ਚੰਡੀਗੜ੍ਹ/ਹੁਸ਼ਿਆਰਪੁਰ : ਪੰਜਾਬ ਸਰਕਾਰ ਵੱਲੋਂ ਹੁਸ਼ਿਆਰਪੁਰ ਸ਼ਹਿਰ ਵਿਚ 21 ਨਵੰਬਰ ਦਿਨ ਸ਼ੁੱਕਰਵਾਰ ਨੂੰ ਛੁੱਟੀ ਐਲਾਨੀ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਆਸ਼ਿਕਾ ਜੈਨ ਵੱਲੋਂ ਜਾਰੀ ਹੁਕਮਾਂ ਵਿਚ ਆਖਿਆ ਗਿਆ ਹੈ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਸ਼ਿਰਕਤ ਕਰ ਰਹੀਆਂ ਹਨ। ਇਸ ਇਤਿਹਾਸਕ ਮੌਕੇ ਨੂੰ ਮਨਾਉਣ ਲਈ ਪੰਜਾਬ ਸਰਕਾਰ ਨੇ 4 ਨਗਰ ਕੀਰਤਨਾਂ ਦਾ ਆਯੋਜਨ ਕੀਤਾ ਹੈ ਜੋ ਕਿ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚੋਂ ਲੰਘੇਗਾ। ਇਹ ਨਗਰ ਕੀਰਤਨ ਮੁਕੇਰੀਆਂ-ਦਸੂਹਾ-ਹੁਸ਼ਿਆਰਪੁਰ-ਗੜ੍ਹਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ ਵਿਚੋਂ ਲੰਘਣਾ ਹੈ।
ਇਸ ਲਈ ਧਾਰਮਿਕ ਭਾਵਨਾ ਨੂੰ ਮੁੱਖ ਰੱਖਦੇ ਹੋਏ ਹੁਸ਼ਿਆਰਪੁਰ ਸ਼ਹਿਰ ਦੇ ਖੇਤਰ ਵਿਚ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ, ਕਾਲਜਾਂ ਵਿੱਦਿਅਕ ਅਦਾਰਿਆਂ ਵਿਚ ਮਿਤੀ 21 ਨਵੰਬਰ ਦਿਨ ਸ਼ੁੱਕਰਵਾਰ ਨੂੰ ਛੁੱਟੀ ਐਲਾਨੀ ਜਾਂਦੀ ਹੈ। ਇਥੇ ਇਹ ਵੀ ਸਪੱਸ਼ਟ ਕੀਤਾ ਜਾਂਦਾ ਹੈ ਕਿ ਜਿਨ੍ਹਾਂ ਸਕੂਲਾਂ/ਕਾਲਜਾਂ ਵਿਚ ਪ੍ਰੀਖਿਆਵਾਂ ਚੱਲ ਰਹੀਆਂ ਹਨ, ਉਹ ਖੁੱਲ੍ਹੇ ਰਹਿਣਗੇ।