ਨਵੀਂ ਦਿੱਲੀ/ਚੰਡੀਗੜ੍ਹ : ਅਕਾਲੀ ਦਲ ਅਤੇ ਭਾਜਪਾ 6 ਸਾਲ ਬਾਅਦ ਮੁੜ ਇਕੱਠੇ ਹੋ ਗਏ ਹਨ। ਇਸ ਦਾ ਐਲਾਨ ਅਮਿਤ ਸ਼ਾਹ, ਨਿਤਿਨ ਨਬੀਨ ਅਤੇ ਸੁਖਬੀਰ ਬਾਦਲ ਬਾਦਲ ਵੱਲੋਂ ਕੀਤੀ ਗਈ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ ਗਿਆ। ਗਠਜੋੜ ਦਾ ਐਲਾਨ ਕਰਦਿਆਂ ਅਮਿਤ ਸ਼ਾਹ ਨੇ ਕਿਹਾ ਕਿ ਭਾਜਪਾ ਅਤੇ ਅਕਾਲੀ ਇਕੱਠੇ ਹੋ ਕੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਉਤਰਣਗੇ। ਅਮਿਤ ਸ਼ਾਹ ਨੇ ਕਿਹਾ ਕਿ ਅਕਾਲੀ ਦਲ ਭਾਜਪਾ ਦਾ ਡੂੰਘਾ ਰਿਸ਼ਤਾ ਰਿਹਾ ਹੈ। ਉਹ ਦਿਲੋਂ ਸੁਖਬੀਰ ਸਿੰਘ ਬਾਦਲ ਦਾ ਸਵਾਗਤ ਕਰਦੇ ਹਨ। ਉਨ੍ਹਾਂ ਕਿਹਾ ਕਿ ਇਸ ਗਠਜੋੜ ਨਾਲ ਹਿੰਦੂ ਸਿੱਖ ਭਾਈਚਾਰਕ ਸਾਂਝ ਵਧੇਗੀ। ਅਤੇ ਪੂਰੀ ਦੁਨੀਆ ਵਿਚ ਇਹ ਗਠਜੋੜ ਮਿਸਾਲ ਕਾਇਮ ਕਰੇਗਾ।
ਵੱਡੇ ਭਰਾ ਦੀ ਭੂਮਿਕਾ 'ਚ ਹੋਵੇਗਾ ਅਕਾਲੀ ਦਲ
ਅਕਾਲੀ ਦਲ ਅਤੇ ਭਾਜਪਾ ਦਾ 6 ਸਾਲ ਬਾਅਦ ਮੁੜ ਗਠਜੋੜ ਹੋ ਗਿਆ ਹੈ। ਇਸ ਦਾ ਐਲਾਨ ਅਮਿਤ ਸ਼ਾਹ, ਨਿਤਿਨ ਨਬੀਨ ਅਤੇ ਸੁਖਬੀਰ ਬਾਦਲ ਵੱਲੋਂ ਕੀਤੀ ਗਈ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ ਗਿਆ। ਇਸ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਅਕਾਲੀ ਦਲ ਹੀ ਵੱਡੇ ਭਰਾ ਦੇ ਭੂਮਿਕਾ ਵਿੱਚ ਹੋਵੇਗਾ ਅਤੇ ਸੁਭਾਵਕ ਹੈ ਕਿ ਵੱਡਾ ਭਰਾ ਹੀ ਮੁੱਖ ਮੰਤਰੀ ਚਿਹਰੇ ਵਿਚ ਹੋਵੇਗਾ। ਅਮਿਤ ਸ਼ਾਹ ਦੇ ਇਸ ਬਿਆਨ ਤੋਂ ਬਾਅਦ ਸਾਫ ਹੋ ਗਿਆ ਹੈ ਕਿ ਸੁਖਬੀਰ ਬਾਦਲ ਹੀ ਵਿਧਾਨ ਸਭਾ ਚੋਣਾਂ ਵਿਚ ਮੁੱਖ ਮੰਤਰੀ ਚਿਹਰਾ ਹੋਣਗੇ। ਹਾਲਾਂਕਿ ਇਸ ਦੌਰਾਨ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਕਿਹਾ ਕਿ ਸੀਟ ਸ਼ੇਅਰਿੰਗ ਨੂੰ ਲੈ ਕੇ ਅਜੇ ਫਾਈਨਲ ਨਹੀਂ ਹੋਇਆ ਹੈ, ਇਸ ਦਾ ਐਲਾਨ ਵੀ ਜਲਦੀ ਹੀ ਕਰ ਦਿੱਤਾ ਜਾਵੇਗਾ।
ਕੀ ਕਿਹਾ ਸੁਖਬੀਰ ਸਿੰਘ ਬਾਦਲ ਨੇ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਸਾਂਝ ਨੂੰ ਮਹਿਜ਼ ਸਿਆਸੀ ਸਮਝੌਤਾ ਨਾ ਦੱਸਦਿਆਂ ‘ਨਹੁੰ-ਮਾਸ ਦਾ ਰਿਸ਼ਤਾ’ ਕਰਾਰ ਦਿੱਤਾ। ਆਪਣੇ ਸੰਬੋਧਨ ਦੀ ਸ਼ੁਰੂਆਤ ਕਰਦਿਆਂ ਉਨ੍ਹਾਂ ਸਭ ਤੋਂ ਪਹਿਲਾਂ ਸਮੂਹ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਸੁਖਬੀਰ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਇਹ ਗਠਜੋੜ ਸਿੱਖ ਕੌਮ ਅਤੇ ਪੰਜਾਬ ਦੇ ਵਡੇਰੇ ਹਿੱਤਾਂ ਨੂੰ ਮੁੱਖ ਰੱਖਦਿਆਂ ਕੀਤਾ ਗਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਗਠਜੋੜ ਸਦਕਾ ਹਮੇਸ਼ਾ ਪੰਜਾਬ ਵਿੱਚ ਅਮਨ-ਸ਼ਾਂਤੀ ਅਤੇ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਰਹੀ ਹੈ। ਪਿਛੋਕੜ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ 106 ਸਾਲ ਪੁਰਾਣੀ ਜਥੇਬੰਦੀ ਹੈ, ਜਿਸ ਦਾ ਦੇਸ਼, ਪੰਜਾਬ ਅਤੇ ਸਿੱਖ ਕੌਮ ਦੇ ਹਰ ਮਸਲੇ ਅਤੇ ਸੰਘਰਸ਼ ਵਿੱਚ ਸਭ ਤੋਂ ਵੱਡਾ ਯੋਗਦਾਨ ਰਿਹਾ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਦੋਵਾਂ ਪਾਰਟੀਆਂ ਦੀ ਇਹ ਮੁੜ ਹੋਈ ਸਾਂਝ ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਨਵਾਂ ਰਾਹ ਪੱਧਰਾ ਕਰੇਗੀ।