ਚ ਆਏ ਸਨ ਡਾ. ਚਰਨਜੀਤ ਸਿੰਘ
ਡਾ. ਚਰਨਜੀਤ ਸਿੰਘ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਚਮਕੌਰ ਸਾਹਿਬ ਹਲਕੇ ਤੋਂ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹਰਾ ਕੇ ਸਭ ਨੂੰ ਹੈਰਾਨ ਕਰ ਦਿੱਤਾ ਸੀ। ਇਸ ਜਿੱਤ ਤੋਂ ਬਾਅਦ ਉਹ ਸੂਬੇ ਦੀ ਸਿਆਸਤ 'ਚ ਚਰਚਾ ਦਾ ਵਿਸ਼ਾ ਬਣ ਗਏ ਸਨ। ਹਾਲਾਂਕਿ 2027 ਦੀਆਂ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਉਨ੍ਹਾਂ ਦੀ ਥਾਂ ਸਾਬਕਾ ਬਸਪਾ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੂੰ ਚਮਕੌਰ ਸਾਹਿਬ ਤੋਂ ਉਮੀਦਵਾਰ ਐਲਾਨਿਆ ਹੈ। ਇਸ ਫ਼ੈਸਲੇ ਤੋਂ ਬਾਅਦ ਡਾ. ਚਰਨਜੀਤ ਸਿੰਘ ਦੀ ਪਾਰਟੀ ਲੀਡਰਸ਼ਿਪ ਨਾਲ ਨਾਰਾਜ਼ਗੀ ਸਾਹਮਣੇ ਆਉਣ ਲੱਗੀ ਸੀ।